ਖੇਤੀਬਾੜੀ ਵਿਭਾਗ ਵੱਲੋਂ ਮਿਸ਼ਨ ਤੰਦਰੁਸਤ ਪੰਜਾਬ ‘ ਤਹਿਤ ਪੰਡੋਰੀ ਅਰਾਈਆਂ ਵਿਖੇ ਲਗਾਇਆ ਗਿਆ ਕਿਸਾਨ ਜਾਗਰੂਕਤਾ ਸੈਮੀਨਾਰ

ਮੋਗਾ 7 ਅਕਤੂਬਰ:(ਜਸ਼ਨ)-ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕ ਕਰਨ ਲਈ ਖੇਤੀਬਾੜੀ ਵਿਭਾਗ ਮੋਗਾ ਵੱਲੋਂ ‘ਮਿਸ਼ਨ ਤੰਦਰੁਸਤ ਪੰਜਾਬ‘ ਤਹਿਤ ਜ਼ਿਲੇ ਦੇ ਪਿੰਡ ਪੰਡੋਰੀ ਅਰਾਈਆਂ ਵਿਖੇ ਕੱਲ ਕਿਸਾਨ ਜਾਗਰੂਕਤਾ ਸੈਮੀਨਾਰ ਆਯੋਜਿਤ ਕੀਤਾ ਗਿਆ। ਇਸ ਸੈਮੀਨਾਰ ਦੀ ਪ੍ਰਧਾਨਗੀ ਹਲਕਾ ਧਰਮੋਕਟ ਦੇ ਵਿਧਾਇਕ ਸ. ਸੁਖਜੀਤ ਸਿੰਘ ਲੋਹਗੜ ਨੇ ਕੀਤੀ। ਸੈਮੀਨਾਰ ਨੂੰ ਸੰਬੋਧਨ ਕਰਦਿਆਂ ਸ੍ਰ. ਲੋਹਗੜ ਨੇ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਬੱਚਿਆਂ ਅਤੇ ਬਜ਼ੁਰਗਾਂ ਦੀ ਸਿਹਤ ‘ਤੇ ਬਹੁਤ ਮਾੜਾ ਅਸਰ ਪੈਂਦਾ ਹੈ। ਉਨਾਂ ਕਿਹਾ ਕਿ ਕਿਸਾਨਾਂ ਨੁੂੰ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਨਿਪਟਾਰੇ ਲਈ ਪੰਜਾਬ ਸਰਕਾਰ ਵੱਲੋਂ ਕਸਟਮ ਹਾਇਰਿੰਗ ਸੈਂਟਰਾਂ ਅਤੇ ਸਹਿਕਾਰੀ ਸਭਾਵਾਂ ਰਾਹੀਂ ਮੁਹੱਈਆ ਕਰਵਾਈ ਗਈ ਖੇਤੀ ਮਸ਼ੀਨਰੀ ਨੂੰ ਵਰਤੋਂ ਵਿੱਚ ਲਿਆ ਕੇ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਯੋਗਦਾਨ ਪਾਉਣਾ ਚਾਹੀਦਾ ਹੈ। ਉਨਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਨਾ ਕੇਵਲ ਵਾਤਾਵਰਣ ਗੰਧਲਾ ਹੁੰਦਾ ਹੈ, ਸਗੋਂ ਜ਼ਮੀਨ ਦੀ ਸਿਹਤ ਵੀ ਖਰਾਬ ਹੁੰਦੀ ਹੈ। ਉਨਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਿੱਥੇ ਕਿਸਾਨਾਂ ਦੇ ਮਿੱਤਰ ਕੀੜੇ ਮਰ ਜਾਂਦੇ ਹਨ,ਉੱਥੇ ਜ਼ਮੀਨ ਵਿਚਲੇ ਕਈ ਜ਼ਰੂਰੀ ਤੱਤ ਵੀ ਨਸ਼ਟ ਹੋ ਜਾਂਦੇ ਹਨ, ਜਿਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘਟ ਜਾਂਦੀ ਹੈ। ਉਨਾਂ ਕਿਹਾ ਕਿ ਅੱਗ ਦੇ ਧੂੰਏਂ ਕਾਰਣ ਸੜਕੀ ਹਾਦਸੇ ਵੀ ਵਾਪਰਦੇ ਹਨ, ਜਿਨਾਂ ਨਾਲ ਕਈ ਕੀਮਤੀ ਜਾਨਾਂ ਅਜਾਈਂ ਚਲੀਆਂ ਜਾਂਦੀਆਂ ਹਨ। ਉਨਾਂ ਕਿਸਾਨਾਂ ਨੂੰ ਪ੍ਰਦੂਸ਼ਣ ਰਹਿਤ ਵਾਤਾਵਰਣ ਰੱਖਣ ਲਈ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਵੀ ਕੀਤੀ। ਇਸ ਮੌਕੇ ਬਲਾਕ ਖੇਤੀਬਾੜੀ ਅਫ਼ਸਰ ਕੋਟ ਈਸੇ ਖਾਂ ਡਾ: ਸੁਖਦੇਵ ਸਿੰਘ ਨੇ ਕਿਸਾਨਾਂ ਨੁੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਕਣਕ ਦੀ ਬਿਜਾਈ ਝੋਨੇ ਦੀ ਪਰਾਲੀ ਨੂੰ ਅੱਗ ਲਗਾਏ ਬਗੈਰ ਹੀ ਹੈਪੀ ਸੀਡਰ ਨਾਲ ਕਰਨ। ਉਨਾਂ ਕਿਹਾ ਕਿ ਇਸ ਨਾਲ ਜਿੱਥੇ ਕਿਸਾਨਾਂ ਦਾ ਖੇਤੀ ਖਰਚਾ ਘਟੇਗਾ, ਉੱਥੇ ਹੀ ਫ਼ਸਲ ਦੇ ਝਾੜ ਵਿੱਚ ਵੀ ਵਾਧਾ ਹੋਵੇਗਾ। ਖੇਤੀਬਾੜੀ ਅਫ਼ਸਰ ਡਾ: ਗੁਰਬਾਜ਼ ਸਿੰਘ ਨੇ ਕਿਹਾ ਕਿ ਇੱਕ ਏਕੜ ਪਰਾਲੀ ਨੂੰ ਅੱਗ ਲਗਾਉਣ ਨਾਲ ਲਗਭੱਗ 15 ਕਿਲੋ ਨਾਈਟ੍ਰੋਜਨ, 35 ਕਿਲੋ ਫ਼ਾਸਫੋਰਸ, 56 ਕਿਲੋ ਪੋਟਾਸ਼, 5 ਕਿਲੋ ਸਲਫ਼ਰ ਅਤੇ 1200 ਕਿਲੋ ਜੈਵਿਕ ਕਾਰਬਨ ਨਸ਼ਟ ਹੋ ਜਾਂਦੀ ਹੈ। ਉਨਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਜ਼ਮੀਨ ਦੀ ਉਪਜਾਊ ਸ਼ਕਤੀ ਬਰਕਰਾਰ ਰੱਖਣ ਅਤੇ ਧੂੰਆਂ ਰਹਿਤ ਵਾਤਾਵਰਣ ਦੀ ਸਿਰਜਣਾ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੂੰ ਸਹਿਯੋਗ ਦੇਣ। ਖੇਤੀਬਾੜੀ ਵਿਕਾਸ ਅਫ਼ਸਰ ਡਾ: ਹਰਿੰਦਰ ਪਾਲ ਸ਼ਰਮਾ ਨੇ ਕਿਸਾਨਾਂ ਨੂੰ ਖੇਤੀਬਾੜੀ ਵਿਭਾਗ ਵੱਲੋਂ ਸਬਸਿਡੀ ‘ਤੇ ਦਿੱਤੀ ਗਈ ਖੇਤੀ ਮਸ਼ੀਨਰੀ ਜਿਵੇਂ ਕਿ ਹੈਪੀ ਸੀਡਰ, ਪਰਾਲੀ ਕੁਤਰਨ ਤੇ ਖਿਲਾਰਨ ਲਈ ਚੌਪਰ, ਜ਼ੀਰੋ ਡਰਿਲ, ਮਲਚਰ ਤੇ ਟਿਲਕ ਆਦਿ ਨੂੰ ਅਪਨਾਉਣ ‘ਤੇ ਜ਼ੋਰ ਦਿੱਤਾ। ਸੈਮੀਨਾਰ ‘ਚ ਹਾਜ਼ਰ ਸਮੂਹ ਕਿਸਾਨਾਂ ਨੇ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਇਸ ਦੀ ਸੁਚੱਜੀ ਸਾਂਭ-ਸੰਭਾਲ ਦਾ ਪ੍ਰਣ ਵੀ ਕੀਤਾ। ਇਸ ਸੈਮੀਨਾਰ ਨੂੰ ਸਫ਼ਲ ਬਨਾਉਣ ਲਈ ਖੇਤੀਬਾੜੀ ਸਬ ਇੰਸਪੈਕਟਰ ਸਮਰੀਤ ਸਿੰਘ, ਜਸਵੀਰ ਸਿੰਘ, ਜੇ.ਟੀ ਅਮਨਦੀਪ ਸਿੰਘ, ਏ.ਟੀ.ਐਮ ਗਗਨਦੀਪ ਸਿੰਘ ਨੇ ਅਹਿਮ ਯੋਗਦਾਨ ਪਾਇਆ। ਕੁਲਵਿੰਦਰ ਸਿੰਘ ਬੀ.ਟੀ.ਐਮ ਨੇ ਮੁੱਖ ਮਹਿਮਾਨ ਵਿਧਾਇਕ ਸੁਖਜੀਤ ਸਿੰਘ ਲੋਹਗੜ ਅਤੇ ਆਏ ਹੋਏ ਕਿਸਾਨਾਂ ਦਾ ਧੰਨਵਾਦ ਕੀਤਾ।


