ਅੱਗ ਲਾਉਣ ਦੀ ਬਜਾਏ ਕਿਸਾਨ ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਪ੍ਰਬੰਧਨ ਕਰਨ,ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਕਿਰਾਏ 'ਤੇ ਲਏ ਜਾ ਸਕਦੇ ਨੇ ਆਧੁਨਿਕ ਖੇਤੀ ਸੰਦ:ਡਿਪਟੀ ਕਮਿਸ਼ਨਰ

ਫ਼ਿਰੋਜ਼ਪੁਰ,10 ਅਕਤੂਬਰ ( ਸੰਦੀਪ ਕੰਬੋਜ ਜਈਆ) : ਡਿਪਟੀ ਕਮਿਸ਼ਨਰ ਸ੍ਰ. ਬਲਵਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ, ਇਸ ਨੂੰ ਖੇਤਾਂ ਵਿੱਚ ਹੀ ਪ੍ਰਬੰਧਨ ਕਰਨ ਨੂੰ ਤਰਜ਼ੀਹ ਦੇਣ। ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਕਿਸਾਨ ਆਧੁਨਿਕ ਖੇਤੀ ਸੰਦ ਕਿਰਾਏ 'ਤੇ ਲੈ ਸਕਦੇ ਹਨ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਨੰਬਰਦਾਰਾਂ ਨੂੰ ਸੰਬੋਧਨ ਕਰ ਰਹੇ ਸਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਲਈ ਪੂਰਨ ਤੌਰ 'ਤੇ ਪਾਬੰਦੀ ਲਗਾਈ ਗਈ ਹੈ ਅਤੇ ਜ਼ਿਲ੍ਹੇ ਵਿੱਚ ਪਰਾਲੀ ਨੂੰ ਸਾੜਨ ਦੇ ਰੁਝਾਨ ਨੂੰ ਰੋਕਣ ਲਈ ਪਿੰਡਾਂ ਵਿੱਚ ਨੋਡਲ ਅਫ਼ਸਰ ਵੀ ਤਾਇਨਾਤ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਉਕਤ ਅਧਿਕਾਰੀ ਜਿੱਥੇ ਜਾਗਰੂਕਤਾ ਫੈਲਾਉਣਗੇ, ਉੱਥੇ ਨੈਸ਼ਨਲ ਗਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਨੂੰ ਲਾਗੂ ਵੀ ਕਰਨਗੇ। ਉਨ੍ਹਾਂ ਕਿਹਾ ਕਿ ਐਨ.ਜੀ.ਟੀ. ਦੀਆਂ ਹਦਾਇਤਾਂ ਅਨੁਸਾਰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਨੂੰ ਨਿਯਮਾਂ ਅਨੁਸਾਰ ਜੁਰਮਾਨਾ ਵੀ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਵਾਤਾਵਰਨ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਬਰਕਰਾਰ ਰੱਖਣ ਲਈ ਅੱਗੇ ਆਉਣ, ਕਿਉਂਕਿ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣਾ ਮਨੁੱਖੀ ਸਿਹਤ ਲਈ ਬੜਾ ਖ਼ਤਰਨਾਕ ਹੈ। ਇਸ ਤੋਂ ਇਲਾਵਾ ਜ਼ਮੀਨ ਵਿਚਲੇ ਮਿੱਤਰ ਕੀੜੇ ਵੀ ਮਰ ਜਾਂਦੇ ਹਨ, ਜੋ ਜ਼ਮੀਨ ਦੇ ਉਤਪਾਦਨ ਵਿੱਚ ਅਸਰ ਪਾਉਂਦੇ ਹਨ। ਉਨ੍ਹਾਂ ਕਿਹਾ ਕਿ ਧੂੰਏਂ ਦਾ ਸਾਡੀ ਸਿਹਤ ਉੱਪਰ ਵੀ ਬਹੁਤ ਮਾੜਾ ਅਸਰ ਪੈਦਾ ਹੈ। ਉਨ੍ਹਾਂ ਨੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਪਣੇ-ਆਪਣੇ ਪੱਧਰ ਤੇ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਪਿੰਡਾਂ ਵਿੱਚ ਮੁਨਾਦੀ ਕਰਵਾਉਣ ਸਬੰਧੀ ਵੀ ਆਦੇਸ਼ ਦਿੱਤੇ ਅਤੇ ਇਸ ਸਬੰਧੀ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਲਈ ਕਿਹਾ। ਮੁੱਖ ਖੇਤੀਬਾੜੀ ਅਫ਼ਸਰ ਡਾ. ਰਛਪਾਲ ਸਿੰਘ ਨੇ ਕਿਹਾ ਕਿ ਫ਼ਸਲਾਂ ਦੀ ਰਹਿੰਦ-ਖੂੰਹਦ ਦਾ ਖੇਤਾਂ ਵਿੱਚ ਹੀ ਪ੍ਰਬੰਧਨ ਕਰਨ ਲਈ ਸਰਕਾਰ ਵੱਲੋਂ ਕਿਸਾਨਾਂ, ਕਿਸਾਨਾਂ ਦੇ ਗਰੁੱਪਾਂ ਅਤੇ ਸਹਿਕਾਰੀ ਸਹਿਭਾਵਾਂ ਨੂੰ 50 ਤੋਂ 80 ਫੀਸਦੀ ਸਬਸਿਡੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਮਸ਼ੀਨਾਂ ਸੁਪਰ ਐਸ.ਐਮ.ਐਸ.ਕੰਬਾਇਨਾਂ, ਹੈਪੀ ਸੀਡਰ, ਰਿਵਰਸੀਬਲ ਮੋਲਡ ਬੋਲਡ ਪਲਾਓ, ਪੈਡੀ ਸਟਰਾਅ ਚੌਪਰ ਸ਼ਰੈਡਰ, ਮਲਚਰ, ਸ਼ਰਬ ਕਟਰ/ਰੋਟਰੀ ਸਲੈਸ਼ਰ, ਜ਼ੀਰੋ ਟਿੱਲ ਡਰਿੱਲ ਅਤੇ ਰੋਟਾਵੇਟਰ ਆਦਿ ਮੁਹੱਈਆ ਕਰਵਾਏ ਗਏ ਹਨ। ਉਨ੍ਹਾਂ ਕਿਹਾ ਕਿ ਇਹ ਖੇਤੀ ਸੰਦ ਕਿਰਾਏ 'ਤੇ ਉਪਲਬੱਧ ਹਨ ਅਤੇ ਕਿਸਾਨ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਇਨ੍ਹਾਂ ਦੀ ਵਰਤੋਂ ਕਰ ਸਕਦੇ ਹਨ। ਇਸ ਮੌਕੇ ਸਹਾਇਕ ਕਮਿਸ਼ਨਰ (ਜ) ਸ੍ਰ. ਰਣਜੀਤ ਸਿੰਘ, ਐੱਸ.ਡੀ.ਐੱਮ. ਫਿਰੋਜ਼ਪੁਰ ਸ੍ਰੀ. ਅਮਿਤ ਗੁਪਤਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।