ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਨੂੰ ਆਪਣੇ ਖੇਤਾਂ ਵਿੱਚ ਹੀ ਮਿਲਾਉਣ-ਡਿਪਟੀ ਕਮਿਸ਼ਨਰ

ਮੋਗਾ 24 ਸਤੰਬਰ:(ਜਸ਼ਨ)- ਡਿਪਟੀ ਕਮਿਸ਼ਨਰ ਸ੍ਰੀ ਡੀ.ਪੀ.ਐਸ. ਖਰਬੰਦਾ ਨੇ ‘ਮਿਸ਼ਨ ਤੰਦਰੁਸਤ ਪੰਜਾਬ‘ ਤਹਿਤ ਜ਼ਿਲੇ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ, ਸਗੋਂ ਇਸ ਨੂੰ ਆਪਣੇ ਖੇਤਾਂ ਵਿੱਚ ਹੀ ਮਿਲਾਉਣ ਲਈ ਹੰਭਲਾ ਮਾਰਨ। ਉਨਾਂ ਕਿਹਾ ਕਿ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾ ਕੇ ਜਿੱਥੇ ਇਨਸਾਨਾਂ ਤੇ ਪਸ਼ੂਆਂ ‘ਚ ਬੀਮਾਰੀਆਂ ਦੇ ਫ਼ੈਲਾਅ ਤੋਂ ਬਚਿਆ ਜਾ ਸਕਦਾ ਹੈ, ਉੱਥੇ ਵਾਤਾਵਰਣ ਪ੍ਰਦੂਸ਼ਣ ਤੋਂ ਵੀ ਨਿਜਾਤ ਪਾਈ ਜਾ ਸਕਦੀ ਹੈ। ਉਨਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਦੇ ਗੰਧਲੇ ਹੋਣ ਤੇ ਧੂੰਏ ਕਾਰਣ ਜਿੱਥੇ ਮਨੁੱਖੀ ਸਰੀਰ ਨੂੰ ਕਈ ਬਿਮਾਰੀਆਂ ਲੱਗਣ ਦਾ ਡਰ ਰਹਿੰਦਾ ਹੈ ਉਥੇ ਕਈ ਸੜਕ ਹਾਦਸੇ ਵੀ ਹੋ ਜਾਂਦੇ ਹਨ। ਉਨਾਂ ਦੱਸਿਆ ਕਿ ਅਜਿਹੇ ਹਾਦਸਿਆਂ ਵਿੱਚ ਕਈ ਅਨਮੋਲ ਮਨੁੱਖੀ ਜਾਨਾਂ ਅਜਾਂਈ ਚਲੀਆਂ ਜਾਂਦੀਆਂ ਹਨ। ਮੁੱਖ ਖੇਤੀਬਾੜੀ ਅਫ਼ਸਰ ਡਾ. ਪਰਮਜੀਤ ਸਿੰਘ ਬਰਾੜ ਨੇ ਦੱਸਿਆ ਕਿ ਮਿਸ਼ਨ ਅਧੀਨ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਜਾਗਰੂਕਤਾ ਕੈਪਾਂ ਰਾਹੀ ਖੇਤਾਂ ਵਿੱਚ ਰਹਿੰਦ ਖੂੰਹਦ ਨੂੰ ਸਾੜਨ ਨਾਲ ਹੋਣ ਵਾਲੇ ਬੁਰੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਉਨਾਂ ਦੱਸਿਆ ਕਿ ਕਿਸਾਨ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਹੀ ਵਾਹ ਕੇ ਫ਼ਸਲ ਤੋਂ ਵਧੇਰੇ ਝਾੜ ਪ੍ਰਾਪਤ ਕਰ ਸਕਦੇ ਹਨ। ਉਨਾ ਕਿਹਾ ਕਿ ਜੇਕਰ ਕਿਸਾਨ ਪਰਾਲੀ ਨੂੰ ਖੇਤ ਦੇ ਵਿੱਚ ਹੀ ਵਾਹ ਦੇਵੇ, ਤਾਂ ਇਸ ਨਾਲ ਜਿੱਥੇ ਧਰਤੀ ਦੀ ਉਪਜਾਊ ਸ਼ਕਤੀ ਬਰਕਰਾਰ ਰਹੇਗੀ, ਉਥੇ ਹੀ ਧਰਤੀ ਹੇਠਲੇ ਪਾਣੀ ਦੀ ਵੀ ਬੱਚਤ ਹੁੰਦੀ ਹੈ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਕਿਉਂਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਜਮੀਨ ਵਿਚਲੇ ਕਿਸਾਨ ਦੇ ਮਿੱਤਰ ਕੀੜੇ ਵੀ ਮਰ ਜਾਂਦੇ ਹਨ ਅਤੇ ਜੈਵਿਕ ਮਾਦੇ ਦੇ ਨਸ਼ਟ ਹੋਣ ਨਾਲ ਜ਼ਮੀਨ ਦੀ ਸਿਹਤ ‘ਤੇ ਵੀ ਮਾੜਾ ਅਸਰ ਪੈਂਦਾ ਹੈ। ਉਨਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਨੇੜਲੇ ਖੇਤਾਂ ਵਿੱਚ ਖੜੀ ਫ਼ਸਲ ਨੂੰ ਵੀ ਅੱਗ ਲੱਗਣ ਦਾ ਖਤਰਾ ਬਣਿਆ ਰਹਿੰਦਾ ਹੈ। ਉਨਾਂ ਇਹ ਵੀ ਕਿਹਾ ਕਿ ਕਿਸਾਨ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਲਈ ਆਧੁਨਿਕ ਖੇਤੀ ਮਸ਼ੀਨਰੀ ਜਿਵੇਂ ਕਿ ਪੈਡੀ ਚੌਪਰ-ਕਮ-ਸਪਰੈਡਰ, ਮਲਚਰ, ਸੁਪਰ ਐਸਐਮਐਸ, ਬੇਲਰ ਅਤੇ ਰੇਕਰ ਦੀ ਵਰਤੋਂ ਕਰਨ। ਉਨਾ ਕਿਹਾ ਕਿ ਜੇਕਰ ਕਿਸਾਨ ਇਸ ਮਸ਼ੀਨਰੀ ਦੀ ਵਰਤੋਂ ਕਰਕੇ ਪਰਾਲੀ ਨੂੰ ਖੇਤ ਵਿੱਚ ਹੀ ਵਾਹੁਣ ਤਾਂ ਇਸ ਨਾਲ ਜਿੱਥੇ ਕਿਸਾਨਾਂ ਦਾ ਖਰਚਾ ਘਟੇਗਾ, ਉਥੇ ਹੀ ਫ਼ਸਲ ਤੋਂ ਵਧੇਰੇ ਝਾੜ ਵੀ ਲਿਆ ਜਾ ਸਕਦਾ ਹੈ।