ਮੰਡੀਆਂ ਵਿੱਚ 1,94,744 ਮੀਟਿ੍ਰਕ ਟਨ ਝੋਨਾ ਪੁੱਜਾ, 1,74,883 ਮੀਟਿ੍ਰਕ ਟਨ ਝੋਨੇ ਦੀ ਹੋਈ ਖਰੀਦ,ਡਿਪਟੀ ਕਮਿਸ਼ਨਰ ਸ਼੍ਰੀ ਹੰਸ ਨੇ ਖ੍ਰੀਦ ਏਜੰਸੀਆਂ ਨੂੰ ਚੁਕਾਈ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਆਦੇਸ਼

ਮੋਗਾ 25 ਅਕਤੂਬਰ(ਜਸ਼ਨ)- ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਜ਼ਿਲੇ ਦੇ ਸਮੂਹ ਕਿਸਾਨਾਂ ਨੂੰ ਪ੍ਰਦੂਸ਼ਣ ਰਹਿਤ ਵਾਤਾਵਰਣ ਰੱਖਣ ਲਈ ਝੋਨੇ ਦੀ ਪਰਾਲੀ ਤੇ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀ ਬਜਾਏ ਆਧੁਨਿਕ ਤਕਨੀਕ ਵਾਲੇ ਖੇਤੀਬਾੜੀ ਸੰਦਾਂ ਰਾਹੀਂ ਇਸ ਨੂੰ ਵਰਤੋਂ ਵਿੱਚ ਲਿਆਉਣ ਦੀ ਅਪੀਲ ਕੀਤੀ। ਉਨਾਂ ਕਿਹਾ ਕਿ ਪਰਾਲੀ ਦੇ ਧੂੰਏ ਕਾਰਣ ਮਨੁੱਖਾਂ ਅਤੇ ਜੀਵ-ਜੰਤੂਆਂ ਨੂੰ ਅਨੇਕ ਤਰਾਂ ਦੀਆਂ ਬੀਮਾਰੀਆਂ ਲੱਗ ਜਾਂਦੀਆਂ ਹਨ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘਟਦੀ ਹੈ। ਉਨਾਂ ਦੱਸਿਆ ਕਿ ਜ਼ਿਲੇ ਦੇ ਸਾਰੇ ਖ੍ਰੀਦ ਕੇਂਦਰਾਂ ਵਿੱਚ ਝੋਨੇ ਦੀ ਖ੍ਰੀਦ ਦਾ ਕੰਮ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਚੱਲ ਰਿਹਾ ਹੈ ਅਤੇ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਾਵੇਗੀ। ਉਨਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਪੰਜਾਬ ਸਰਕਾਰ ਦੁਆਰਾ ਨਿਰਧਾਰਤ 17 ਫ਼ੀਸਦੀ ਤੋਂ ਵੱਧ ਨਮੀ ਵਾਲਾ ਝੋਨਾ ਨਾ ਲੈ ਕੇ ਆਉਣ ਅਤੇ ਝੋਨੇ ਨੂੰ ਸੁਕਾ ਕੇ ਹੀ ਮੰਡੀਆਂ ਵਿੱਚ ਲਿਆਂਦਾ ਜਾਵੇ, ਤਾਂ ਜਂੋ ਉਨਾਂ ਨੂੰ ਆਪਣੀ ਜਿਣਸ ਵੇਚਣ ਲਈ ਕਿਸੇ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨਾਂ ਕੰਬਾਈਨ ਮਾਲਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਸ਼ਾਮ 7 ਵਜੇ ਤੋਂ ਬਾਅਦ ਅਤੇ ਸਵੇਰੇ 10 ਵਜੇ ਤੋਂ ਪਹਿਲਾਂ ਕੰਬਾਈਨ ਨਾਲ ਝੋਨੇ ਦੀ ਕਟਾਈ ਨਾ ਕਰਨ। ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ 1,94,744 ਮੀਟਿ੍ਰਕ ਟਨ ਝੋਨਾ ਮੰਡੀਆਂ ਵਿੱਚ ਪੁੱਜਾ ਹੈ, ਜਿਸ ਵਿੱਚੋਂ ਵੱਖ-ਵੱਖ ਖ੍ਰੀਦ ਏਜੰਸੀਆਂ ਵੱਲੋਂ 1,74,883 ਮੀਟਿ੍ਰਕ ਟਨ ਝੋਨੇ ਦੀ ਖ੍ਰੀਦ ਕੀਤੀ ਗਈ ਹੈ। ਉਨਾਂ ਦੱਸਿਆ ਕਿ ਖ੍ਰੀਦ ਕੀਤੇ ਗਏ ਝੋਨੇ ਵਿੱਚੋਂ 90,522 ਮੀਟਿ੍ਰਕ ਟਨ ਝੋਨੇ ਦੀ ਚੁਕਾਈ ਵੀ ਕਰਵਾਈ ਗਈ ਹੈ। ਉਨਾਂ ਖ੍ਰੀਦ ਏਜੰਸੀਆਂ ਨੂੰ ਚੁਕਾਈ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੀ ਵੀ ਹਦਾਇਤ ਕੀਤੀ। ਜ਼ਿਲਾ ਮੰਡੀ ਅਫ਼ਸਰ ਜਂਸਵਿੰਦਰ ਸਿੰਘ ਨੇ ਝੋਨੇ ਦੀ ਏਜੰਸੀ ਵਾਈਜ਼ ਹੋਈ ਖ੍ਰੀਦ ਦਾ ਵੇਰਵਾ ਦਿੰਦਿਆਂ ਦੱਸਿਆ ਕਿ ਪਨਗ੍ਰੇਨ ਵੱਲੋਂ 63047 ਮੀਟਿ੍ਰਕ ਟਨ, ਮਾਰਕਫ਼ੈਡ ਵੱਲੋਂ 41368 ਮੀਟਿ੍ਰਕ ਟਨ, ਪਨਸਪ ਵੱਲੋਂ 33846 ਮੀਟਿ੍ਰਕ ਟਨ, ਪੰਜਾਬ ਰਾਜ ਗੋਦਾਮ ਨਿਗਮ ਵੱਲੋਂ 18601 ਮੀਟਿ੍ਰਕ ਟਨ, ਪੰਜਾਬ ਐਗਰੋ ਵੱਲੋਂ 15348 ਮੀਟਿ੍ਰਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 2673 ਮੀਟਿ੍ਰਕ ਟਨ ਝੋਨਾ ਖ੍ਰੀਦਿਆ ਗਿਆ ਹੈ।