‘ਮਿਸ਼ਨ ਤੰਦਰੁਸਤ ਪੰਜਾਬ‘ ਤਹਿਤ ਪਿੰਡ ਪੰਡੋਰੀ ਅਰਾਈਆਂ ਵਿਖੇ ਕਿਸਾਨ ਸਿਖਲਾਈ ਤੇ ਜਾਗਰੂਕਤਾ ਕੈਂਪ ਲਗਾਇਆ ਗਿਆ

ਮੋਗਾ 30 ਸਤੰਬਰ:(ਜਸ਼ਨ): ਪੰਜਾਬ ਸਰਕਾਰ ਵੱਲੋਂ ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਖੇਤੀਬਾੜੀ ਵਿਭਾਗ ਮੋਗਾ ਵੱਲੋਂ ਕਿਸਾਨ ਜਾਗਰੂਕਤਾ ਤੇ ਸਿਖਲਾਈ ਕੈਂਪਾਂ ਰਾਹੀਂ ਜ਼ਮੀਨੀ ਪੱਧਰ ‘ਤੇ ਕਿਸਾਨਾਂ ਵਿੱਚ ਪਰਾਲੀ ਸਾੜਨ ਦੇ ਰੁਝਾਨ ਨੂੰ ਅਸਰਦਾਰ ਢੰਗ ਨਾਲ ਠੱਲ ਪਾਉਣ ਦੇ ਯਤਨ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ: ਪਰਮਜੀਤ ਸਿੰਘ ਬਰਾੜ ਨੇ ਦੱਸਿਆ ਕਿ ‘ਮਿਸ਼ਨ ਤੰਦਰੁਸਤ ਪੰਜਾਬ‘ ਤਹਿਤ ਪਿੰਡ ਪੰਡੋਰੀ ਅਰਾਈਆਂ ਵਿਖੇ ਕਿਸਾਨ ਸਿਖਲਾਈ ਤੇ ਜਾਗਰੂਕਤਾ ਕੈਂਪ ਲਗਾਇਆ ਗਿਆ। ਉਨਾਂ ਦੱਸਿਆ ਕਿ ਇਨਾਂ ਕੈਂਪਾਂ ਰਾਹੀਂ ਪਰਾਲੀ ਨੂੰ ਅੱਗ ਲਗਾਉਣ ਕਾਰਣ ਵਾਤਾਵਰਣ ਅਤੇ ਮਨੁੱਖੀ ਸਿਹਤ ਨੂੰ ਹੋਣ ਵਾਲੇ ਖਤਰਨਾਕ ਨੁਕਸਾਨ ਤੋਂ ਵੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਏ ਬਿਨਾਂ ਆਧੁਨਿਕ ਤਕਨੀਕਾਂ ਰਾਹੀਂ ਖੇਤ ‘ਚ ਹੀ ਵਾਹ ਕੇ ਜ਼ਮੀਨ ਦੀ ਉਪਜਾਊ ਸ਼ਕਤੀ ਤੇ ਵਾਤਾਵਰਣ ਦੀ ਸਾਂਭ-ਸੰਭਾਲ ‘ਚ ਯੋਗਦਾਨ ਪਾਉਣਾ ਚਾਹੀਦਾ ਹੈ। ਉਨਾਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਥਾਂ ਇਸ ਦੇ ਨਿਪਟਾਰੇ ਦੀ ਹੁਣੇ ਤੋਂ ਹੀ ਵਿਉਂਤਬੰਦੀ ਕਰਨ ਦੀ ਅਪੀਲ ਵੀ ਕੀਤੀ।
ਇਸ ਮੌਕੇ ਬਲਾਕ ਖੇਤੀਬਾੜੀ ਅਫ਼ਸਰ ਕੋਟ ਈਸੇ ਖਾਂ ਡਾ: ਸੁਖਦੇਵ ਸਿੰਘ ਨੇ ਕਿਸਾਨਾਂ ਨੁੂੂੰ ਪੰਜਾਬ ਸਰਕਾਰ ਵੱਲੋਂ ਖੇਤੀਬਾੜੀ ਵਿਭਾਗ ਰਾਹੀਂ ਚਲਾਈਆਂ ਜਾ ਰਹੀਆਂ ਸਬਸਿਡੀ ਸਕੀਮਾਂ ਬਾਰੇ ਵਿਸਥਾਰ-ਪੂਰਵਿਕ ਜਾਣਕਾਰੀ ਦਿੱਤੀ। ਉਨਾਂ ਦੱਸਿਆ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜ਼ਮੀਨ ਦੀ ਸਿਹਤ ਦੇ ਨਾਲ-ਨਾਲ ਮਨੁੱਖੀ ਸਿਹਤ ‘ਤੇ ਵੀ ਮਾੜਾ ਪ੍ਰਭਾਵ ਪੈਂਦਾ ਹੈ। ਉਨਾਂ ਕਿਸਾਨਾਂ ਨੁੰ ਕਣਕ ਦੀ ਬਿਜਾਈ ਹੈਪੀ ਸੀਡਰ ਨਾਲ ਕਰਨ ਲਈ ਪ੍ਰੇਰਿਤ ਕੀਤਾ। ਡਾ: ਹਰਿੰਦਰਪਾਲ ਸ਼ਰਮਾ ਨੇ ਕਿਸਾਨਾਂ ਨੂੰ ਝੋਨੇ ਦੀ ਫ਼ਸਲ ‘ਤੇ ਖੇਤੀ ਮਾਹਿਰਾਂ ਵੱਲੋਂ ਸਿਫ਼ਾਰਸ-ਸੁਦਾ ਅਤੇ ਲੋੜ ਅਨੁਸਾਰ ਦਵਾਈਆਂ ਦੀ ਹੀ ਵਰਤੋਂ ਕਰਨ ਲਈ ਕਿਹਾ। ਉਨਾਂ ਕਿਸਾਨਾਂ ਨੂੰ ਬਾਸਮਤੀ ਫ਼ਸਲ ਵਿੱਚ ਐਸੀਫ਼ੇਟ, ਕਾਰਬੈਂਡਾਜ਼ਿਮ, ਥਾਇਓਮਿਥਾਕਮ, ਟਰਾਈਜੈਫ਼ਾਸ ਅਤੇ ਟਰਾਈਸਾਈਕਲਾਜੈਲ ਦਵਾਈਆਂ ਦੀ ਵਰਤੋਂ ਨਾ ਕਰਨ ਲਈ ਵੀ ਜਾਗਰੂਕ ਕੀਤਾ। ਇਸ ਮੌਕੇ ਕੁਲਵਿੰਦਰ ਸਿੰਘ ਬੀ.ਟੀ.ਐਮ ਨੇ ਕਿਸਾਨਾਂ ਦਾ ਧੰਨਵਾਦ ਕੀਤਾ। 
***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ ।