ਪਸ਼ੂਆਂ ਖਾਤਰ ਹਰਾ ਚਾਰਾ ਸਟੋਰ ਕਰਕੇ ਰੱਖਣ ਕਿਸਾਨ, ਦੁੱਧਾਰੂਆਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਜਾਵੇ, ਕੱਚੀਆਂ ਛੱਤਾਂ ਵਾਲੀਆਂ ਥਾਵਾਂ ‘ਤੇ ਰੱਖਣ ਤੋਂ ਕੀਤਾ ਜਾਵੇ ਗੁਰੇਜ਼ ---ਬਲਬੀਰ ਸਿੰਘ ਸਿੱਧੂ

ਚੰਡੀਗੜ, 24 ਸਤੰਬਰ: (ਜਸ਼ਨ): ਪੰਜਾਬ ਦੇ ਵੱਖ-ਵੱਖ ਭਾਗਾਂ  ਵਿੱਚ ਭਾਰੀ ਮੀਂਹ ਦੇ ਮੱਦੇਨਜ਼ਰ ਸੂਬੇ ਦੇ ਪਸ਼ੂ ਪਾਲਣ ਮੰਤਰੀ ਸ੍ਰੀ ਬਲਬੀਰ ਸਿੰਘ ਸਿੱਧੂ  ਵੱਲੋਂ ਪਸ਼ੂ ਪਾਲਣ ਲਈ ਐਡਵਾਇਜ਼ਰੀ ਜਾਰੀ ਕੀਤੀ ਹੈ। ਅੱਜ ਇੱਥੇ ਜਾਰੀ ਇੱਕ ਪ੍ਰੈਸ ਬਿਆਨ ਦੌਰਾਨ ਸ੍ਰੀ ਸਿੱਧੂ ਨੇ ਕਿਹਾ ਸੂਬੇ ਵਿੱਚ ਲਗਾਤਾਰ ਪੈ ਰਹੇ ਮੀਂਹ ਕਰਕੇ ਹੜਾਂ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਕਿਸਾਨਾਂ ਨੂੰ ਦਿੱਤੇ ਸੁਝਾਵਾਂ ਵਿੱਚ ਉਹਨਾਂ ਪਸ਼ੂਆਂ ਲਈ ਲੋੜੀਂਦੇ ਸੁਰੱਖਿਆ ਪ੍ਰਬੰਧ ਕਰਨ ‘ਤੇ ਜ਼ੋਰ ਦਿੱਤਾ। ਉਹਨਾਂ ਕਿਹਾ ਪਸ਼ੂ ਪਾਲਕ ਇਸ ਗੱਲ ਦਾ ਧਿਆਨ ਰੱਖਣ ਕਿ ਦੁੱਧਾਰੂਆਂ ਨੂੰ ਕੱਚੀਆਂ ਛੱਤਾਂ ਹੇਠ ਨਾ ਰੱਖਿਆ ਜਾਵੇ ਕਿਉਂ ਜੋ ਅਜਿਹੀ ਛੱਤਾਂ ਭਾਰੀ ਮੀਂਹ ਵਿੱਚ ਡਿੱਗ ਜਾਂਦੀਆਂ ਹਨ ਅਤੇ ਇਸ ਨਾਲ ਪਸ਼ੂਆਂ ਦਾ ਨੁਕਸਾਨ ਹੁੰਦਾ ਹੈ। ਉਹਨਾਂ ਪਸ਼ੂ ਪਾਲਕਾਂ ਨੂੰ ਅਪੀਲ ਕੀਤੀ ਕਿ ਪਸ਼ੂਆਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਜਾਵੇ।ਉਹਨਾਂ ਨੇ ਕਿਸਾਨਾਂ ਨੂੰ ਪਸ਼ੂਆਂ ਲਈ ਵੱਡੀ ਮਾਤਰਾ ਵਿੱਚ ਹਰੇ ਚਾਰੇ ਨੂੰ ਜਮਾਂ ਕਰਕੇ ਰੱਖਣ ਦੀ ਸਲਾਹ ਵੀ ਦਿੱਤੀ। ਉਹਨਾਂ ਆਮ ਜਨਤਾ ਨੂੰ ਸਾਵਧਾਨੀ ਵਰਤਣ ਅਤੇ ਬਿਨਾਂ ਕਿਸੇ ਜ਼ਰੂਰੀ  ਕੰਮ ਤੋਂ ਘਰੋਂ ਬਾਹਰ ਨਾ ਜਾਣ ਲਈ ਅਪੀਲ ਕੀਤੀ।ਸ੍ਰੀ ਸਿੱਧੂ ਨੇ ਕਿਹਾ ਕਿ ਸੂਬਾ ਸਰਕਾਰ ਕਿਸੇ ਵੀ ਅਣਸੁਖਾਵੇਂ ਹਾਲਾਤ ਨਾਲ ਨਜਿੱਠਣ ਲਈ ਤਿਆਰ ਹੈ ਅਤੇ ਇਸ ਲਈ ਫੌਜ ਨੂੰ ਹਾਈ ਅਲਰਟ ’ਤੇ ਰੱਖਿਆ ਗਿਆ ਹੈ। ਉਹਨਾਂ ਆਮ ਲੋਕਾਂ ਨੂੰ ਅਫਵਾਹਾਂ ਫੈਲਾਉਣ ਵਾਲਿਆਂ ਤੋਂ ਸੁਚੇਤ ਰਹਿਣ , ਸਮਝਦਾਰੀ  ਤੋਂ ਕੰਮ ਲੈਣ ਅਤੇ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਲਈ ਕਿਹਾ ਹੈ। 
 ***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ ।