ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਕਿਸਾਨ ਜੱਥੇਬੰਦੀਆਂ ਦੇ ਨੇਤਾਵਾਂ ਨਾਲ ਕੀਤੀ ਮੀਟਿੰਗ

ਮੋਗਾ 11 ਅਕਤੂਬਰ:(ਜਸ਼ਨ): ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਜ਼ਿਲੇ ਦੀਆਂ ਕਿਸਾਨ ਯੂਨੀਅਨਾਂ ਦੇ ਨੁਮਾਇੰਦਿਆਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਪ੍ਰਥਾ ਤੋਂ ਛੁਟਕਾਰਾ ਦਿਵਾਉਣ ਦੀ ਅਪੀਲ ਕਰਦਿਆਂ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਦੇ ਮਾਰੂ ਪ੍ਰਭਾਵਾਂ ਬਾਰੇ ਹੋਰ ਕਿਸਾਨਾਂ ਨੂੰ ਜਾਗਰੂਕ ਕਰਕੇ ਉਨਾਂ ਦੇ ਰਾਹ ਦਸੇਰੇ ਬਣਨ। ਡਿਪਟੀ ਕਮਿਸ਼ਨਰ ਨੇ ਅੱਜ ਸਥਾਨਕ ਮੀਟਿੰਗ ਹਾਲ ਵਿਖੇ ਵੱਖ-ਵੱਖ ਕਿਸਾਨ ਜੱਥੇਬੰਦੀਆਂ/ਯੂਨੀਅਨਾਂ ਦੇ ਨੇਤਾਵਾਂ ਨਾਲ ਮੀਟਿੰਗ ਕੀਤੀ।  ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ, ਕਿਉਂਕਿ ਅਜਿਹਾ ਕਰਨਾ ਜਿੱਥੇ ਗੈਰ-ਕਾਨੂੰਨੀ ਹੈ ਉਥੇ ਹੀ ਇਸ ਦਾ ਸਭ ਤੋਂ ਵੱਧ ਨੁਕਸਾਨ ਕਿਸਾਨਾਂ ਨੂੰ ਹੀ ਝੱਲਣਾ ਪੈਂਦਾ ਹੈ। ਕਿਉਂਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ ਤੇ ਧਰਤੀ ਵਿਚਲੇ ਕਿਸਾਨ ਦੇ ਮਿੱਤਰ ਕੀੜੇ ਵੀ ਮਰ ਜਾਂਦੇ ਹਨ। ਉਨਾਂ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਪਰਾਲੀ ਨੂੰ ਖੇਤ ਵਿੱਚ ਹੀ ਵਾਹੁਣ ਨੂੰ ਤਰਜ਼ੀਹ ਦਿਤੀ ਜਾਵੇ, ਤਾਂ ਜੋ ਜ਼ਿਲੇ ਅੰਦਰ ਪਰਾਲੀ ਨੂੰ ਅੱਗ ਲਗਾਉਣ ਦੀ ਪ੍ਰਥਾ ਨੂੰ ਹਮੇਸ਼ਾਂ ਲਈ ਖ਼ਤਮ ਕੀਤਾ ਜਾ ਸਕੇ। ਉਨਾਂ ਕਿਹਾ ਕਿ ਪਰਾਲੀ ਨੂੰ ਅੱਗ ਲਾਉਣ ਦਾ ਕੋਈ ਲਾਭ ਨਹੀਂ ਹੈ, ਸਗੋਂ ਨੁਕਸਾਨ ਹੀ ਹੈ। ਉਨਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ‘ਤੇ ਇਸ ਦਾ ਪਹਿਲਾ ਸ਼ਿਕਾਰ ਕਿਸਾਨ ਖੁਦ ਅਤੇ ਉਸਦਾ ਪ੍ਰੀਵਾਰ ਹੁੰਦਾ ਹੈ। ਉਨਾਂ ਕਿਸਾਨਾਂ ਨੂੰ ਕਿਹਾ ਕਿ ਉਹ ਜ਼ਿਲਾ ਪ੍ਰਸ਼ਾਸਨ ਦਾ ਸਾਥ ਦਿੰਦੇ ਹੋਏ ਪਰਾਲੀ ਨੂੰ ਅੱਗ ਨਾ ਲਗਾਉਣ। ਮੀਟਿੰਗ ਦੌਰਾਨ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਡਿਪਟੀ ਕਮਿਸ਼ਨਰ ਨੂੰ ਦਰਪੇਸ਼ ਸਮੱਸਿਆਵਾਂ ਸਬੰਧੀ ਜਾਣੂ ਕਰਵਾਇਆ ਅਤੇ ਭਰੋਸਾ ਦਿਵਾਇਆ ਕਿ ਉਹ ਪਿਛਲੇ ਸਾਲ ਵਾਂਗ ਜ਼ਿਲਾ ਪ੍ਰਸ਼ਾਸਨ ਨੂੰ ਸਹਿਯੋਗ ਦਿੰਦੇ ਹੋਏ ਇਸ ਸਾਲ ਵੀ ਪਰਾਲੀ ਨੂੰ ਅੱਗ ਨਹੀਂ ਲਾਉਣਗੇ। ਉਨਾਂ ਕਿਹਾ ਕਿ ਐਸ.ਐਮ.ਐਸ ਨਾਲ ਝੌਨੇ ਦੀ ਕਟਾਈ ਕਰਨ ਵਾਲੇ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਲਈ ਸਨਮਾਨਿਤ ਕੀਤਾ ਜਾਵੇ। ਉਨਾਂ ਕਿਹਾ ਕਿ ਝੋਨੇ ਦੀ ਰੀਪਰ ਰਾਹੀਂ ਕਟਾਈ ‘ਤੇ ਪਾਬੰਦੀ ਲਗਾਈ ਜਾਵੇ, ਤਾਂ ਜੋ ਪਰਾਲੀ ਨੂੰ ਅੱਗ ਨਾ ਲਗਾਈ ਜਾ ਸਕੇ। ਉਨਾਂ ਸਹਿਕਾਰੀ ਸਭਾਵਾਂ ਵੱਲੋਂ ਪਰਾਲੀ ਦੇ ਨਿਪਟਾਰੇ ਲਈ ਦਿੱਤੇ ਜਾ ਰਹੇ ਖੇਤੀ ਸੰਦਾਂ ਦੇ ਰੇਟ ਘਟਾਉਣ ਦੀ ਵੀ ਮੰਗ ਕੀਤੀ। ਡਿਪਟੀ ਕਮਿਸ਼ਨਰ ਨੇ ਕਿਸਾਨ ਨੇਤਾਵਾਂ ਦਾ ਧੰਨਵਾਦ ਕਰਦਿਆਂ ਉਨਾਂ ਦੀਆਂ ਸਮੱਸਿਆਵਾਂ ਵੱਲ ਵਿਸੇਸ਼ ਧਿਆਨ ਦੇ ਕੇ ਹੱਲ ਕਰਵਾਉਣ ਦਾ ਯਕੀਨ ਵੀ ਦਿਵਾਇਆ। ਇਸ ਮੀਟਿੰਗ ਦੌਰਾਨ ਹੋਰਨਾਂ ਤੋਂ ਇਲਾਵਾ ਐਸ.ਡੀ.ਐਮ ਮੋਗਾ ਗੁਰਵਿੰਦਰ ਸਿੰਘ ਜੌਹਲ, ਐਸ.ਡੀ.ਐਮ ਧਰਮਕੋਟ ਨਰਿੰਦਰ ਸਿੰਘ ਧਾਲੀਵਾਲ, ਐਸ.ਡੀ.ਐਮ ਬਾਘਾਪੁਰਾਣਾ ਸਵਰਨਜੀਤ ਕੌਰ, ਮੁੱਖ ਖੇਤੀਬਾੜੀ ਅਫ਼ਸਰ ਡਾ: ਪਰਮਜੀਤ ਸਿੰਘ ਬਰਾੜ, ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਜ਼ਿਲਾ ਪ੍ਰਧਾਨ ਨਿਰਮਲ ਸਿੰਘ ਮਾਣੂੰਕੇ, ਸੂਬਾ ਮੀਤ ਪ੍ਰਧਾਨ ਸੁਖਮੰਦਰ ਸਿੰਘ ਉਗੋਕੇ, ਜ਼ਿਲਾ ਰਜਿਸਟਰਾਰ ਸਹਿਕਾਰੀ ਸਭਾਵਾਂ ਕੁਲਦੀਪ ਕੁਮਾਰ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਜਗਦੀਸ਼ ਸਿੰਘ ਰਾਹੀ ਅਤੇ ਹੋਰ ਕਿਸਾਨ ਯੂਨੀਅਨਾਂ ਦੇ ਅਹੁਦੇਦਾਰ ਆਦਿ ਹਾਜ਼ਰ ਸਨ।***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ ।