ਕਿ੍ਰਸ਼ੀ ਵਿਗਿਆਨ ਕੇਂਦਰ ਬੁੱਧ ਸਿੰਘ ਵਾਲਾ ਵਿਖੇ ਪੈਰਾ ਲੀਗਲ ਵਲੰਟੀਅਰਜ਼ ਲਈ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ

ਮੋਗਾ 3 ਫ਼ਰਵਰੀ:(ਜਸ਼ਨ):ਲੋਕਾਂ ਨੁੰ ਸ਼ੁੱਧ ਵਾਤਾਵਰਣ ਪ੍ਰਦਾਨ ਕਰਨ ਅਤੇ ਫ਼ਸਲਾਂ ਦੇ ਨਾੜ ਨੂੰ ਸਾੜੇ ਜਾਣ ‘ਤੇ ਹੋਣ ਵਾਲੇ ਪ੍ਰਦੂਸ਼ਣ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਮੋਹਾਲੀ ਅਤੇ ਸ੍ਰੀ ਮੁਨੀਸ਼ ਸਿੰਗਲ ਜ਼ਿਲਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਦੀਆਂ ਹਦਾਇਤਾਂ ਦੀ ਪਾਲਣਾ ਹਿਤ ਵਿਨੀਤ ਕੁਮਾਰ ਨਾਰੰਗ, ਸੀ.ਜੇ.ਐਮ-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋਂ ਖੇਤੀਬਾੜੀ ਵਿਭਾਗ ਪੰਜਾਬ ਵੱਲੋਂ ਸਥਾਪਿਤ ਕਿ੍ਰਸ਼ੀ ਵਿਗਿਆਨ ਕੇਂਦਰ ਬੁੱਧ ਸਿੰਘ ਵਾਲਾ ਵਿਖੇ ਪੈਰਾ ਲੀਗਲ ਵਲੰਟੀਅਰਜ਼ ਲਈ ਇੱਕ ਟ੍ਰੇਨਿੰਗ ਪ੍ਰੋਗਰਾਮ ਦਾ ਆਯੋਜਨ ਕਰਵਾਇਆ ਗਿਆ। ਇਸ ਟ੍ਰੇਨਿੰਗ ਪ੍ਰੋਗਰਾਮ ਵਿੱਚ ਕਿ੍ਰਸ਼ੀ ਵਿਗਿਆਨ ਕੇਂਦਰ ਬੁੱਧ ਸਿੰਘ ਵਾਲਾ ਦੇ ਡਿਪਟੀ ਡਾਇਰੈਕਟਰ ਅਤੇ ਖੇਤੀ ਮਾਹਿਰ ਡਾ: ਅਮਨਦੀਪ ਸਿੰਘ ਬਰਾੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਫ਼ਸਲਾਂ ਦੀ ਰਹਿੰਦ-ਖੂੰਹਦ ਤੋਂ ਕਿਵੇਂ ਲਾਭ ਪ੍ਰਾਪਤ ਕੀਤਾ ਜਾ ਸਕਦਾ ਹੈ ਅਤੇ ਇਸ ਦੇ ਨਾਲ ਹੀ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਕਿਵੇਂ ਵਧਾਇਆ ਜਾ ਸਕਦਾ ਹੈ। ਉਨਾਂ ਇਹ ਵੀ ਦੱਸਿਆ ਕਿ ਇਨਾਂ ਕਿ੍ਰਸ਼ੀ ਵਿਗਿਆਨ ਕੇਂਦਰਾਂ ਦਾ ਮੁੱਖ ਮਨੋਰਥ ਕਿਸਾਨ ਭਰਾਵਾਂ ਦੀਆਂ ਸਮੱਸਿਆਵਾਂ ਨੂੰ ਜਾਣ ਕੇ ਖੇਤਾਂ ਵਿੱਚ ਜਾ ਕੇ ਉਨਾਂ ਨੂੰ ਨਵੀਆਂ ਤਕਨੀਕਾਂ ਬਾਰੇ ਜਾਣਕਾਰੀ ਪ੍ਰਦਾਨ ਕਰਨਾ ਹੈ। ਉਨਾਂ ਇਹ ਵੀ ਦੱਸਿਆ ਕਿ ਕਿ੍ਰਸ਼ੀ ਵਿਗਿਆਨ ਕੇਂਦਰ ਵੱਲੋਂ ਕਿਸਾਨ ਵੀਰਾਂ ਦੀ ਆਮਦਨ ਵਿੱਚ ਵਾਧਾ ਕਰਨ ਦੇ ਮੰਤਵ ਨਾਲ ਉਨਾਂ ਨੂੰ ਸਹਾਇਕ ਧੰਦੇ ਜਿਵੇਂ ਕਿ ਮਧੂ ਮੱਖੀ ਪਾਲਣਾ, ਖੁੰਬਾਂ ਦੀ ਖੇਤੀ ਕਰਨਾ, ਸਿਲਾਈ-ਕਢਾਈ, ਮਰੁੱਬੇ ਅਤੇ ਕੱਪੜੇ ਧੋਣ ਵਾਲਾ ਪਾਊਡਰ ਤਿਆਰ ਕਰਨ ਆਦਿ ਬਾਰੇ ਸਮੇਂ-ਸਮੇਂ ‘ਤੇ ਟ੍ਰੇਨਿੰਗ ਪ੍ਰੋਗਰਾਮਾਂ ਦਾ ਵੀ ਆਯੋਜਨ ਕੀਤਾ ਜਾਂਦਾ ਹੈ। ਇਸ ਮੌਕੇ ਵਿਨੀਤ ਕੁਮਾਰ ਨਾਰੰਗ, ਸੀ.ਜੇ.ਐਮ-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਨੇ ਕਿਹਾ ਕਿ ਪੈਰਾ ਲੀਗਲ ਵਲੰਟੀਅਰਜ਼ ਵੱਲੋਂ ਇਸ ਸਬੰਧੀ ਪਿੰਡਾਂ ਵਿੱਚ ਸੈਮੀਨਾਰਾਂ ਰਾਹੀਂ ਕਿਸਾਨ ਵੀਰਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇਗਾ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਨਾਂ ਕਿ੍ਰਸ਼ੀ ਵਿਗਿਆਨ ਕੇਂਦਰਾਂ ਵਿੱਚ ਜਾ ਕੇ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਲਾਭਾਂ ਬਾਰੇ ਵੱਧ ਤੋਵੱਧ ਜਾਣਕਾਰੀ ਪ੍ਰਾਪਤ ਕਰਕੇ ਲਾਭ ਉਠਾਉਣ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ: ਪਰਮਜੀਤ ਸਿੰਘ ਬਰਾੜ ਅਤੇ ਖੇਤੀਬਾੜੀ ਅਫ਼ਸਰ ਡਾ: ਗੁਰਦੀਪ ਸਿੰਘ ਨੇ ਵੀ ਖੇਤੀਬਾੜੀ ਲਈ ਲਾਹੇਵੰਦ ਨਵੀਆਂ ਤਕਨੀਕਾਂ ਅਤੇ ਮਸ਼ੀਨਰੀ ਬਾਰੇ ਜਾਣਕਾਰੀ ਦਿੱਤੀ।