ਪੰਜਾਬ ਸਰਕਾਰ ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਯਤਨਸ਼ੀਲ : ਪਰਮਿੰਦਰ ਸਿੰਘ ਪਿੰਕੀ

ਫ਼ਿਰੋਜ਼ਪੁਰ 6 ਅਕਤੂਬਰ (ਸੰਦੀਪ ਕੰਬੋਜ ਜਈਆ) :ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਫ਼ਿਰੋਜ਼ਪੁਰ ਵੱਲੋਂ ਹਾੜ੍ਹੀ 2018-19 ਦੀਆਂ ਫ਼ਸਲਾਂ ਸਬੰਧੀ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ ਅਨਾਜ ਮੰਡੀ ਫ਼ਿਰੋਜ਼ਪੁਰ ਛਾਉਣੀ ਵਿਖੇ ਕੀਤਾ ਗਿਆ ਜਿਸ ਵਿੱਚ ਮੁੱਖ ਮਹਿਮਾਨ ਵਜੋਂ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਪਰਮਿੰਦਰ ਸਿੰਘ ਪਿੰਕੀ ਸ਼ਾਮਿਲ ਹੋਏ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਵਿੰਦਰਪਾਲ ਸਿੰਘ ਸੰਧੂ ਵੀ ਮੌਜੂਦ ਸਨ।ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ, ਖੇਤ ਮਜ਼ਦੂਰਾਂ ਦੀਆਂ ਸਮੱਸਿਆਵਾਂ ਤੋਂ ਭਲੀ-ਭਾਂਤ ਜਾਣੂ ਹੈ ਤੇ  ਕਿਸਾਨਾਂ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਕਰਨ ਲਈ ਵਿਸ਼ੇਸ਼ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਵਧੀਆ ਖੇਤੀ ਸੰਦਾਂ/ਬੀਜਾਂ ਵਾਸਤੇ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੇ ਪੱਧਰ ਤੇ ਸਬਸਿਡੀ ਵੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਵਿਸ਼ਵਾਸ ਦਿਵਾਉਂਦਿਆਂ ਕਿਹਾ ਕਿ ਸ਼ੁਰੂ ਹੋਣ ਵਾਲੇ ਝੋਨੇ ਦੇ ਸੀਜ਼ਨ ਦੌਰਾਨ ਉਨ੍ਹਾਂ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ ਤੇ ਝੋਨੇ ਦੀ ਖ਼ਰੀਦ ਮਗਰੋਂ ਲਿਫ਼ਟਿੰਗ/ਭੁਗਤਾਨ ਵੀ ਜਲਦ ਤੋਂ ਜਲਦ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨ ਕਣਕ-ਝੋਨੇ ਦੇ ਫ਼ਸਲੀ ਚੱਕਰ ਵਿਚੋਂ ਨਿਕਲ ਕੇ ਸਬਜ਼ੀਆਂ ਅਤੇ ਹੋਰ ਫ਼ਸਲਾਂ ਵੱਲ ਆਪਣਾ ਰੁਝਾਨ ਵਧਾਉਣ ਅਤੇ ਖੇਤੀ ਆਧਾਰਿਤ ਸਹਾਇਕ ਧੰਦੇ ਵੀ ਅਪਣਾਉਣ। ਇਸ ਮੌਕੇ ਉਨ੍ਹਾਂ ਖੇਤੀਬਾੜੀ ਵਿਭਾਗ, ਕ੍ਰਿਸ਼ੀ ਵਿਗਿਆਨ ਕੇਂਦਰ,  ਫਾਰਮਰਜ਼ ਹੈਲਪ ਸੁਸਾਇਟੀ ਧੀਰਾ ਪੱਤਰਾ, ਬਾਗ਼ਬਾਨੀ, ਸਿਹਤ ਵਿਭਾਗ, ਭੂਮੀ ਤੇ ਜਲ ਸੰਭਾਲ, ਪਸ਼ੂ-ਪਾਲਣ, ਮੱਛੀ ਪਾਲਣ, ਪੰਜਾਬ ਡੇਅਰੀ ਵਿਕਾਸ ਬੋਰਡ, ਵਣ ਮੰਡਲ ਸਮੇਤ ਵੱਖ-ਵੱਖ ਵਿਭਾਗਾਂ ਅਤੇ ਪ੍ਰਾਈਵੇਟ ਕੰਪਨੀਆਂ  ਵੱਲੋਂ ਲਗਾਈਆਂ ਗਈਆਂ ਵੱਖ-ਵੱਖ ਪ੍ਰਦਰਸ਼ਨੀਆਂ ਦਾ ਦੌਰਾ ਵੀ ਕੀਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਵਿੰਦਰਪਾਲ ਸਿੰਘ ਨੇ ਕਿਹਾ ਕਿ ਇਸ ਕਿਸਾਨ ਸਿਖਲਾਈ ਕੈਪ ਦਾ ਮੁੱਖ ਮਕਸਦ ਆਗਾਮੀ ਹਾੜੀ ਸੀਜ਼ਨ ਦੀਆਂ ਫ਼ਸਲਾਂ ਸਬੰਧੀ ਕਿਸਾਨਾਂ ਨੂੰ ਭਰਪੂਰ ਜਾਣਕਾਰੀ ਦੇਣਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਹਾੜੀ ਸੀਜ਼ਨ ਵਿੱਚ ਖੇਤੀ ਮਾਹਿਰਾਂ ਦੀ ਰਾਏ ਅਨੁਸਾਰ ਯੋਜਨਾ-ਬੱਧ ਢੰਗ ਨਾਲ ਹੀ ਫ਼ਸਲਾਂ ਦੀ ਬਿਜਾਈ ਅਤੇ ਕੀੜੇਮਾਰ ਦਵਾਈਆਂ ਦੀ ਵਰਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਸੀਜ਼ਨ ਦੌਰਾਨ ਜਿੱਥੇ ਆਪਣੀ ਫ਼ਸਲ ਨੂੰ ਪੂਰੀ ਤਰਾਂ ਪੱਕ ਜਾਣ ਤੇ ਹੀ ਮੰਡੀ ਵਿਚ ਲੈ ਕੇ ਆਉਣ ਉੱਥੇ ਹੀ ਫ਼ਸਲ ਦੀ ਕਟਾਈ ਤੋਂ ਬਾਅਦ ਬਾਕੀ ਬਚਦੇ ਨਾੜ ਨੂੰ ਵੀ ਅੱਗ ਲਾਉਣ ਤੋਂ ਗੁਰੇਜ਼ ਕਰਨ।ਇਸ ਮੌਕੇ ਸੰਯੁਕਤ ਡਾਇਰੈਕਟਰ ਖੇਤੀਬਾੜੀ ਡਾ: ਜਗਤਾਰ ਸਿੰਘ ਬਰਾੜ ਨੇ ਪੰਜਾਬ ਸਰਕਾਰ ਦੀਆਂ ਕਿਸਾਨ ਭਲਾਈ ਸਕੀਮਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਕਿਸਾਨਾਂ ਨੂੰ ਇਨ੍ਹਾਂ ਸਕੀਮਾਂ ਦਾ ਲਾਭ ਉਠਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਖੇਤੀ ਵਿੱਚ ਖਾਦਾਂ ਦੀ ਵਰਤੋ ਦਾ ਮਹੱਤਵਪੂਰਨ ਰੋਲ ਹੈ, ਇਸ ਲਈ ਕਿਸਾਨ ਵੀਰ ਆਪਣੇ ਖੇਤ ਦੀ ਮਿੱਟੀ ਜ਼ਰੂਰ ਚੈੱਕ ਕਰਵਾਉਣ ਅਤੇ ਪਰਖ ਰਿਪੋਰਟਾਂ ਦੇ ਆਧਾਰ 'ਤੇ ਹੀ ਖਾਦਾਂ ਦੀ ਵਰਤੋ ਕਰਨ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਰਛਪਾਲ ਸਿੰਘ ਖੋਸਾ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆ ਕਿਹਾ ਅਤੇ ਖੇਤੀਬਾੜੀ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਵੀ ਜਾਣਕਾਰੀ ਦਿੱਤੀ। ਕੈਂਪ ਦੌਰਾਨ ਵੱਖ ਵੱਖ ਵਿਭਾਗਾਂ ਵੱਲੋਂ ਸਟਾਲਾਂ ਲਾ ਕੇ ਕਿਸਾਨਾਂ ਨੂੰ ਸਹਾਇਕ ਧੰਦਿਆਂ ਨੂੰ ਅਪਣਾਉਣ ਦਾ ਸੱਦਾ ਦਿੱਤਾ ਗਿਆ ਅਤੇ ਖੇਤੀ ਤੇ ਸਹਾਇਕ ਧੰਦਿਆਂ ਸਬੰਧੀ ਪ੍ਰਚਾਰ ਸਮੱਗਰੀ ਵੀ ਕਿਸਾਨਾਂ ਨੂੰ ਮੁਫ਼ਤ ਵੰਡੀ ਗਈ।ਇਸ ਮੌਕੇ ਡਿਪਟੀ ਡਾਇਰੈਕਟਰ ਡੇਅਰੀ ਸ੍ਰੀ. ਰਣਦੀਪ ਹਾਂਡਾ, ਬਲਾਕ ਖੇਤੀਬਾੜੀ ਅਫ਼ਸਰ ਡਾ. ਮੁਖ਼ਤਿਆਰ ਸਿੰਘ, ਅਬੇਜੀਤ ਸਿੰਘ ਧਾਲੀਵਾਲ ਖੇਤੀਬਾੜੀ ਇੰਜੀ. ਬੀਰ ਪ੍ਰਤਾਪ ਸਿੰਘ ਗਿੱਲ ਡੇਅਰੀ ਵਿਭਾਗ, ਗੁਰਪ੍ਰੀਤ ਸਿੰਘ ਗੋਗੀ ਪਿਆਰੇਆਣਾ, ਬਲਵੀਰ ਬਾਠ, ਸੁਖਵਿੰਦਰ ਸਿੰਘ ਅਟਾਰੀ, ਜਸਕਰਮ ਸਿੰਘ ਵਿਰਕ, ਸੁਰਜੀਤ ਸੇਠੀ, ਸਿਮਰਜੀਤ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਵਿਭਾਗਾਂ ਦੇ ਅਧਿਕਾਰੀ, ਕਰਮਚਾਰੀ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਵੀਰ ਵੀ ਮੌਜੂਦ ਸਨ।