ਵਿਧਾਇਕ ਡਾ: ਹਰਜੋਤ ਕਮਲ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਹੰਸ ਨੇ ਕੀਤਾ ਅਨਾਜ ਮੰਡੀ ਮੋਗਾ ਦਾ ਦੌਰਾ

ਮੋਗਾ 8 ਅਕਤੂਬਰ(ਜਸ਼ਨ)-ਕਿਸਾਨ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲਿਆਉਣ, ਤਾਂ ਜੋ ਉਨਾਂ ਨੂੰ ਆਪਣੀ ਜਿਣਸ ਵੇਚਣ ਲਈ ਮੰਡੀਆਂ ਵਿੱਚ ਜ਼ਿਆਦਾ ਦੇਰ ਰੁਕਣਾ ਨਾ ਪਵੇ। ਇਹ ਅਪੀਲ ਡਾ: ਹਰਜੋਤ ਕਮਲ ਵਿਧਾਇਕ ਮੋਗਾ ਨੇ ਅੱਜ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਸਮੇਤ ਅਨਾਜ ਮੰਡੀ ਮੋਗਾ ਦਾ ਦੌਰਾ ਕਰਨ ਸਮੇਂ ਕਿਸਾਨਾਂ ਨੂੰ ਕੀਤੀ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਮੰਡੀਆਂ ਵਿੱਚੋਂ ਚੁੱਕਿਆ ਜਾਵੇਗਾ। ਉਨਾਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਵੀ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਕਿਸਾਨ ਪਰਾਲੀ ਨੂੰ ਅੱਗ ਲਗਾਉਣ ਦੀ ਥਾਂ ਉਸ ਨੂੰ ਜ਼ਮੀਨ ਵਿੱਚ ਹੀ ਵਾਹੁਣ ਨੂੰ ਤਰਜੀਹ ਦੇਣ। ਉਨਾਂ ਦੱਸਿਆ ਕਿ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਛਾਂਦਾਰ ਜਗਾ, ਪੀਣ ਵਾਲਾ ਸਾਫ਼-ਸੁਥਰਾ ਪਾਣੀ ਅਤੇ ਬਿਜਲੀ ਸਮੇਤ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ, ਤਾਂ ਜੋ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਵਿੱਚ ਕਿਸੇ ਤਰਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਵਿਧਾਇਕ ਮੋਗਾ ਅਤੇ ਡਿਪਟੀ ਕਮਿਸ਼ਨਰ ਵੱਲੋਂ ਝੋਨੇ ਦੀ ਬੋਲੀ ਵੀ ਲਵਾਈ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ  ਜ਼ਿਲੇ ਦੀਆਂ ਮੰਡੀਆਂ ਵਿੱਚ  680 ਮੀਟਿ੍ਰਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 427 ਮੀਟਿ੍ਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਉਨਾਂ ਦੱਸਿਆ ਕਿ ਮੰਡੀਆਂ ਵਿੱਚ ਖਰੀਦੇ ਗਏ ਝੋਨੇ ਵਿੱਚੋਂ ਮਾਰਕਫੈਡ ਵੱਲੋਂ 180 ਮੀਟਿ੍ਰਕ ਟਨ, ਪਨਸਪ ਵੱਲੋਂ 30 ਮੀਟਿ੍ਰਕ ਟਨ, ਪਨਗ੍ਰੇਨ ਵੱਲੋਂ 10 ਮੀਟਿ੍ਰਕ ਟਨ,  ਵੇਅਰ ਹਾਊਸ ਵੱਲੋਂ 7 ਮੀਟਰਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 200 ਮੀਟਿ੍ਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਸਾਰੀਆਂ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਖਰੀਦੇ ਗਏ ਝੋਨੇ ਦੀ ਨਾਲੋ-ਨਾਲ ਲਿਫਟਿੰਗ ਨੂੰ ਵੀ ਯਕੀਨੀ ਬਣਾਉਣ ਦੀ ਹਦਾਇਤ ਕੀਤੀ। ਉਨਾਂ ਜ਼ਿਲੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਰਾਤ ਸਮੇਂ ਕੰਬਾਇਨਾਂ ਨਾਲ ਝੋਨੇ ਦੀ ਕਟਾਈ ਨਾ ਕਰਵਾਉਣ ਕਿਉਂਕਿ ਰਾਤ ਸਮੇਂ ਫਸਲ ਦੀ ਕਟਾਈ ਕਰਵਾਉਣ ਕਾਰਨ ਫਸਲ ਵਿੱਚ ਨਮੀਂ ਦੀ ਮਾਤਰਾ ਵੱਧ ਜਾਂਦੀ ਹੈ, ਜਿਸ ਕਾਰਨ ਖਰੀਦ ਏਜੰਸੀਆਂ ਵੱਧ ਨਮੀਂ ਵਾਲੀ ਫਸਲ ਖਰੀਦਣ ਤੋਂ ਅਸਮਰਥ ਹੁੰਦੀਆਂ ਹਨ। ਇਸ ਮੌਕੇ ਜ਼ਿਲਾ ਮੰਡੀ ਅਫ਼ਸਰ ਜਸਵਿੰਦਰ ਸਿੰਘ, ਸਕੱਤਰ ਮਾਰਕੀਟ ਕਮੇਟੀ ਜਸ਼ਨਦੀਪ ਸਿੰਘ, ਡਿਪਟੀ ਜ਼ਿਲਾ ਮੰਡੀ ਅਫ਼ਸਰ ਜਗਰੂਪ ਸਿੰਘ, ਜ਼ਿਲਾ ਖੁਰਾਕ ਤੇ ਸਪਲਾਈ ਕੰਟਰੋਲ ਐਸ. ਦੇਵਗਨ, ਵੱਖ-ਵੱਖ ਖ੍ਰੀਦ ਏਜੰਸੀਆਂ ਦੇ ਅਧਿਕਾਰੀ ਅਤੇ ਕਿਸਾਨ ਹਾਜ਼ਰ ਸਨ।