‘ਬੇਟੀ ਬਚਾਓ ਬੇਟੀ ਪੜ੍ਹਾਓ‘ ਸਕੀਮ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ ਪੱਧਰੀ ਹਸਤਾਖਰ ਮੁਹਿੰਮ ਦੀ ਸ਼ੁਰੂਆਤ-ਰਾਜਿੰਦਰ ਬਤਰਾ

ਮੋਗਾ 22 ਜਨਵਰੀ:(ਜਸ਼ਨ):ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸੰਦੀਪ ਹੰਸ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ‘ਬੇਟੀ ਬਚਾਓ ਬੇਟੀ ਪੜ੍ਹਾਓ‘ ਸਕੀਮ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਦੇ ਮੰਤਵ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਰਾਜਿੰਦਰ ਬਤਰਾ ਵੱਲੋ ਮੋਗਾ ਵਿਖੇ ਜ਼ਿਲ੍ਹਾ ਪੱਧਰੀ ਹਸਤਾਖਰ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅਮਰਜੀਤ ਸਿੰਘ ਭੁੱਲਰ ਵੀ ਮੌਜੂਦ ਸਨ। ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅਮਰਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਸ ਸਕੀਮ ਤਹਿਤ ਪੋਕਸੋ ਐਕਟ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਆਰ.ਕੇ.ਐਸ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੋਗਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਬਾਘਾਪੁਰਾਣਾ ਵਿਖੇ ਸੈਮੀਨਾਰ ਕਰਵਾਏ ਗਏ। ਉਨ੍ਹਾਂ ਦੱਸਿਆ ਕਿ ਮੋਗਾ ਵਿਖੇ ਕਰਵਾਏ ਗਏ ਸੈਮੀਨਾਰ ਵਿੱਚ ਬਤੌਰ ਮੁੱਖ ਮਹਿਮਾਨ ਸਹਾਇਕ ਕਮਿਸ਼ਨਰ (ਜ਼) ਸ੍ਰੀ ਲਾਲ ਵਿਸਵਾਸ਼ ਬੈਸ ਨੇ ਸ਼ਿਰਕਤ ਕੀਤੀ ਅਤੇ ਉਨ੍ਹਾਂ ਵੱਲੋ ਸੈਮੀਨਾਰ ਦੀ ਸ਼ੁਰੂਆਤ ਸ਼ਮ੍ਹਾਂ ਰੌਸ਼ਨ ਕਰਕੇ ਕੀਤੀ ਗਈ। ਇਸ ਸੈਮੀਨਾਰ ਦੌਰਾਨ ਵੀ ਹਸਤਾਖਰ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਐਡਵੋਕੇਟ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤੇਜਿੰਦਰਪਾਲ ਸਿੰਘ ਅਤੇ ਮੈਬਰ ਬਾਲ ਭਲਾਈ ਕਮੇਟੀ ਕੈਲਾਸ਼ ਗੁਪਤਾ ਵੱਲੋ ਪੋਕਸੋ ਅੇੈਕਟ ਬਾਰੇ ਵਿਸਥਾਰ ਪੂਰਵਿਕ ਜਾਣਕਾਰੀ ਦਿੱਤੀ ਗਈ। ਸੈਮੀਨਾਰ ਦੌਰਾਨ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਪਰਮਜੀਤ ਕੌਰ ਨੇ ਸਕੂਲ ਸਟਾਫ਼ ਅਤੇ ਬੱਚਿਆਂ ਨੂੰ ਇਸ ਸਕੀਮ ਸਬੰਧੀ ਜਾਗਰੂਕ ਕਰਦੇ ਹੋਏ ਆਸ ਪ੍ਰਗਟਾਈ ਕਿ ਬੱਚਿਆਂ ਨੂੰ ਭਵਿੱਖ ਵਿੱਚ ਇਨ੍ਹਾਂ ਸਕੀਮਾਂ ਦਾ ਵੱਧ ਤੋ ਵੱਧ ਫਾਇਦਾ ਲੈਣਾ ਚਾਹੀਦਾ ਹੈ ਅਤੇ ਆਪਣੇ ਮਾਤਾ-ਪਿਤਾ ਅਤੇ ਆਮ ਜਨਤਾ ਨੂੰ ਇਸ ਸਕੀਮ ਬਾਰੇ ਜਾਗਰੂਕ ਕਰਨਾ ਚਾਹੀਦਾ ਹੈ। ਇਸ ਮੌਕੇ ਬਾਲ ਵਿਕਾਸ ਪ੍ਰੋਜੇੈਕਟ ਅਫ਼ਸਰ ਰਾਣਾ ਗੁਰਬਿੰਦਰ ਕੌਰ, ਸਕੂਲ ਮੈਨੇਜਮੈਟ ਦੇ ਪ੍ਰਧਾਨ ਨੀਰਜ਼ ਸੂਦ, ਵਾਈਸ ਪ੍ਰਧਾਨ ਜਤਿੰਦਰ ਸੂਦ, ਰਿਜਨੀ ਅਰੋੜਾ, ਸਕੂਲ ਦਾ ਸਮੂਹ ਸਟਾਫ਼ ਅਤੇ ਬੱਚੇ ਹਾਜ਼ਰ ਸਨ। ਇਸ ਸਕੀਮ ਤਹਿਤ ਬਾਘਾਪੁਰਾਣਾ ਵਿਖੇ ਉਪ ਮੰਡਲ ਮੈਜਿਸਟ੍ਰੇਟ ਬਾਘਾਪੁਰਾਣਾ ਸਵਰਨਜੀਤ ਕੌਰ ਵੱਲੋ ਸੈਮੀਨਾਰ ਦੀ ਸ਼ੁਰੂਆਤ ਹਸਤਾਖਰ ਮੁਹਿੰਮ ਰਾਹੀ ਕੀਤੀ ਗਈ। ਇਸ ਮੌਕੇ ਬਾਲ ਵਿਕਾਸ ਤੇ ਪ੍ਰੋਜੈਕਟ ਅਫ਼ਸਰ ਕਰਨ ਬਰਾੜ ਅਤੇ ਬਾਲ ਸੁਰੱਖਿਆ ਅਫ਼ਸਰ ਸਰਬਪ੍ਰੀਤ ਸਿੰਘ ਵੱਲੋ ਬੱਚਿਆਂ ਨਾਲ ਸਬੰਧਤ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ। ਐਡਵੋਕੇਟ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਗਪ੍ਰ੍ਰੀਤ ਸਿੰਘ ਚੱਢਾ ਅਤੇ ਮੈਬਰ ਬਾਲ ਭਲਾਈ ਕਮੇਟੀ ਪਰਮਜੀਤ ਸਿੰਘ ਵੱਲੋ ਪੋਕਸੋ ਅੇੈਕਟ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਸੁਪਰਵਾਈਜ਼ਰ ਹਰਮੀਤ ਕੌਰ ਵੱਲੋ ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਬਾਰੇ ਵਿਦਿਆਰਥੀਆਂ ਨੂੰ ਜਾਣੂੰ ਕਰਵਾਇਆ ਗਿਆ। ਇਸ ਮੌਕੇ ਤਹਿਸੀਲਦਾਰ ਲਕਸ਼ੇ ਕੁਮਾਰ, ਨਾਇਬ ਤਹਿਸੀਲਦਾਰ ਗੁਰਮੀਤ ਸਿੰਘ ਅਤੇ ਪਿ੍ਰੰਸੀਪਲ ਸੰਦੀਪ ਕੁਮਾਰੀ ਵੀ ਹਾਜ਼ਰ ਸਨ। ਇਸ ਮੌਕੇ ਗੋਲਡਨ ਆਰਟ ਥੀਏਟਰ ਕੋਟਕਪੁੂਰਾ ਵੱਲੋ ਲੜਕੀਆਂ ਦੀ ਮਹੱਤਤਾ ਵਿਸੇਤੇ ਨੁੱਕੜ ਨਾਟਕ ਪੇਸ਼ ਕੀਤਾ ਗਿਆ। ਇਸ ਤੋ ਇਲਾਵਾ ਇਸ ਸਕੀਮ ਤਹਿਤ ਬਲਾਕ ਨਿਹਾਲ ਸਿੰਘ ਵਾਲਾ ਵਿਖੇ ਧੀਆਂ ਦੀ ਲੋਹੜੀ ਪ੍ਰੋਗਰਾਮ ਅਤੇ ਪਿੰਡ ਚੰਦਪੁਰਾਣਾ ਵਿਖੇ ਇਸ ਸਕੀਮ ਸਬੰਧੀ ਵਿਸੇਸ਼ ਸ਼ੋਅ ਕਰਵਾਇਆ ਗਿਆ।


