ਪੰਜਾਬ ਦੇ ਮੁੱਖ ਮੰਤਰੀ ਵੱਲੋਂ ਕਾਮਨਵੈਲਥ ਅਤੇ ਏਸ਼ੀਆਈ ਖੇਡਾਂ ਦੇ ਜੇਤੂ 23 ਖਿਡਾਰੀਆਂ ਨੂੰ 15.55 ਕਰੋੜ ਰੁਪਏ ਦੇ ਖੇਡ ਪੁਰਸਕਾਰ ਭੇਂਟ
ਚੰਡੀਗੜ, 11 ਅਕਤੂਬਰ:(ਪੱਤਰ ਪਰੇਰਕ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਮਨਵੈਲਥ ਅਤੇ ਏਸ਼ੀਆਈ ਖੇਡਾਂ-2018 ਵਿੱਚ ਵਧੀਆ ਕਾਰਗੁਜਾਰੀ ਦਿਖਾਉਣ ਵਾਲੇ 23 ਖਿਡਾਰੀਆਂ ਨੂੰ ਮਾਨਤਾ ਦੇਣ ਲਈ 15.55 ਕਰੋੜ ਰੁਪਏ ਦੇ ਸੁਬਾਈ ਖੇਡ ਪੁਰਸਕਾਰ ਭੇਟ ਕੀਤੇ ਹਨ। ਇਸ ਸਮਾਰੋਹ ਮੌਕੇ ਉੱਘੇ ਅਥਲੀਟ ਮਿਲਖਾ ਸਿੰਘ ਵੀ ਮੁੱਖ ਮੰਤਰੀ ਨਾਲ ਹਾਜ਼ਰ ਸਨ। ਇਸ ਮੌਕੇ ਖਿਡਾਰੀਆਂ ਨੂੰ ਸਰਟੀਫਿਕੇਟਾਂ ਦੇ ਨਾਲ-ਨਾਲ ਇਕ-ਇਕ ਐਪਲ ਆਈ ਫੋਨ ਵੀ ਦਿੱਤਾ ਗਿਆ। ਇਸ ਮੌਕੇ ਆਪਣੇ ਭਾਸ਼ਣ ਵਿੱਚ ਮੁੱਖ ਮੰਤਰੀ ਨੇ ਹੇਠਲੇ ਪੱਧਰ ’ਤੇ ਖੇਡਾਂ ਨੂੰ ਬੜਾਵਾ ਦੇਣ ਅਤੇ ਵੱਖ ਵੱਖ ਪਹਿਲਕਦਮੀਆਂ ਰਾਹੀਂ ਖੇਡਾਂ ਵਿੱਚ ਨੌਜਵਾਨਾਂ ਨੂੰ ਪ੍ਰੇਰਿਤ ਕਰਨ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਈ। ਉਨਾਂ ਭਰੋਸਾ ਪ੍ਰਗਟ ਕੀਤਾ ਕਿ ਅਗਲੀ ਉਲੰਪਿਕ ਵਿੱਚ ਪੰਜਾਬ ਦੇ ਖਿਡਾਰੀ ਪੂਰੀ ਤਰਾਂ ਚਮਕਣਗੇ ਕਿਉਂਕਿ ਸੂਬੇ ਵਿੱਚ ਹੁਨਰ ਦੀ ਕੋਈ ਵੀ ਕਮੀ ਨਹੀਂ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਉਲੰਪਿਕ ਵਿੱਚ ਮੈਡਲ ਪ੍ਰਾਪਤ ਕਰਨ ਲਈ ਉੱਘੇ ਖਿਡਾਰੀਆਂ ਦੀ ਉਰਜਾ ਅਤੇ ਹੁਨਰ ਨੂੰ ਦੀ ਢੁੱਕਵੇ ਢੰਗ ਨਾਲ ਵਰਤੋ ਕਰੇਗੀ। ਮੁੱਖ ਮੰਤਰੀ ਵੱਲੋਂ ਸਨਮਾਨਿਤ ਕੀਤੇ ਖਿਡਾਰੀਆਂ ਵਿੱਚੋਂ ਹਿਨਾ ਸਿੱਧੂ ਨੂੰ 1.75 ਕਰੋੜ ਰੁਪਏ ਦਾ ਇਨਾਮ ਦਿੱਤਾ ਗਿਆ। ਉਸ ਨੇ ਕਾਮਨਵੈਲਥ ਅਤੇ ਏਸ਼ੀਆਈ ਖੇਡਾਂ ਵਿੱਚ ਪਿਸਟਲ ਸ਼ੂਟਿੰਗ ਵਿੱਚ ਸੋਨੇ, ਚਾਂਦੀ ਅਤੇ ਕਾਂਸੀ ਦੇ ਤਮਗੇ ਜਿੱਤੇ ਸਨ। ਇਸੇ ਤਰਾਂ ਹੀ ਪ੍ਰਨਾਬ ਚੋਪੜਾ (ਬੈਡਮਿੰਟਨ ਵਿੱਚ ਸੋਨ ਤਮਗਾ ਜਿੱਤਣ ਲਈ 75 ਲੱਖ ਰੁਪਏ), ਅੰਜੁਮ ਮੋਦਗਿਲ (ਸ਼ੂਟਿੰਗ ਵਿੱਚ ਚਾਂਦੀ ਦਾ ਤਮਗਾ ਜਿੱਤਣ ਲਈ 50 ਲੱਖ ਰੁਪਏ), ਨਵਜੀਤ ਕੌਰ ਢਿਲੋਂ ( ਡਿਸਕਸ ’ਚ ਕਾਂਸੇ ਦਾ ਤਮਗਾ ਜਿੱਤਣ ਲਈ 40 ਲੱਖ ਰੁਪਏ), ਵਿਕਾਸ ਠਾਕੁਰ (ਵੇਟ ਲਿਫਟਿੰਗ ਵਿੱਚ ਕਾਂਸੇ ਦਾ ਤਮਗਾ ਜਿੱਤਣ ਲਈ 40 ਲੱਖ ਰੁਪਏ) ਨੂੰ ਸਨਮਾਨਿਤ ਕੀਤਾ ਗਿਆ ਹੈ। ਵੇਟਲਿਫਟਰ ਪ੍ਰਭਦੀਪ ਸਿੰਘ ਵੱਲੋਂ ਚਾਂਦੀ ਦਾ ਤਮਗਾ ਜਿੱਤਣ ਲਈ 50 ਲੱਖ ਰੁਪਏ ਦਾ ਇਨਾਮ ਉਸਦੀ ਮਾਤਾ ਨੇ ਪ੍ਰਾਪਤ ਕੀਤਾ।
ਏਸ਼ੀਆਈ ਖੇਡਾਂ ਵਿੱਚ ਤਜਿੰਦਰ ਪਾਲ ਸਿੰਘ ਤੂਰ ਅਤੇ ਸਵਰਨ ਸਿੰਘ ਨੂੰ ਕ੍ਰਮਵਾਰ ਗੋਲਾ ਸੁੱਟਣ ਅਤੇ ਰੋਇੰਗ ਵਿੱਚ ਸੋਨ ਤਮਗਾ ਜਿੱਤਣ ਵਾਸਤੇ ਇਕ-ਇਕ ਕਰੋੜ ਰੁਪਏ ਦਾ ਇਨਾਮ ਦਿੱਤਾ ਗਿਆ ਹੈ। ਸੁਖਮੀਤ ਸਿੰਘ ਨੂੰ ਰੋਇੰਗ ਵਿੱਚ ਸੋਨ ਤਮਗਾ ਜਿੱਤਣ ਲਈ ਇਕ ਕਰੋੜ ਰੁਪਏ ਦਾ ਇਨਾਮ ਪ੍ਰਾਪਤ ਹੋਇਆ ਹੈ ਜਦਕਿ ਤੇਹਰੀ ਛਾਲ (ਅਥਲੈਟਿਕਸ) ਵਿੱਚ ਸੋਨ ਤਮਗਾ ਜਿੱਤਣ ਲਈ ਅਰਪਿੰਦਰ ਸਿੰਘ ਨੂੰ ਇਕ ਕਰੋੜ ਰੁਪਏ ਦਾ ਇਨਾਮ ਮਿਲਿਆ ਹੈ। ਕਬੱਡੀ ਵਿੱਚ ਚਾਂਦੀ ਦਾ ਤਮਗਾ ਜਿੱਤਣ ਲਈ ਰਮਨਦੀਪ ਕੌਰ ਖਹਿਰਾ ਨੂੰ 75 ਲੱਖ ਰੁਪਏ, ਹਾਕੀ ’ਚ ਚਾਂਦੀ ਦਾ ਤਮਗਾ ਜਿੱਤਣ ਲਈ ਰੀਨਾ ਖੋਖਰ ਨੂੰ 75 ਲੱਖ ਰੁਪਏ, ਹਾਕੀ ਵਿੱਚ ਕਾਂਸੀ ਦਾ ਤਮਗਾ ਜਿੱਤਣ ਲਈ ਰੁਪਿੰਦਰ ਪਾਲ ਸਿੰਘ ਨੂੰ 50 ਲੱਖ ਰੁਪਏ, ਹਾਕੀ ’ਚ ਚਾਂਦੀ ਦਾ ਤਮਗਾ ਜਿੱਤਣ ਲਈ ਗੁਰਜੀਤ ਕੌਰ ਨੂੰ 75 ਲੱਖ ਰੁਪਏ ਅਤੇ ਹਾਕੀ ਵਿੱਚ ਕਾਂਸੀ ਦਾ ਤਮਗਾ ਜਿੱਤਣ ਲਈ ਅਕਾਸ਼ਦੀਪ ਸਿੰਘ ਨੂੰ 50 ਲੱਖ ਰੁਪਏ ਦਾ ਇਨਾਮ ਮਿਲਿਆ ਹੈ। ਅਕਾਸ਼ਦੀਪ ਸਿੰਘ ਵੱਲੋਂ ਇਹ ਇਨਾਮ ਉਸ ਦੇ ਪਿਤਾ ਨੇ ਪ੍ਰਾਪਤ ਕੀਤਾ ਜਦਕਿ ਹਾਕੀ ਖਿਡਾਰੀ ਮਨਪ੍ਰੀਤ ਸਿੰਘ ਦੀ ਤਰਫੋਂ ਉਸ ਦੀ ਮਾਤਾ ਨੇ 50 ਲੱਖ ਰੁਪਏ ਦਾ ਇਨਾਮ ਪ੍ਰਾਪਤ ਕੀਤਾ। ਜਕਾਰਤਾ ਏਸ਼ੀਆਈ ਖੇਡਾਂ ਵਿੱਚ ਕਾਂਸੀ ਦਾ ਤਮਗਾ ਜਿੱਤਣ ਵਾਲੇ ਹਾਕੀ ਖਿਡਾਰੀ ਵਿੱਚ ਸ਼ਾਮਲ ਹੋਰਨਾਂ ਖਿਡਾਰੀਆਂ ਨੂੰ ਵੀ 50-50 ਲੱਖ ਰੁਪਏ ਦਾ ਇਨਾਮ ਦਿੱਤਾ ਗਿਆ ਜੋ ਉਨਾਂ ਦੇ ਪਰਿਵਾਰਿਕ ਮੈਂਬਰਾਂ ਨੇ ਪ੍ਰਾਪਤ ਕੀਤਾ ਹੈ। ਇਹ ਖਿਡਾਰੀ ਇਸ ਵੇਲੇ ਭਾਰਤੀ ਹਾਕੀ ਦੇ ਰਾਸ਼ਟਰੀ ਕੈਂਪ ਵਿੱਚ ਹਿੱਸਾ ਲੈ ਰਹੇ ਹਨ। ਹਾਲਾਂਕਿ ਉਨਾਂ ਨੂੰ ਆਨਲਾਈਨ ਸੰਦੇਸ਼ ਭੇਜਿਆ ਗਿਆ ਸੀ ਜਿਸਦੇ ਜਵਾਬ ਵਿੱਚ ਉਨਾਂ ਨੇ ਇਹ ਇਨਾਮ ਦਿੱਤੇ ਜਾਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਹੈ ਅਤੇ ਭਰੋਸਾ ਦਿਵਾਇਆ ਹੈ ਕਿ ਉਹ ਦੇਸ਼ ਅਤੇ ਸੂਬੇ ਲਈ ਹੋਰ ਵੀ ਵੱਧ ਨਾਮਣਾ ਖੱਟਣਗੇ। ਇਨਾਂ ਖਿਡਾਰੀਆਂ ਵਿੱਚ ਮਨਦੀਪ ਸਿੰਘ, ਹਰਮਨਪ੍ਰੀਤ ਸਿੰਘ, ਸਿਮਰਨਜੀਤ ਸਿੰਘ, ਿਸ਼ਣਾ ਬਹਾਦਰ ਪਾਠਕ ਅਤੇ ਦਿਲਪ੍ਰੀਤ ਸਿੰਘ ਸ਼ਾਮਲ ਹਨ। ਰੋਇੰਗ ਵਿੱਚ ਕਾਂਸੀ ਦਾ ਤਮਗਾ ਜਿੱਤਣ ਲਈ ਭਗਵਾਨ ਸਿੰਘ ਨੂੰ 50 ਲੱਖ ਰੁਪਏ ਦਾ ਇਨਾਮ ਦਿੱਤਾ ਗਿਆ। ਇਸ ਖੇਡ ਸਮਾਰੋਹ ਨੂੰ ਪੰਜਾਬ ਦੇ ਖੇਡ ਇਤਿਹਾਸ ਵਿੱਚ ਅਹਿਮ ਮੌਕੇ ਦੱਸਦਿਆਂ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਨੇ ਕਿਹਾ ਕਿ ਪੰਜਾਬੀਆਂ ਲਈ ਇਹ ਮਾਣ ਵਾਲੀ ਗੱਲ ਹੈ ਕਿ ਸੂਬੇ ਦੀ ਵਾਗਡੋਰ ਇਸ ਵੇਲੇ ਖੁਦ ਖਿਡਾਰੀ ਰਹੇ ਕੈਪਟਨ ਅਮਰਿੰਦਰ ਸਿੰਘ ਦੇ ਹੱਥਾਂ ਵਿੱਚ ਹੈ। ਉਨਾਂ ਕਿਹਾ ਕਿ ਸੂਬੇ ਨੇ ਹਾਲ ਹੀ ਵਿੱਚ ਵਿਆਪਕ ਖੇਡ ਨੀਤੀ ਨੂੰ ਅਮਲ ਵਿੱਚ ਲਿਆਂਦਾ ਹੈ ਜਿਸ ਨਾਲ ਪੰਜਾਬ ’ਚ ਖੇਡਾਂ ਨੂੰ ਹੋਰ ਉਤਸ਼ਾਹ ਮਿਲੇਗਾ। ਉਨਾਂ ਕਿਹਾ ਕਿ ਮੁੱਖ ਮੰਤਰੀ ਨੇ ਖੇਡਾਂ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਵਾਲੇ ਖਿਡਾਰੀਆਂ ਨੂੰ ਉਨਾਂ ਦੀ ਯੋਗਤਾ ਮੁਤਾਬਕ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ ਹੈ। ਖੇਡ ਮੰਤਰੀ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਬਿਹਤਰੀਨ ਕੋਚਿੰਗ ਸਹੂਲਤਾਂ ਦੇ ਨਾਲ-ਨਾਲ ਉਚ ਦਰਜੇ ਦਾ ਬੁਨਿਆਦੀ ਢਾਂਚਾ ਮੁਹੱਈਆ ਕਰਵਾਇਆ ਜਾਵੇਗਾ ਤਾਂ ਕਿ ਸੂਬੇ ਨੂੰ ਕੌਮੀ ਅਤੇ ਕੌਮਾਂਤਰੀ ਮੁਕਾਬਲਿਆਂ ਵਿੱਚ ਸਿਖਰਾਂ ’ਤੇ ਲਿਜਾਇਆ ਜਾ ਸਕੇ। ਖੇਡ ਮੰਤਰੀ ਨੇ ਕਿਹਾ ਕਿ ਪਟਿਆਲਾ ਵਿਖੇ ਖੇਡ ਯੂਨੀਵਰਸਿਟੀ ਸਥਾਪਤ ਕਰਨ ਲਈ ਜ਼ਮੀਨ ਦੀ ਸ਼ਨਾਖਤ ਕੀਤੀ ਜਾ ਚੁੱਕੀ ਹੈ। ਉਨਾਂ ਕਿਹਾ ਕਿ ਵਿਭਾਗ ਵੱਲੋਂ ਸੂਬੇ ਦੇ ਨਾਲ-ਨਾਲ ਜ਼ਿਲਾ ਪੱਧਰ ’ਤੇ ਮੈਰਾਥਾਨ ਦਾ ਆਯੋਜਨ ਕਰਵਾਇਆ ਜਾਵੇਗਾ। ਉਨਾਂ ਨੇ ਸਨਅਤੀ ਘਰਾਣਿਆਂ ਨੂੰ ਵੀ ਖੇਡਾਂ ਤੇ ਖਿਡਾਰੀਆਂ ਨੂੰ ਅਪਨਾਉਣ ਦਾ ਸੱਦਾ ਦਿੱਤਾ ਤਾਂ ਕਿ ਸੂਬੇ ਵਿੱਚ ਖੇਡਾਂ ਨੂੰ ਹੋਰ ਵਧੇਰੇ ਮਜ਼ਬੂਤ ਕੀਤਾ ਜਾ ਸਕੇ। ਇਸ ਸਮਾਰੋਹ ਵਿੱਚ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ, ਵਿਧਾਇਕ ਪਰਗਟ ਸਿੰਘ ਅਤੇ ਪੰਜਾਬ ਉਲੰਪਿਕ ਐਸੋਸੀਏਸ਼ਨ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਵੀ ਹਾਜ਼ਰ ਸਨ। ਇਸ ਮੌਕੇ ਅਦਾਕਾਰ ਤੇ ਕਾਮੇਡੀਅਨ ਗੁਰਪ੍ਰੀਤ ਘੁੱਗੀ ਨੇ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਬਹਾਲ ਕਰਨ ਲਈ ਪੰਜਾਬ ਸਰਕਾਰ ਦੇ ਯਤਨਾਂ ਦੀ ਸ਼ਲਾਘਾ ਕੀਤੀ ਜੋ ਪਹਿਲਾਂ ਮੁਲਕ ਦੇ ਮੋਹਰੀ ਖੇਡ ਸੂਬਿਆਂ ’ਚ ਸ਼ੁਮਾਰ ਹੁੰਦਾ ਸੀ। ਪਦਮ ਸ੍ਰੀ ਬਹਾਦਰ ਸਿੰਘ, ਅਰਜੁਨ ਐਵਾਰਡੀ ਬਲਜੀਤ ਸਿੰਘ ਢਿੱਲੋਂ, ਗੁਰਦੇਵ ਸਿੰਘ ਗਿੱਲ, ਜੈਪਾਲ ਸਿੰਘ ਅਤੇ ਜਗਜੀਤ ਸਿੰਘ, ਉਲੰਪੀਅਨ ਅਜੀਤ ਸਿੰਘ, ਸੁਖਬੀਰ ਸਿੰਘ ਗਿੱਲ, ਸਾਬਕਾ ਡੀ.ਜੀ.ਪੀ. ਮਹਿਲ ਸਿੰਘ ਭੁੱਲਰ, ਪੰਜਾਬ ਉਲੰਪਿਕ ਐਸੋਸੀਏਸ਼ਨ ਦੇ ਸਕੱਤਰ ਜਨਰਲ ਰਾਜਾ ਕੇ.ਐਸ. ਸਿੱਧੂ ਅਤੇ ਕਾਮੇਡੀਅਨ ਕਪਿਲ ਸ਼ਰਮਾ ਵੀ ਹਾਜ਼ਰ ਸਨ। ਸਮਾਗਮ ਵਿੱਚ ਸਿਹਤ ਮੰਤਰੀ ਬ੍ਰਹਮ ਮਹਿੰਦਰਾ, ਮਾਲ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ, ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ, ਪਸ਼ੂ ਪਾਲਣ ਮੰਤਰੀ ਬਲਬੀਰ ਸਿੰਘ ਸਿੱਧੂ, ਬਿਜਲੀ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ, ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ, ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ, ਰਾਜ ਕੁਮਾਰ ਵੇਰਕਾ, ਫਤਹਿਜੰਗ ਸਿੰਘ ਬਾਜਵਾ, ਕੁਸ਼ਲਦੀਪ ਸਿੰਘ ਢਿੱਲੋਂ, ਗੁਰਪ੍ਰੀਤ ਸਿੰਘ ਜੀ.ਪੀ., ਅੰਗਦ ਸਿੰਘ ਸੈਣੀ, ਸੁਨੀਲ ਦੱਤੀ ਅਤੇ ਹਰਜੋਤ ਕਮਲ ਤੋਂ ਇਲਾਵਾ ਡੀ.ਜੀ.ਪੀ. ਸੁਰੇਸ਼ ਅਰੋੜਾ, ਵਧੀਕ ਮੁੱਖ ਸਕੱਤਰ ਖੇਡਾਂ ਸੰਜੇ ਕੁਮਾਰ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਅਤੇ ਡਾਇਰੈਕਟਰ ਖੇਡਾਂ ਅਮਿ੍ਰਤ ਕੌਰ ਗਿੱਲ,ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਰਵਿੰਦਰ ਸਿੰਘ ਰਵੀ ਗਰੇਵਾਲ ਵੀ ਹਾਜ਼ਰ ਸਨ।