ਗਾਂਧੀ ਜੇਅੰਤੀ ਮੌਕੇ ਲਗਾਏ ਜ਼ਿਲਾ ਪੱਧਰੀ ਕੈਂਪ ‘ਚ 2 ਹਜ਼ਾਰ 847 ਲਾਭਪਾਤਰੀਆਂ ਨੂੰ ਪ੍ਰਵਾਨਗੀ ਪੱਤਰ ਕੀਤੇ ਗਏ ਜਾਰੀ,ਸਰਬੱਤ ਵਿਕਾਸ ਯੋਜਨਾ ਦਾ ਮਕਸਦ ਲੋਕਾਂ ਨੂੰ ਬਣਦਾ ਲਾਭ ਦਿਵਾਉਣਾ :-ਸ੍ਰੀਮਤੀ ਅਰੁਨਾ ਚੌਧਰੀ

ਮੋਗਾ 2 ਅਕਤੂਬਰ:(ਜਸ਼ਨ)-ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੇ ਸਮੁੱਚੇ ਦੇਸ਼ ਨੂੰ ਅਹਿੰਸਾ ਦਾ ਪਾਠ ਪੜਾਇਆ ਅਤੇ ਅਹਿੰਸਾ ਦੇ ਰਾਹ ‘ਤੇ ਚੱਲਦਿਆਂ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਆਜ਼ਾਦੀ ਸੰਘਰਸ ਵਿੱਚ ਅਹਿਮ ਯੋਗਦਾਨ ਪਾਇਆ, ਜਿਸ ਸਦਕਾ ਅੱਜ ਅਸੀਂ ਆਜ਼ਾਦ ਫ਼ਿਜ਼ਾ ਦਾ ਆਨੰਦ ਮਾਣ ਰਹੇ ਹਾਂ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਅਤੇ ਟਰਾਂਸਪੋਰਟ ਮੰਤਰੀ ਪੰਜਾਬ ਸ੍ਰੀਮਤੀ ਅਰੁਨਾ ਚੌਧਰੀ ਨੇ ਮਹਾਤਮਾ ਗਾਂਧੀ ਜੀ ਦੇ 149ਵੇਂ ਜਨਮ ਦਿਵਸ ਮੌਕੇ ਜ਼ਿਲਾ ਪੱਧਰੀ ਸਮਾਗਮ ਦੌਰਾਨ ਲੋਕਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਸ੍ਰੀਮਤੀ ਅਰੁਨਾ ਚੌਧਰੀ ਨੇ ਜ਼ਿਲੇ ਦੇ ਲੋਕਾਂ ਨੂੰ ਗਾਂਧੀ ਜੈਅੰਤੀ ਦੀ ਵਧਾਈ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਾਂਹਵਧੂ ਸੋਚ ਅਤੇ ਗਤੀਸ਼ੀਲ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਅੱਜ ਦੇ ਇਤਿਹਾਸਕ ਦਿਹਾੜੇ ਮੌਕੇ ਜਿੱਥੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ, ਉਥੇ ਸਰਕਾਰ ਦੀਆਂ ਤਿੰਨ ਮਹੱਤਵ-ਪੂਰਣ ਸਕੀਮਾਂ ਘਰ-ਘਰ ਰੋਜ਼ਗਾਰ, ਖੇਤੀਬਾੜੀ ਕਰਜ਼ਾ ਮੁਆਫ਼ੀ ਅਤੇ ਮਿਸ਼ਨ ਤੰਦਰੁਸਤ ਪੰਜਾਬ ਨੂੰ ਪੂਰੇ ਜ਼ੋਰ-ਸ਼ੋਰ ਨਾਲ ਲਾਗੂ ਕੀਤਾ ਜਾ ਰਿਹਾ ਹੈ। ਉਨਾਂ ਦੱਸਿਆ ਕਿ ਨੌਜਵਾਨਾਂ ਨੂੰ ਚੰਗੀ ਸੇਧ ਅਤੇ ਰੋਜ਼ਗਾਰ ਮੁਹੱਈਆ ਕਰਵਾਉਣਾ ਹਰ ਸਰਕਾਰ ਦਾ ਮੁੱਢਲਾ ਫ਼ਰਜ਼ ਹੈ, ਜਿਸ ‘ਤੇ ਪੰਜਾਬ ਸਰਕਾਰ ਸਖਤੀ ਨਾਲ ਪਹਿਰਾ ਦੇ ਰਹੀ ਹੈ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ‘ਘਰ-ਘਰ ਰੋਜ਼ਗਾਰ ਸਕੀਮ‘ ਤਹਿਤ ਕਰੀਬ 1,400 ਕੰਪਨੀਆਂ ਰਾਹੀਂ ਰੋਜ਼ਗਾਰ ਮੇਲੇ ਲਗਾ ਕੇ ਹੁਣ ਤੱਕ ਸਿੱਧੇ ਤੇ ਅਸਿੱਧੇ ਤੌਰ ’ਤੇ ਪੌਣੇ ਦੋ ਲੱਖ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਗਿਆ ਹੈ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਨੌਜਵਾਨਾਂ ਨੂੰ ਕਾਲਜ ਕੈਂਪਸ ਤੋਂ ਹੀ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਉਪਰਾਲੇ ਕੀਤੇ ਜਾ ਰਹੇ ਹਨ।
ਸ੍ਰੀਮਤੀ ਅਰੁਨਾ ਚੌਧਰੀ ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਕਾਰ ਬਣਦਿਆਂ ਹੀ ਸਭ ਤੋਂ ਪਹਿਲਾਂ ਕਿਸਾਨਾਂ ਨਾਲ ਕੀਤਾ ਵਾਅਦਾ ਪੂਰਾ ਕਰਦਿਆਂ ਫ਼ਸਲੀ ਕਰਜ਼ਿਆਂ ਨੂੰ ਮੁਆਫ਼ ਕੀਤਾ ਅਤੇ ਪਹਿਲੇ ਪੜਾਅ ਵਿੱਚ ਢਾਈ ਏਕੜ ਤੱਕ ਜ਼ਮੀਨ ਦੀ ਮਾਲਕੀ ਵਾਲੇ ਨਿਮਨ ਕਿਸਾਨਾਂ ਦੇ 2 ਲੱਖ ਰੁੁਪਏ ਦੇ ਕਰਜ਼ੇ ਮੁਆਫ ਗਏ। ਉਨਾਂ ਕਿਹਾ ਕਿ ਅਗਲੇ ਪੜਾਅ ਤਹਿਤ ਪੰਜਾਬ ਸਰਕਾਰ ਵੱਲੋ ਢਾਈ ਏਕੜ ਤੋਂ 5 ਏਕੜ ਜ਼ਮੀਨ ਤੱਕ ਮਾਲਕੀ ਵਾਲੇ ਦਰਮਿਆਨੇ ਕਿਸਾਨਾਂ ਦੇ ਕੋਆਪਰੇਟਿਵ ਬੈਂਕਾਂ ਤੋਂ ਲਏ ਕਰਜ਼ੇ ਮੁਆਫ ਕੀਤੇ ਜਾਣਗੇ ਅਤੇ ਇਹ ਪੜਾਅ ਅਗਲੇ ਸਾਲ ਜਨਵਰੀ ਮਹੀਨੇ ਤੱਕ ਪੂਰਾ ਕਰ ਲਿਆ ਜਾਵੇਗਾ। ਉਨਾਂ ਦੱਸਿਆ ਕਿ ਕਰਜ਼ਾ ਮੁਆਫ਼ੀ ਸਕੀਮ ਦਾ ਫ਼ਾਇਦਾ ਕੁੱਲ ਮਿਲਾ ਕੇ 10 ਲੱਖ ਤੋਂ ਵੱਧ ਕਿਸਾਨਾਂ ਨੂੰ ਮਿਲੇਗਾ। ਉਨਾਂ ਕਿਹਾ ਕਿ ਮੁੱਖ ਮੰਤਰੀ ਜੀ ਦੇ ਇੱਕ ਹੋਰ ਸੁਪਨਮਈ ਪ੍ਰੋਜੈਕਟ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਪੰਜਾਬ ਵਾਸੀਆਂ ਨੂੰ ਸਾਫ-ਸੁਥਰਾ ਵਾਤਾਵਰਣ ਅਤੇ ਸ਼ੁੱਧ ਖਾਣ-ਪੀਣ ਦੀਆਂ ਵਸਤਾਂ ਮੁਹੱਈਆ ਕਰਨ ਲਈ ਸਰਕਾਰ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਸ ਪ੍ਰੋਜੈਕਟ ਤਹਿਤ ਮਿਲਵਾਟਖੋਰੀ ਨੂੰ ਜੜੋਂ ਖਤਮ ਕੀਤਾ ਜਾ ਰਿਹਾ ਹੈ। ਉਨਾਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾ ਕੇ ਆਪਣੇ ਅਤੇ ਆਪਣੇ ਪ੍ਰੀਵਾਰਾਂ ਲਈ ਸ਼ੁੱਧ ਵਾਤਾਵਰਣ ਸਿਰਜਣ ਵਿੱਚ ਆਪਣਾ ਯੋਗਦਾਨ ਪਾਉਣ ਦੀ ਅਪੀਲ ਵੀ ਕੀਤੀ। ਉਨਾਂ ਕਿਹਾ ਕਿ ਆਜ਼ਾਦੀ ਸੰਘਰਸ ਵਿੱਚ ਮੋਗਾ ਜ਼ਿਲੇ ਨੇ ਵੱਡਾ  ਯੋਗਦਾਨ ਪਾਇਆ ਅਤੇ ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਜੀ ਇਸ ਜ਼ਿਲੇ ਦੇ ਪਿੰਡ ਢੁੱਡੀਕੇ ਦੇ ਹੀ ਰਹਿਣ ਵਾਲੇ ਸਨ। ਮੰਤਰੀ ਵੱਲੋਂ ਜ਼ਿਲਾ ਪੱਧਰੀ ਕੈਂਪ ਵਿੱਚ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਵਿਭਾਗਾਂ ਦੀਆਂ ਸਕੀਮਾਂ ਜਿਵੇਂ ਸ਼ਗਨ ਸਕੀਮ, ਉਜਵਲਾ ਯੋਜਨਾ, ਜਲ ਸਪਲਾਈ. ਤੇ ਟੁਆਲਿਟ ਸਕੀਮ, ਮਗਨਰੇਗਾ, ਮੁਫ਼ਤ ਬਿਜਲੀ ਯੂਨਿਟ, ਪ੍ਰਧਾਨ ਮੰਤਰੀ ਰੋਜ਼ਗਾਰ ਗਾਰੰਟੀ ਯੋਜਨਾ, ਮੁਦਰਾ ਲੋਨ,ਪੈਨਸ਼ਨ ਸਕੀਮ ਅਤੇ ਬੱਸ ਪਾਸ ਆਦਿ ਦੇ ਲਗਭੱਗ 2,847 ਲਾਭਪਾਤਰੀਆਂ ਨੂੰ ਪ੍ਰਵਾਨਗੀ ਪੱਤਰ ਜਾਰੀ ਕੀਤੇ ਗਏ ਅਤੇ ਨਵੇਂ ਲਾਭਪਾਤਰੀਆਂ ਦੇ ਮੌਕੇ ‘ਤੇ ਹੀ ਵੱਡੀ ਗਿਣਤੀ ‘ਚ ਫ਼ਾਰਮ ਭਰੇ ਗਏ। ਇਸ ਤੋਂ ਪਹਿਲਾਂ ਭੁਪਿੰਦਰਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਤੋਂ ਵਿਦਿਆਰਥੀਆਂ ਵੱਲੋਂ ਸ਼ਾਂਤੀ ਮਾਰਚ ਕੱਢਿਆ ਗਿਆ। ਜ਼ਿਲੇ ਵਿੱਚ ਸਬ-ਡਵੀਜ਼ਨ ਪੱਧਰ ‘ਤੇ ਬਾਘਾਪੁਰਾਣਾ, ਧਰਮਕੋਟ ਅਤੇ ਨਿਹਾਲ ਸਿੰਘ ਵਾਲਾ ਵਿਖੇ ਵੀ ਕੈਂਪ ਲਗਾ ਕੇ ਲਾਭਪਾਤਰੀਆਂ ਨੂੰ ਸਰਕਾਰੀ ਸਕੀਮਾਂ ਅਤੇ ਪ੍ਰੋਗਰਾਮਾਂ ਬਾਰੇ ਜਾਗਰੂਕ ਕਰਨ ਦੇ ਨਾਲ ਫ਼ਾਰਮ ਵੀ ਭਰੇ ਗਏ ਅਤੇ ਸ਼ਾਂਤੀ ਮਾਰਚਾਂ ਦਾ ਵੀ ਆਯੋਜਨ ਕੀਤਾ ਗਿਆ। ਬਾਅਦ ਵਿੱਚ ਪੱਤਰਕਾਰਾਂ ਨਾਂਲ ਗੱਲਬਾਤ ਕਰਦਿਆਂ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬਿਹਤਰ ਆਵਾਜਾਈ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਜਲਦੀ ਹੀ ਕਰੀਬ 100 ਨਵੀਆਂ ਬੱਸਾਂ ਪਾਈਆਂ ਜਾ ਰਹੀਆਂ ਹਨ। ਉਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਜੀ ਦੀ ਦੂਰ-ਅੰਦੇਸ਼ੀ ਸੋਚ ਸਦਕਾ ਸੂਬੇ ਦੇ ਸਰਬਪੱਖੀ ਵਿਕਾਸ ਲਈ ਸ਼ੁਰੂ ਕੀਤੀ ਗਈ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਦਾ ਮਕਸਦ ਉਨਾਂ ਲੋਕਾਂ ਨੂੰ ਬਣਦਾ ਲਾਭ ਦਿਵਾਉਣਾ ਹੈ, ਜੋ ਯੋਗਤਾ ਹੋਣ ਦੇ ਬਾਵਜੂਦ ਕਿਸੇ ਕਾਰਨ ਸਰਕਾਰੀ ਯੋਜਨਾਵਾਂ ਦਾ ਲਾਭ ਲੈਣ ਤੋਂ ਵਾਂਝੇ ਹਨ।ਉਨਾਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਇਨਾਂ ਸਕੀਮਾਂ ਦਾ ਜ਼ਮੀਨੀ ਪੱਧਰ ‘ਤੇ ਲੋੜਵੰਦ ਲੋਕਾਂ ਨੂੰ 30 ਦਿਨਾਂ ਦੇ ਅੰਦਰ-ਅੰਦਰ ਲਾਭ ਮੁਹੱਈਆ ਕਰਵਾਉਣ ਅਤੇ ਇਨਾਂ ਸਕੀਮਾਂ ਦੇ ਕੰਮ ਵਿੱਚ ਹੋਰ ਤੇਜ਼ੀ ਲਿਆਉਣ ਦੇ ਆਦੇਸ਼ ਦਿੱਤੇ ਗਏ ਹਨ। ਇਸ ਮੌਕੇ ਵਿਧਾਇਕ ਮੋਗਾ ਡਾ: ਹਰਜੋਤ ਕਮਲ ਨੇ ਲੋਕਾਂ ਨੂੰ ਗਾਂਧੀ ਜੈਅੰਤੀ ਦੇ ਸ਼ੁੱਭ ਅਵਸਰ ‘ਤੇ ਮੁਬਾਰਕਵਾਦ ਦਿੰਦਿਆਂ ਕਿਹਾ ਕਿ ਮਹਾਤਮਾ ਗਾਂਧੀ ਜੀ ਨੇ ਸਾਨੂੰ ਅਹਿੰਸਾ, ਸਚਾਈ ਅਤੇ ਸ਼ਾਂਤੀ ਦਾ ਸੰਦੇਸ਼ ਦਿੱਤਾ। ਉਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਉਸਾਰੂ ਅਤੇ ਵਿਕਾਸਮਈ ਸੋਚ ਦੇ ਸਾਰਥਿਕ ਨਤੀਜੇ ਸਾਹਮਣੇ ਆ ਰਹੇ ਹਨ। ਉਨਾਂ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਆਰੰਭੀਆਂ ਗਈਆਂ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਵੀ ਕੀਤੀ। ਕਾਂਗਰਸ ਦੇ ਜ਼ਿਲਾ ਪ੍ਰਧਾਨ ਸ਼ਹਿਰੀ ਸ੍ਰੀ ਵਿਨੋਦ ਬਾਂਸਲ ਨੇ ਮੰਤਰੀ ਜੀ ਦਾ ਧੰਨਵਾਦ ਕਰਦਿਆਂ ਸਰਕਾਰ ਦੀਆਂ ਭਲਾਈ ਸਕੀਮਾਂ ਬਾਰੇ ਚਾਨਣਾ ਪਾਇਆ। ਡਿਪਟੀ ਕਮਿਸ਼ਨਰ ਸ੍ਰੀ ਡੀ.ਪੀ.ਐਸ ਖਰਬੰਦਾ ਨੇ ਮੰਤਰੀ ਨੂੰ ਜੀ ਆਇਆਂ ਕਹਿੰਦਿਆਂ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਅਪਨਾਉਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ ਬਾਘਾਪੁਰਾਣਾ ਸ. ਦਰਸ਼ਨ ਸਿੰਘ ਬਰਾੜ, ਵਿਧਾਇਕ ਧਰਮਕੋਟ ਸੁਖਜੀਤ ਸਿੰਘ ਲੋਹਗੜ, ਸਾਬਕਾ ਮੰਤਰੀ ਡਾ: ਮਾਲਤੀ ਥਾਪਰ, ਕਾਂਗਰਸ ਦੀ ਸਾਬਕਾ ਜ਼ਿਲਾ ਪ੍ਰਧਾਨ ਬੀਬੀ ਜਗਦਰਸ਼ਨ ਕੌਰ, ਸੀਨੀਅਰ ਕਪਤਾਨ ਪੁਲਿਸ ਗੁਰਪ੍ਰੀਤ ਸਿੰਘ ਤੂਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਾਜਿੰਦਰ ਬਤਰਾ, ਸਹਾਇਕ ਕਮਿਸ਼ਨਰ ਲਾਲ ਵਿਸਵਾਸ਼ ਬੈਂਸ, ਐਸ.ਡੀ.ਐਮ ਮੋਗਾ ਗੁਰਵਿੰਦਰ ਸਿੰਘ ਜੌਹਲ, ਜਗਦਰਸ਼ਨ ਕੌਰ, ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ, ਜਗਰੂਪ ਸਿੰਘ ਤਖਤੂਪੁਰਾ, ਹਰਭਜਨ ਸਿੰਘ ਸੋਸਨ,ਸੋਹਣ ਸਿੰਘ ਸੱਗੂ ,ਕਰਨੈਲ ਸਿੰਘ ਦੌਧਰੀਆ ,ਹਰਨੇਕ ਸਿੰਘ ਰਾਮੂਵਾਲਾ ਸੀਨੀਅਰ ਕਾਂਗਰਸੀ ਆਗੂ,ਕੌਂਸਲਰ ਨਰਿੰਦਰਪਾਲ ਸਿੱਧੂ ਅਤੇ ਵੱਖ-ਵੱਖ ਭਲਾਈ ਸਕੀਮਾਂ ਦੇ ਵੱਡੀ ਗਿਣਤੀ ‘ਚ ਲਾਭਪਾਤਰੀ ਹਾਜ਼ਰ ਸਨ।