ਜ਼ਿਲਾ ਪ੍ਰਸ਼ਾਸਨ ਵੱਲੋਂ ਆਗਾਮੀ ਲੋਕ ਸਭਾ ਚੋਣਾਂ ਲਈ ਤਿਆਰੀਆਂ ਸ਼ੁਰੂ

ਮੋਗਾ 5 ਫ਼ਰਵਰੀ:(ਜਸ਼ਨ): ਜ਼ਿਲਾ ਪ੍ਰਸ਼ਾਸਨ ਵੱਲੋਂ ਆਗਾਮੀ ਲੋਕ ਸਭਾ ਚੋਣਾਂ ਲਈ ਤਿਆਰੀਆਂ ਆਰੰਭ  ਦਿੱਤੀਆਂ ਗਈਆਂ ਹਨ। ਅੱਜ ਸਥਾਨਕ ਮੀਟਿੰਗ ਹਾਲ ਵਿਖੇ ਚੋਣਾਂ ਨਾਲ ਸਬੰਧਤ ਸਿਵਲ ਅਤੇ ਪੁਲੀਸ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਅਂ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇਨ-ਬਿਨ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਸੀਨੀਅਰ ਕਪਤਾਨ ਪੁਲਿਸ ਸ੍ਰੀ ਗੁਲਨੀਤ ਸਿੰਘ ਖੁਰਾਣਾ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਅਜੈ ਸੂਦ ਵੀ ਮੌਜੂਦ ਸਨ। 
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਚੋਣ ਪ੍ਰਕਿਰਿਆ ਪੂਰੀ ਪਾਰਦਰਸ਼ਤਾ ਨਾਲ ਸਿਰੇ ਚੜਾਉਣ ਅਤੇ ਵੱਧ ਤੋਂ ਵੱਧ ਵੋਟਰਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਸਬੰਧੀ ਵੀ ਹਦਾਇਤਾਂ ਦਿੱਤੀਆਂ। ਉਨਾਂ ਆਗਾਮੀ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਲਈ ਜ਼ਿਲੇ ਦੇ ਸਮੂਹ ਐਸ.ਡੀ.ਐਮਜ਼ ਨੂੰ ਪੁਲਿਸ ਅਧਿਕਾਰੀਆਂ ਨਾਲ ਹੋਰ ਬਿਹਤਰ ਢੰਗ ਨਾਲ ਤਾਲਮੇਲ ਕਰਨ ਲਈ ਵੀ ਪ੍ਰੇਰਣਾ ਦਿੱਤੀ। ਉਨਾਂ ਕਿਹਾ ਕਿ ਸਬੰਧਤ ਅਧਿਕਾਰੀ ਪੋਲਿੰਗ ਸਟੇਸ਼ਨਾਂ ਦਾ ਖੁਦ ਜਾ ਕੇ ਦੌਰਾ ਕਰਨ।
ਡਿਪਟੀ ਕਮਿਸ਼ਨਰ ਨੇ ਸੁਰੱਖਿਆ ਪ੍ਰਬੰਧਾਂ ਸਬੰਧੀ ਪੁਲੀਸ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੰਦਿਆਂ ਕਿਹਾ ਕਿ ਉਹ ਸੰਵੇਦਨਸ਼ੀਲ ਥਾਵਾਂ ਦੀ ਪਛਾਣ ਕਰਨ ਅਤੇ ਉਸ ਮੁਤਾਬਕ ਅਗਲੇਰੀ ਕਾਰਵਾਈ ਕਰਨ। ਉਨਾਂ ਸਮੂਹ ਉਪ ਮੰਡਲ ਮੈਜਿਸਟ੍ਰੇਟ ਨੂੰ ਸਵੀਪ ਗਤੀਵਿਧੀਆਂ ‘ਚ ਤੇਜ਼ੀ ਲਿਆਉਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਵੋਟਰਾਂ ਨੂੰ ਵੋਟ ਦੇ ਅਧਿਕਾਰ ਦਾ ਵੱਧ ਤੋਂ ਵੱਧ ਇਸਤੇਮਾਲ ਕਰਨ ਲਈ ਜਾਗਰੂਕ ਕੀਤਾ ਜਾਵੇ, ਤਾਂ ਜੋ ਕੋਈ ਵੀ ਵੋਟਰ ਵੋਟ ਦੇ ਅਧਿਕਾਰ ਤੋਂ ਵਾਂਝਾ ਨਾ ਰਹੇ। ਉਨਾਂ ਚੋਣ ਡਿਊਟੀ ਵਿੱਚ ਲਗਾਏ ਜਾਣ ਵਾਲੇ ਅਧਿਕਾਰੀਆਂ/ਕ੍ਰਮਚਾਰੀਆਂ ਲਈ ਅਗਾਂਊ ਬੈਲਟ ਪੇਪਰ ਜਾਰੀ ਕਰਨ ਲਈ ਵੀ ਹਦਾਇਤ ਕੀਤੀ, ਤਾਂ ਜੋ ਉਹ ਅਧਿਕਾਰੀ/ਕ੍ਰਮਚਾਰੀ ਵੀ ਆਪਣੀ ਵੋਟ ਦੇ ਸੰਵਿਧਾਨਕ ਹੱਕ ਦੀ ਵਰਤੋਂ ਕਰ ਸਕਣ। ਉਨਾਂ ਦੱਸਿਆ ਕਿ ਆਮ ਲੋਕਾਂ ਦੀ ਸਹੂਲਤ ਲਈ ਟੌਲ ਫ੍ਰੀ ਵੋਟਰ ਹੈਲਪਲਾਈਨ ਨੰਬਰ 1950 ‘ਤੇ ਚੋਣਾਂ ਜਾਂ ਵੋਟਰ ਸੂਚੀ ਸਬੰਧੀ ਕਿਸੇ ਵੀ ਕਿਸਮ ਦੀ ਜਾਣਕਾਰੀ , ਸ਼ਿਕਾਇਤ ਜਾਂ ਸੁਝਾਅ ਨੋਟ ਕਰਵਾਇਆ ਜਾ ਸਕਦਾ ਹੈ।ਉਨਾਂ ਦੱਸਿਆ ਕਿ ਜੇ ਕੋਈ ਜ਼ਿਲੇ ਤੋਂ ਬਾਹਰੋਂ ਇਸ ਨੰਬਰ ਉਤੇ ਸੰਪਰਕ ਕਰਨਾ ਚਾਹੁੰਦਾ ਹੈ ਤਾਂ ਉਸ ਨੂੰ ਪਹਿਲਾਂ ਜ਼ਿਲੇ ਦਾ ਕੋਡ 01636 ਲਾਉਣਾ ਪਵੇਗਾ।
ਮੀਟਿੰਗ ਵਿੱਚ ਸਹਾਇਕ ਕਮਿਸ਼ਨਰ (ਜ) ਲਾਲ ਵਿਸਵਾਸ਼ ਬੈਂਸ, ਸਮੂਹ ਉਪ ਮੰਡਲ ਮੈਜਿਸਟ੍ਰੇਟ ਤੇ ਉਪ ਕਪਤਾਨ ਪੁਲਿਸ , ਤਹਿਸੀਲਦਾਰ ਚੋਣਾਂ ਮਨਜੀਤ ਸਿੰਘ ,DPRO TEJA SINGH ਆਦਿ ਹਾਜ਼ਰ ਸਨ।
***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ ।