ਵਧੀਕ ਡਿਪਟੀ ਕਮਿਸ਼ਨਰ ਰਾਜਿੰਦਰ ਬਤਰਾ ਅਤੇ ਸਹਾਇਕ ਕਮਿਸ਼ਨਰ ਨੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਸਬੰਧੀ ਚੱਲ ਰਹੀਆਂ ਰੀਹਰਸਲਾਂ ਦਾ ਲਿਆ ਜਾਇਜ਼ਾ

ਮੋਗਾ 22 ਜਨਵਰੀ: (ਜਸ਼ਨ): 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਦਾਣਾ ਮੰਡੀ ਮੋਗਾ ਵਿਖੇ ਆਯੋਜਿਤ ਕੀਤੇ ਜਾਣ ਵਾਲੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਸਬੰਧੀ ਚੱਲ ਰਹੀਆਂ ਰੀਹਰਸਲਾਂ ਦਾ ਅੱਜ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਰਾਜਿੰਦਰ ਬਤਰਾ ਅਤੇ ਸਹਾਇਕ ਕਮਿਸ਼ਨਰ (ਜ) ਸ੍ਰੀ ਲਾਲ ਵਿਸਵਾਸ਼ ਬੈਂਸ ਨੇ ਜ਼ਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਵੱਲੋਂ ਕੀਤੀਆਂ ਜਾ ਰਹੀਆਂ ਸੱਭਿਆਚਾਰਕ ਆਈਟਮਾਂ ਵਿੱਚ ਰਹਿੰਦੀਆਂ ਛੋਟੀਆਂ-ਮੋਟੀਆਂ ਤਰੁੱਟੀਆਂ ਨੂੰ ਦੂਰ ਕਰਨ ਲਈ ਅਧਿਆਪਕਾਂ ਨੂੰ ਪ੍ਰੇਰਣਾ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਸਬੰਧੀ ਫੁੱਲ ਡਰੈਸ ਰੀਹਰਸਲ 24 ਜਨਵਰੀ ਨੂੰ ਹੋਵੇਗੀ। ਇਸ ਮੌਕੇ ਸ੍ਰੀ ਰਾਜਿੰਦਰ ਬਤਰਾ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਵਿੱਚ ਪੰਜਾਬ ਕੈਬਨਿਟ ਦੇ ਖੇਡਾਂ ਤੇ ਯੁਵਕ ਮਾਮਲੇ ਮੰਤਰੀ ਸ੍ਰੀ ਰਾਣਾ ਗੁਰਮੀਤ ਸਿੰਘ ਸੋਢੀ ਕੌਮੀ ਝੰਡਾ ਲਹਿਰਾਉਣਗੇ। ਉਨ੍ਹਾਂ ਦੱਸਿਆ ਕਿ ਇਸ ਮੌਕੇ ਪੰਜਾਬ ਪੁਲਿਸ, ਪੰਜਾਬ ਹੋਮ ਗਾਰਡ, ਵੱਖ-ਵੱਖ ਸਕੂਲਾਂ ਦੇ ਐਨ.ਸੀ.ਸੀ. ਕੈਡਿਟ ਅਤੇ ਸਕਾਊਟਸ ਦੀਆਂ ਟੁਕੜੀਆਂ ਸ਼ਾਨਦਾਰ ਮਾਰਚ ਪਾਸਟ ਵਿੱਚ ਹਿੱਸਾ ਲੈਣਗੀਆਂ ਤੇ ਵੱਖ-ਵੱਖ ਵਿਭਾਗਾਂ ਵੱਲੋਂ ਵਿਕਾਸ ਨਾਲ ਜੁੜੀਆਂ ਝਾਕੀਆਂ ਕੱਢੀਆਂ ਜਾਣਗੀਆਂ। ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਤਿਆਰ ਕੀਤਾ ਗਿਆ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਸਮਾਗਮ ਵਿੱਚ ਸੁਤੰਤਰਤਾ ਸੰਗਰਾਮੀਆਂ ਦਾ ਵਿਸ਼ੇਸ ਤੌਰ ’ਤੇ ਸਨਮਾਨ ਕੀਤਾ ਜਾਵੇਗਾ ਅਤੇ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਵੱਲੋਂ ਲੋੜਵੰਦਾਂ ਨੂੰ ਟਰਾਈ ਸਾਈਕਲ ਤੇ ਸਿਲਾਈ ਮਸ਼ੀਨਾਂ ਵੀ ਵੰਡੀਆਂ ਜਾਣਗੀਆਂ। ਇਸ ਮੌਕੇ ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਕੰਮ ਕਰਨ ਵਾਲੀਆਂ ਸਖਸ਼ੀਅਤਾਂ ਦਾ ਸਨਮਾਨ ਵੀ ਕੀਤਾ ਜਾਵੇਗਾ।