ਸ੍ਰੀ ਸੰਦੀਪ ਹੰਸ ਨੇ ਮੋਗਾ ਦੇ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ,ਪੁਲੀਸ ਗਾਰਦ ਵੱਲੋਂ ‘ਗਾਰਡ ਆਫ਼ ਆਨਰ’ ਪੇਸ਼

ਮੋਗਾ 3 ਅਕਤੂਬਰ:(ਜਸ਼ਨ): ਸ੍ਰੀ ਸੰਦੀਪ ਹੰਸ ਆਈ.ਏ.ਐਸ. ਨੇ ਅੱਜ ਮੋਗਾ ਜ਼ਿਲੇ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਐਸ.ਏ.ਐਸ ਨਗਰ ਮੋਹਾਲੀ ਵਿਖੇ ਬਤੌਰ ਮੁੱਖ ਪ੍ਰਸਾਸ਼ਕ ਪੰਜਾਬ ਸ਼ਹਿਰੀ ਵਿਕਾਸ ਅਥਾਰਟੀ (ਪੁੱਡਾ) ਤਾਇਨਾਤ ਸਨ। ਸ੍ਰੀ ਸੰਦੀਪ ਹੰਸ 2010 ਬੈਚ ਦੇ ਆਈ.ਏ.ਐਸ ਅਧਿਕਾਰੀ ਹਨ ਅਤੇ ਉਨਾਂ ਨੇ ਕਮਿਸ਼ਨਰ ਨਗਰ ਨਿਗਮ ਮੋਹਾਲੀ ਵੀ ਸੇਵਾਵਾਂ ਨਿਭਾਈਆਂ। ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੂੰ ਅੱਜ ਜ਼ਿਲਾ ਪ੍ਰਸ਼ਾਸ਼ਕੀ ਕੰਪਲੈਕਸ ਵਿਖੇ ਪੁੱਜਣ ’ਤੇ ਪੁਲੀਸ ਦੀ ਗਾਰਦ ਵੱਲੋਂ ‘ਗਾਰਡ ਆਫ਼ ਆਨਰ’ ਪੇਸ਼ ਕੀਤਾ ਗਿਆ। ਇਸ ਮੌਕੇ ਉਨਾਂ ਦਾ ਸਵਾਗਤ ਕਰਨ ਵਾਲਿਆਂ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਜਗਵਿੰਦਰਜੀਤ ਸਿੰਘ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਾਜਿੰਦਰ ਬਤਰਾ, ਸਹਾਇਕ ਕਮਿਸ਼ਨਰ ਲਾਲ ਵਿਸਵਾਸ਼ ਬੈਂਸ, ਐਸ.ਡੀ.ਐਮ ਮੋਗਾ ਗੁਰਵਿੰਦਰ ਸਿੰਘ ਜੌਹਲ, ਐਸ.ਡੀ.ਐਮ ਧਰਮਕੋਟ ਨਰਿੰਦਰ ਸਿੰਘ ਧਾਲੀਵਾਲ ਅਤੇ ਡਿਪਟੀ ਕਮਿਸ਼ਨਰ ਦਫਤਰ ਦੇ ਕਰਮਚਾਰੀ ਸ਼ਾਮਲ ਸਨ। ਇਸ ਉਪਰੰਤ ਡਿਪਟੀ ਕਮਿਸ਼ਨਰ ਨੇ ਹਾਜ਼ਰ ਅਧਿਕਾਰੀਆਂ ਪਾਸੋਂ ਜਿਲੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਅਤੇ ਹੋਰ ਗਤੀਵਿਧੀਆਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਉਨਾਂ ਅਧਿਕਾਰੀਆਂ ਨੂੰ ਜ਼ਿਲੇ ‘ਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਮਿਥੇ ਸਮੇਂ ਅੰਦਰ ਮੁਕੰਮਲ ਕਰਨ ਅਤੇ ਲੋਕਾਂ ਦੇ ਕੰਮ ਪਹਿਲ ਦੇ ਆਧਾਰ ‘ਤੇ ਨਿਪਟਾਉਣ ਲਈ ਕਿਹਾ। ਉਨਾਂ ਅਧਿਕਾਰੀਆਂ ਨੂੰ ਆਪਣੀ ਡਿਊਟੀ ਟੀਮ ਭਾਵਨਾ, ਮਿਹਨਤ, ਲਗਨ ਤੇ ਤਨਦੇਹੀ ਨਾਲ ਨਿਭਾਉਣ ਲਈ ਵੀ ਪ੍ਰੇਰਿਤ ਕੀਤਾ। ਉਨਾਂ ਅਵਾਰਾ ਜਾਨਵਰਾਂ ਦੀ ਗੰਭੀਰ ਸਮੱਸਿਆ ‘ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਅਵਾਰਾ ਪਸ਼ੂਆਂ ਨਾਲ ਕਈ ਸੜਕੀ ਹਾਦਸੇ ਵਾਪਰਦੇ ਹਨ। ਇਸ ਲਈ ਉਨਾਂ ਆਮ ਲੋਕਾਂ ਨੂੰ ਸੜਕਾਂ ‘ਤੇ ਅਵਾਰਾ ਜਾਨਵਰ ਨਾ ਛੱਡਣ ਦੀ ਹਦਾਇਤ ਕਰਦਿਆਂ ਕਿਹਾ ਕਿ ਅਵਾਰਾ ਜਾਨਵਰ ਛੱਡਣ ਵਾਲੇ ਵਿਅਕਤੀਆਂ ਖਿਲਾਫ਼ ਸਖਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਸ ਮੌਕੇ ਜ਼ਿਲਾ ਵਿਕਾਸ ਤੇ ਪੰਚਾਇਤ ਅਫ਼ਸਰ ਲਖਵਿੰਦਰ ਸਿੰਘ, ਸਹਾਇਕ ਕਰ ਤੇ ਆਬਕਾਰੀ ਅਫ਼ਸਰ ਜਗਤਾਰ ਸਿੰਘ, ਜ਼ਿਲਾ ਰੋਜ਼ਗਾਰ ਅਫ਼ਸਰ ਪਰਮਿੰਦਰ ਕੌਰ ਤੋਂ ਇਲਾਵਾ ਤਹਿਸੀਲਦਾਰ/ਨਾਇਬ ਤਹਿਸੀਲਦਾਰ ਆਦਿ ਹਾਜ਼ਰ ਸਨ।