ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਸਬੰਧੀ ਫੁੱਲ ਡਰੈਸ ਤੇ ਅੰਤਿਮ ਰੀਹਰਸਲ 24 ਜਨਵਰੀ ਨੂੰ

ਮੋਗਾ 23 ਜਨਵਰੀ: (ਜਸ਼ਨ): 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਦਾਣਾ ਮੰਡੀ ਮੋਗਾ ਵਿਖੇ ਆਯੋਜਿਤ ਕੀਤੇ ਜਾਣ ਵਾਲੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਸਬੰਧੀ ਫੁੱਲ ਡਰੈਸ ਅਤੇ ਅੰਤਿਮ ਰੀਹਰਸਲ ਅੱਜ 24 ਜਨਵਰੀ ਨੂੰ ਹੋਵੇਗੀ। ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 26 ਜਨਵਰੀ ਨੂੰ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਵਿੱਚ ਪੰਜਾਬ ਕੈਬਨਿਟ ਦੇ ਖੇਡਾਂ ਤੇ ਯੁਵਕ ਮਾਮਲੇ ਮੰਤਰੀ ਸ੍ਰੀ ਰਾਣਾ ਗੁਰਮੀਤ ਸਿੰਘ ਸੋਢੀ ਕੌਮੀ ਝੰਡਾ ਲਹਿਰਾਉਣਗੇ। ਉਨ੍ਹਾਂ ਦੱਸਿਆ ਕਿ ਇਸ ਮੌਕੇ ਪੰਜਾਬ ਪੁਲਿਸ, ਪੰਜਾਬ ਹੋਮ ਗਾਰਡ, ਵੱਖ-ਵੱਖ ਸਕੂਲਾਂ ਦੇ ਐਨ.ਸੀ.ਸੀ. ਕੈਡਿਟ ਅਤੇ ਸਕਾਊਟਸ ਦੀਆਂ ਟੁਕੜੀਆਂ ਸ਼ਾਨਦਾਰ ਮਾਰਚ ਪਾਸਟ ਵਿੱਚ ਹਿੱਸਾ ਲੈਣਗੀਆਂ ਤੇ ਵੱਖ-ਵੱਖ ਵਿਭਾਗਾਂ ਵੱਲੋਂ ਵਿਕਾਸ ਨਾਲ ਜੁੜੀਆਂ ਝਾਕੀਆਂ ਕੱਢੀਆਂ ਜਾਣਗੀਆਂ। ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਤਿਆਰ ਕੀਤਾ ਗਿਆ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਸਮਾਗਮ ਵਿੱਚ ਸੁਤੰਤਰਤਾ ਸੰਗਰਾਮੀਆਂ ਦਾ ਵਿਸ਼ੇਸ ਤੌਰ ’ਤੇ ਸਨਮਾਨ ਕੀਤਾ ਜਾਵੇਗਾ ਅਤੇ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਵੱਲੋਂ ਲੋੜਵੰਦਾਂ ਨੂੰ ਟਰਾਈ ਸਾਈਕਲ ਤੇ ਸਿਲਾਈ ਮਸ਼ੀਨਾਂ ਵੀ ਵੰਡੀਆਂ ਜਾਣਗੀਆਂ। ਇਸ ਮੌਕੇ ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਕੰਮ ਕਰਨ ਵਾਲੀਆਂ ਸਖਸ਼ੀਅਤਾਂ ਦਾ ਸਨਮਾਨ ਵੀ ਕੀਤਾ ਜਾਵੇਗਾ। ਗਣਤੰਤਰ ਦਿਵਸ ਸਮਾਰੋਹ ਦੌਰਾਨ ਕਰਵਾਏ ਜਾਣ ਵਾਲੇ ਮਾਰਚ ਪਾਸਟ, ਸੱਭਿਆਚਾਰਕ ਵੰਨਗੀਆਂ ਅਤੇ ਪੀ.ਟੀ.ਸ਼ੋਅ ਦੀਆਂ ਅੱਜ ਚੌਥੇ ਦਿਨ ਵੀ ਰੀਹਰਸਲਾਂ ਕਰਵਾਈਆਂ ਗਈਆਂ, ਜਿਸ ਵਿੱਚ ਪੰਜਾਬ ਪੁਲੀਸ, ਪੰਜਾਬ ਹੋਮ ਗਾਰਡ ਦੇ ਜਵਾਨਾਂ, ਡੀ.ਐਮ ਕਾਲਜ, ਵਿਸ਼ਟਾ ਰੈਡ ਕਰਾਸ ਸਪੈਸ਼ਲ ਸਕੂਲ ਦੇ ਬੱਚਿਆਂ ਅਤੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ।


