ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖ੍ਰੀਦ ਨਿਰਵਿਘਨ ਜਾਰੀ-ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ

ਮੋਗਾ 13 ਅਕਤੂਬਰ:(ਜਸ਼ਨ): ਜ਼ਿਲ੍ਹੇ ਦੀਆਂ ਮੰਡੀਆਂ ਝੋਨੇ ਦੀ ਖ੍ਰੀਦ ਨਿਰਵਿਘਨ ਜਾਰੀ ਹੈ ਅਤੇ ਬੀਤੀ ਸ਼ਾਮ ਤੱਕ 5,687 ਮੀਟਿ੍ਰਕ  ਟਨ ਝੋਨਾ ਮੰਡੀਆਂ ਵਿੱਚ ਪੁੱਜਾ ਹੈ, ਜਿਸ ਵਿੱਚੋਂ ਵੱਖ-ਵੱਖ ਖ੍ਰੀਦ ਏਜੰਸੀਆਂ ਵੱਲੋਂ 4,464 ਮੀਟਿ੍ਰਕ ਟਨ ਝੋਨੇ ਦੀ ਖ੍ਰੀਦ ਕੀਤੀ ਗਈ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਆਈ.ਏ.ਐਸ ਨੇ ਦਿੱਤੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਕੇਵਲ ਸੁੱਕੀ ਜਿਣਸ ਹੀ ਲੈ ਕੇ ਆਉਣ, ਤਾਂ ਜੋ ਨਮੀ ਦੀਆਂ ਸ਼ਰਤਾਂ ਮੁਤਾਬਕ ਉਨ੍ਹਾਂ ਨੂੰ ਮੰਡੀਆਂ ਵਿੱਚ ਆਪਣੀ ਜਿਣਸ ਵੇਚਣ ਲਈ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਨਾ ਆਵੇ। ਉਨ੍ਹਾਂ ਖ੍ਰੀਦ ਏਜੰਸੀਆਂ ਨੂੰ ਝੋਨੇ ਦੀ ਚੁਕਾਈ ਵੀ ਨਾਲੋ-ਨਾਲ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਨਾਲ ਹੀ ਕੰਬਾਈਨ ਮਾਲਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨ ਨਾਲ ਕਟਾਈ ’ਤੇ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਲਗਾਈ ਪਾਬੰਦੀ ਦੀ ਮੁਕੰਮਲ ਰੂਪ ਵਿੱਚ ਪਾਲਣਾ ਕਰਨ। ਉਨ੍ਹਾਂ ਇਹ ਅਪੀਲ ਵੀ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ, ਕਿਉਂਕਿ ਅਜਿਹਾ ਕਰਨਾ ਜਿੱਥੇ ਗੈਰ-ਕਾਨੂੰਨੀ ਹੈ, ਉਥੇ ਹੀ ਇਸ ਦਾ ਸਭ ਤੋਂ ਵੱਧ ਨੁਕਸਾਨ ਕਿਸਾਨਾਂ ਨੂੰ ਹੀ ਝੱਲਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ ਤੇ ਧਰਤੀ ਵਿਚਲੇ ਕਿਸਾਨ ਦੇ ਮਿੱਤਰ ਕੀੜੇ ਵੀ ਮਰ ਜਾਂਦੇ ਹਨ।ਉਨ੍ਹਾਂ  ਪਰਾਲੀ ਨੂੰ ਖੇਤ ਵਿੱਚ ਹੀ ਵਾਹੁਣ ਨੂੰ ਤਰਜ਼ੀਹ ਦੇਣ ਲਈ ਵੀ ਕਿਹਾ। ਜ਼ਿਲ੍ਹਾ ਮੰਡੀ ਅਫ਼ਸਰ ਜਂਸਵਿੰਦਰ ਸਿੰਘ ਨੇ ਏਜੰਸੀ ਵਾਈਜ਼ ਹੋਈ ਖ੍ਰੀਦ ਦਾ ਵੇਰਵਾ ਦਿੰਦਿਆਂ ਦੱਸਿਆ ਕਿ ਪਨਗ੍ਰੇਨ ਵੱਲੋਂ 1010 ਮੀਟਿ੍ਰਕ ਟਨ, ਮਾਰਕਫ਼ੈਡ ਵੱਲੋਂ 1009 ਮੀਟਿ੍ਰਕ ਟਨ, ਪਨਸਪ ਵੱਲੋਂ 663 ਮੀਟਿ੍ਰਕ ਟਨ, ਪੰਜਾਬ ਰਾਜ ਗੋਦਾਮ ਨਿਗਮ ਵੱਲੋਂ 271 ਮੀਟਿ੍ਰਕ ਟਨ, ਪੰਜਾਬ ਐਗਰੋ ਵੱਲੋਂ 443 ਮੀਟਿ੍ਰਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 1068 ਮੀਟਿ੍ਰਕ ਟਨ ਝੋਨਾ ਖ੍ਰੀਦਿਆ ਗਿਆ ਹੈ।