ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਸਮੂਹ ਅਸਲਾ ਧਾਰਕਾਂ ਨੂੰ ਆਪਣੇ ਅਸਲੇ 15 ਦਸੰਬਰ ਤੱਕ ਜਮ੍ਹਾ ਕਰਵਾਉਣ ਦੇ ਆਦੇਸ਼ ਜਾਰੀ

ਫ਼ਿਰੋਜ਼ਪੁਰ, ਫਾਜਿਲਕਾ 11 ਦਸੰਬਰ( ਸੰਦੀਪ ਕੰਬੋਜ ਜਈਆ):ਜ਼ਿਲ੍ਹਾ ਮੈਜਿਸਟ੍ਰੇਟ ਫ਼ਿਰੋਜ਼ਪੁਰ ਸ੍ਰ. ਬਲਵਿੰਦਰ ਸਿੰਘ ਧਾਲੀਵਾਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿੱਚ ਅਮਨ ਤੇ ਕਾਨੂੰਨ ਦੀ ਵਿਵਸਥਾ ਨੂੰ ਬਣਾਏ ਰੱਖਣ ਲਈ ਜ਼ਿਲ੍ਹੇ ਦੇ ਸਾਰੇ ਅਸਲਾਧਾਰੀਆਂ ਨੂੰ ਆਪਣਾ-ਆਪਣਾ ਅਸਲਾ 15 ਦਸੰਬਰ ਸ਼ਾਮ 5 ਵਜੇ ਤੱਕ ਨੇੜੇ ਦੇ ਪੁਲਿਸ ਥਾਣਿਆਂ ਜਾਂ ਅਸਲਾ ਡੀਲਰਾਂ ਪਾਸ ਹਰ ਹਾਲਤ ਵਿਚ ਜਮ੍ਹਾ ਕਰਵਾਉਣ ਦੇ ਹੁਕਮ ਦਿੱਤੇ ਹਨ।ਇੰਨਾਂ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਖ਼ਿਲਾਫ਼ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ ਅਤੇ ਉਨ੍ਹਾਂ ਦੇ ਲਾਇਸੰਸ ਵੀ ਰੱਦ ਕੀਤੇ ਜਾਣਗੇ। ਇਹ ਹੁਕਮ 1 ਜਨਵਰੀ 2019 ਤੱਕ ਲਾਗੂ ਰਹੇਗਾ। ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਪੰਚਾਇਤੀ ਚੋਣਾਂ 30 ਦਸੰਬਰ ਨੂੰ ਹੋਣੀਆਂ ਹਨ। ਇਸ ਲਈ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿੱਚ ਅਮਨ ਤੇ ਕਾਨੂੰਨ ਦੀ ਵਿਵਸਥਾ ਨੂੰ ਬਣਾਏ ਰੱਖਣ ਲਈ ਜ਼ਿਲ੍ਹੇ ਦੇ ਸਾਰੇ ਅਸਲਾ ਲਾਇਸੰਸੀਆਂ ਨੂੰ ਆਪਣੇ-ਆਪਣੇ ਹਥਿਆਰ ਚੁੱਕ ਕੇ ਤੁਰਨ ਦੀ ਮਨਾਹੀ ਹੈ। ਉਨ੍ਹਾਂ ਦੱਸਿਆ ਕਿ ਚੋਣਾਂ ਦੌਰਾਨ ਅਮਨ ਤੇ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਅਸਲਾਧਾਰੀਆਂ ਪਾਸੋਂ ਉਨ੍ਹਾਂ ਦੇ ਅਸਲੇ ਨੂੰ ਜਮ੍ਹਾ ਕਰਵਾਉਣਾ ਬਹੁਤ ਜ਼ਰੂਰੀ ਹੈ ਤਾਂ ਜੋ ਕਿਸੇ ਕਿਸਮ ਦੀ ਘਟਨਾ ਨਾ ਵਾਪਰੇ।


