ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੇ ਜਨਮ ਦਿਵਸ ‘ਤੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਜ਼ਿਲਾ ਤੇ ਸਬ ਡਵੀਜ਼ਨ ਪੱਧਰੀ ਕੈਂਪ ਲਗਾਏ ਜਾਣਗੇ-ਡੀ.ਪੀ.ਐਸ.ਖਰਬੰਦਾ

ਮੋਗਾ 28 ਸਤੰਬਰ:(ਜਸ਼ਨ): ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੇ 149ਵੇਂ ਜਨਮ ਦਿਵਸ ‘ਤੇ 2 ਅਕਤੂਬਰ ਨੂੰ ਜ਼ਿਲਾ ਅਤੇ ਸਬ-ਡਵੀਜ਼ਨ ਪੱਧਰ ਤੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਕੈਂਪਾਂ ਰਾਹੀ ਲੋੜਵੰਦਾਂ ਦੀ ਪਹਿਚਾਣ ਕਰਕੇ ਸਰਕਾਰੀ ਸਕੀਮਾਂ ਤੇ ਪ੍ਰੋਗਰਾਮਾਂ ਦੇ ਲਾਭ ਪ੍ਰਦਾਨ ਕੀਤੇ ਜਾਣਗੇ।ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਡੀ.ਪੀ.ਐਸ. ਖਰਬੰਦਾ ਆਈ.ਏ.ਐਸ ਨੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੇ 149ਵੇਂ ਜਨਮ ਦਿਵਸ ਸਬੰਧੀ ਸਬੰਧਤ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਜਗਵਿੰਦਰਜੀਤ ਸਿੰਘ ਗਰੇਵਾਲ, ਐਸ.ਡੀ.ਐਮ ਮੋਗਾ ਗੁਰਵਿੰਦਰ ਸਿੰਘ ਜਂੌਹਲ, ਐਸ.ਡੀ.ਐਮ ਬਾਘਾਪੁਰਾਣਾ/ਨਿਹਾਲ ਸਿੰਘ ਵਾਲਾ ਅਮਰਬੀਰ ਸਿੰਘ ਸਿੱਧੂ ਅਤੇ ਸਹਾਇਕ ਕਮਿਸ਼ਨਰ ਲਾਲ ਵਿਸਵਾਸ਼ ਬੈਂਸ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 2 ਅਕਤੂਬਰ ਨੂੰ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦਾ 149ਵਾਂ ਜਨਮ ਦਿਵਸ ਜ਼ਿਲਾ ਤੇ ਸਬ ਡਵੀਜ਼ਨ ਪੱਧਰ ‘ਤੇ ਮਨਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਇਸ ਦਾ ਮੁੱਖ ਉਦੇਸ਼ ਸਾਰੇ ਵਰਗਾਂ ਦਾ ਸੰਪੂਰਨ ਵਿਕਾਸ ਤੇ ਸਮਾਨਤਾ ਨੂੰ ਯਕੀਨੀ ਬਣਾਉਣਾ ਹੈ। ਉਨਾਂ ਦੱਸਿਆ ਕਿ ਸਬ ਡਵੀਜ਼ਨ ਪੱਧਰ ‘ਤੇ ਕੈਂਪਾਂ ਰਾਹੀਂ ਆਮ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਵੱਖ-ਵੱਖ ਭਲਾਈ ਸਕੀਮਾਂ ਬਾਰੇ ਜਾਗਰੂਕ ਕੀਤਾ ਜਾਵੇਗਾ ਅਤੇ ਇਨਾਂ ਸਕੀਮਾਂ ਦੇ ਲਾਭ ਤੋਂ ਵਾਂਝੇ ਲੋਕਾਂ ਦੇ ਮੌਕੇ ‘ਤੇ ਫ਼ਾਰਮ ਭਰੇ ਜਾਣਗੇ। ਉਨਾਂ ਦੱਸਿਆ ਕਿ ਇਨਾਂ ਸਕੀਮਾਂ ਵਿੱਚ 14 ਵਿਭਾਗਾਂ ਦੀਆਂ ਵੱਖ-ਵੱਖ ਸਕੀਮਾਂ ਜਿਵੇ ਕਿ ਸ਼ਗਨ ਸਕੀਮ, ਮਗਨਰੇਗਾ, ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ, ਆਟਾ ਦਾਲ ਸਕੀਮ, ਪ੍ਰੀ ਮੈਟਿ੍ਰਕ ਤੇ ਪੋਸਟ ਮੈਟਿ੍ਰਕ ਸ਼ਕਾਲਰਸ਼ਿਪ ਸਕੀਮ, ਪੈਨਸ਼ਨ ਸਕੀਮ ਅਤੇ ਮੁਦਰਾ ਲੋਨ ਆਦਿ ਸਕੀਮਾਂ ਸ਼ਾਮਲ ਹਨ।ਉਨਾਂ ਕਿਹਾ ਕਿ ਸਰਕਾਰ ਦੀਆਂ ਭਲਾਈ ਸਕੀਮਾਂ ਤੋਂ ਵਾਂਝੇ ਲੋੜਵੰਦ ਵਿਅਕਤੀਆਂ ਨੂੰ ਇਨਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ। ਸ੍ਰੀ ਖਰਬੰਦਾ ਨੇ ਹੋਰ ਦੱਸਿਆ ਕਿ ਇਸ ਤੋਂ ਇਲਾਵਾ ਜ਼ਿਲਾ ਤੇ ਸਬ ਡਵੀਜ਼ਨ ਪੱਧਰ ‘ਤੇ ਆਮ ਲੋਕਾਂ ਨੂੰ ਅਹਿੰਸਾ, ਫ਼ਿਰਕੂ ਸਦਭਾਵਨਾ ਅਤੇ ਸ਼ਾਂਤੀ ਦਾ ਸੁਨੇਹਾ ਦੇਣ ਲਈ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਸ਼ਾਂਤੀ ਮਾਰਚ ਵੀ ਕੱਢੇ ਜਾਣਗੇ। ਉਨਾਂ ਦੱਸਿਆ ਕੇ ਸਬ ਡਵੀਜ਼ਨ ਮੋਗਾ ਦਾ ਸ਼ਾਂਤੀ ਮਾਰਚ ਭੁਪਿੰਦਰਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਤੋਂ ਸ਼ੁਰੂ ਹੋ ਕੇ ਦਫਤਰ ਡਿਪਟੀ ਕਮਿਸ਼ਨਰ ਮੋਗਾ ਵਿਖੇ ਖਤਮ ਹੋਵੇਗਾ। ਇਸੇ ਤਰਾਂ ਸਬ ਡਵੀਜ਼ਨ ਬਾਘਾਪੁਰਾਣਾ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਘਾਪੁਰਾਣਾ ਤੋਂ ਦਫਤਰ ਉਪ ਮੰਡਲ ਮੈਜਿਸਟ੍ਰੇਟ ਬਾਘਾਪੁਰਾਣਾ, ਨਿਹਾਲ ਸਿੰਘ ਵਾਲਾ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਿਹਾਲ ਸਿੰਘ ਵਾਲਾ ਤੋਂ ਦਫਤਰ ਉਪ ਮੰਡਲ ਮੈਜਿਸਟ੍ਰੇਟ ਨਿਹਾਲ ਸਿੰਘ ਵਾਲਾ ਅਤੇ ਧਰਮਕੋਟ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਰਮਕੋਟ ਤੋਂ ਦਫਤਰ ਉਪ ਮੰਡਲ ਮੈਜਿਸਟ੍ਰੇਟ ਧਰਮਕੋਟ ਵਿਖੇ ਸਮਾਪਤ ਹੋਵੇਗਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਤਹਿਸੀਲਦਾਰ ਧਰਮਕੋਟ ਪਵਨ ਕੁਮਾਰ ਗੁਲਾਟੀ, ਜ਼ਿਲਾ ਰਜਿਸਟਰਾਰ ਕੋ-ਅਪਰੇਟਿਵ ਸੋਸਾਇਟੀ ਕੁਲਦੀਪ ਕੁਮਾਰ, ਸਹਾਇਕ ਪ੍ਰੋਜੈਕਟ ਅਫ਼ਸਰ ਰਾਮ ਪ੍ਰਵੇਸ਼ ਚੌਧਰੀ ਅਤੇ ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਹਾਜ਼ਰ ਸਨ।