ਡਿਪਟੀ ਕਮਿਸ਼ਨਰ ਨੇ ਚੋਣ ਅਮਲੇ ਨੂੰ ਚੋਣ ਡਿਊਟੀ ਬਿਨਾਂ ਦਬਾਅ ਤੋਂ ਨਿਭਾਉਣ ਦੀ ਕੀਤੀ ਹਦਾਇਤ, ਜ਼ਿਲਾ ਪੁਲਿਸ ਮੁਖੀ ਨੇ ਸਖਤ ਸੁਰੱਖਿਆ ਪ੍ਰਬੰਧਾਂ ਦਾ ਕੀਤਾ ਦਾਅਵਾ

ਮੋਗਾ 14 ਸਤੰਬਰ:-(ਜਸ਼ਨ)-ਸਮੂਹ ਚੋਣ ਅਮਲਾ ਆਗਾਮੀ ਜ਼ਿਲਾ ਪ੍ਰੀਸ਼ਦ ਤੇ ਪੰਚਾਇਤ ਸੰਮਤੀਆਂ ਦੀਆਂ ਚੋਣਾਂ ਨੂੰ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜਨ ਲਈ ਜ਼ਿਲਾ ਪ੍ਰਸਾਸ਼ਨ ਨੂੰ ਪੂਰਨ ਸਹਿਯੋਗ ਦੇਵੇ ਅਤੇ ਆਪਣੀ ਡਿਊਟੀ ਬਿਨਾਂ ਕਿਸੇ ਦਬਾਅ ਤੋਂ ਇਮਾਨਦਾਰੀ ਨਾਲ ਨਿਭਾਈ ਜਾਵੇ। ਇਹ ਪ੍ਰੇਰਨਾ ਜ਼ਿਲਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਡੀ.ਪੀ.ਐਸ ਖਰਬੰਦਾ ਆਈ.ਏ.ਐਸ ਨੇ ਮੀਟਿੰਗ ਹਾਲ ਵਿਖੇ ਜ਼ਿਲਾ ਪ੍ਰੀਸ਼ਦ ਤੇ ਪੰਚਾਇਤ ਸੰਮਤੀਆਂ ਦੇ ਚੋਣ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਸਮੂਹ ਰਿਟਰਨਿੰਗ ਅਫ਼ਸਰਾਂ/ਸਹਾਇਕ ਰਿਟਰਰਨਿੰਗ ਅਫ਼ਸਰਾਂ ਅਤੇ ਹੋਰ ਚੋਣ ਅਮਲੇ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਜਿਲਾ ਚੋਣ ਅਫ਼ਸਰ ਨੇ ਸਮੂਹ ਰਿਟਰਨਿੰਗ ਅਫਸਰਾਂ ਨੂੰ ਹਦਾਇਤ ਕੀਤੀ ਕਿ ਬੈਲਟ ਪੇਪਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ ਅਤੇ ਬੈਲਟ ਬਕਸਿਆਂ ਦੀ ਅਗੇਤਰੀ ਚੈਕਿੰਗ ਯਕੀਨੀ ਬਣਾਈ ਜਾਵੇ। ਉਨਾਂ ਨਾਜ਼ੁਕ ਪੋਲਿੰਗ ਬੂਥਾਂ ਦਾ ਨਿੱਜੀ ਤੌਰ ‘ਤੇ ਸਰਵੇਖਣ ਕਰਨ ਦੀ ਵੀ ਹਦਾਇਤ ਕੀਤੀ। ਉਨਾਂ ਚੋਣ ਅਮਲੇ ਨੂੰ ਕਿਹਾ ਕਿ ਚੋਣਾਂ ਵਿੱਚ  ਕਿਸੇ ਕਿਸਮ ਦੀ ਕੋਤਾਹੀ ਨਾ ਵਰਤੀ ਜਾਵੇ। ਉਨਾਂ ਦੱਸਿਆ ਕਿ ਜ਼ਿਲਾ ਪ੍ਰੀਸ਼ਦ ਤੇ ਪੰਚਾਇਤ ਸੰਮਤੀਆਂ ਦੀਆਂ ਚੋਣਾਂ ਲਈ ਜ਼ਿਲੇ ਦੇ 5 ਲੱਖ 50 ਹਜਾਰ 441 ਵੋਟਰ ਆਪਣੇ ਵੋਟ ਪਾਉਣ ਦੇ ਅਧਿਕਾਰ ਦਾ ਇਸਤੇਮਾਲ ਕਰਨਗੇ। ਇਨਾਂ ਵਿੱਚੋਂ 2 ਲੱਖ 94 ਹਜ਼ਾਰ 69 ਮਰਦ, 2 ਲੱਖ 56 ਹਜ਼ਾਰ 369 ਔਰਤਾਂ ਅਤੇ  3 ਤੀਜੇ ਲਿੰਗ ਦੇ ਵੋਟਰ ਸ਼ਾਮਲ ਹਨ। ਉਨਾਂ ਦੱਸਿਆ ਕਿ ਇਨਾਂ ਚੋਣਾਂ ਲਈ ਜ਼ਿਲੇ ਵਿੱਚ ਕੁੱਲ 648 ਪੋਲਿੰਗ ਬੂਥ ਸਥਾਪਿਤ ਕੀਤੇ ਗਏ ਹਨ। ਇਸ ਮੌਕੇ ਜ਼ਿਲਾ ਪੁਲਿਸ ਮੁਖੀ ਸ. ਗੁਰਪ੍ਰੀਤ ਸਿੰਘ ਤੂਰ ਨੇ ਦੱਸਿਆ ਕਿ ਜ਼ਿਲਾ ਪੁਲਿਸ ਵੱਲੋਂ ਚੋਣ ਪ੍ਰਕਿ੍ਰਆ ਨੂੰ ਅਮਨ ਤੇ ਸ਼ਾਂਤੀ ਪੂਰਵਕ ਢੰਗ ਨਾਲ ਨੇਪਰੇ ਚਾੜਨ ਲਈ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਉਨਾਂ ਦੱਸਿਆ ਕਿ ਜ਼ਿਲਾ ਪੁਲਿਸ ਵੱਲੋਂ ਸੁਰੱਖਿਆ ਦੇ ਨਜਰੀਏ ਨਾਲ ਸ਼ਨਾਖਤ ਕੀਤੇ ਨਾਜ਼ੁਕ ਪੋਲਿੰਗ ਸਟੇਸ਼ਨਾਂ ’ਤੇ ਚੋਣਾਂ ਦੌਰਾਨ ਸੁਰੱਖਿਆ ਦੇ ਵਿਸ਼ੇਸ਼ ਪ੍ਰਬੰਧ ਕੀਤੇ ਜਾਣਗੇ। ਮੀਟਿੰਗ ਵਿੱਚ ਹੋਰਨਾਂ ਤੋ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਜਗਵਿੰਦਰਜੀਤ ਸਿੰਘ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਾਜਿੰਦਰ ਬਤਰਾ, ਕਮਿਸ਼ਨਰ ਨਗਰ ਨਿਗਮ ਅਨੀਤਾ ਦਰਸ਼ੀ, ਸਮੂਹ ਉਪ ਮੰਡਲ ਮੈਜਿਸਟ੍ਰੇਟ, ਜ਼ਿਲਾ ਵਿਕਾਸ ਤੇ ਪੰਚਾਇਤ ਅਫ਼ਸਰ ਲਖਵਿੰਦਰ ਸਿੰਘ, ਸਮੂਹ ਸਹਾਇਕ ਰਿਟਰਨਿੰਗ ਅਫ਼ਸਰ, ਡੀ.ਐਸ.ਪੀਜ਼ ਤੇ ਬੀ.ਡੀ.ਪੀ.ਓਜ਼ ਤੋਂ ਇਲਾਵਾ ਹੋਰ ਅਧਿਕਾਰੀ ਵੀ ਸ਼ਾਮਲ ਹੋਏ।