ਪੰਜਾਬ ਦੇ ਵਿਧਾਇਕਾਂ ਵੱਲੋਂ ਸੂਬੇ ਦੇ ਪੁਲਵਾਮਾ ਹਾਦਸੇ ਦੇ ਪੀੜਤ ਪਰਿਵਾਰਾਂ ਲਈ ਇੱਕ ਮਹੀਨੇ ਦੀ ਤਨਖਾਹ ਦੇਣ ਦਾ ਫੈਸਲਾ

ਚੰਡੀਗੜ, 18 ਫਰਵਰੀ(INTERNATIONAL PUNJABI NEWS BUREAU) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਦੇ ਮੈਂਬਰਾਂ ਨੇ ਸੂਬੇ ਨਾਲ ਸਬੰਧਿਤ ਚਾਰ ਸ਼ਹੀਦਾਂ ਦੇ ਪਰਿਵਾਰਾਂ ਲਈ ਆਮ ਸਹਿਮਤੀ ਨਾਲ ਇੱਕ ਇੱਕ ਮਹੀਨੇ ਦੀ ਤਨਖਾਹ ਦੇਣ ਦਾ ਫੈਸਲਾ ਕੀਤਾ ਹੈ।
ਇਸ ਸਬੰਧੀ ਮਤਾ ਫਿਰੋਜ਼ਪੁਰ ਦੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਪੇਸ਼ ਕੀਤਾ ਅਤੇ ਇਸ ਦੀ ਕਾਦੀਆਂ ਦੇ ਵਿਧਾਇਕ ਫਤਹਿ ਜੰਗ ਸਿੰਘ ਬਾਜਵਾ ਨੇ ਤਾਈਦ ਕੀਤੀ। ਸਪੀਕਰ ਵੱਲੋਂ ਇਸ ਦਾ ਪ੍ਰਸਤਾਵ ਕਰਨ ’ਤੇ ਮੈਂਬਰ ਨੇ ਡੈਸਕ ਥਪ-ਥਪਾਉਂਦੇ ਹੋਏ ਇਸ ਨੂੰ ਆਮ ਸਹਿਮਤੀ ਨਾਲ ਪ੍ਰਵਾਨ ਕਰ ਲਿਆ।
ਮੁੱਖ ਮੰਤਰੀ ਵੱਲੋਂ ਪ੍ਰਭਾਵਿਤ ਪਰਿਵਾਰਾਂ ਨੂੰ ਹਰ ਸੰਭਵ ਮਦਦ ਦੇਣ ਦੀ ਆਪਣੀ ਨਿੱਜੀ ਵਚਨਬੱਧਤਾ ਦਾ ਐਲਾਨ ਕਰਨ ਤੋਂ ਇੱਕ ਦਿਨ ਬਾਅਦ ਇਸ ਮਤੇ ਵਿੱਚ ਪੀੜਤ ਪਰਿਵਾਰਾਂ ਨਾਲ ਇੱਕਮੁੱਠਤਾ ਪ੍ਰਗਟ ਕੀਤੀ ਗਈ ਹੈ।
ਗੌਰਤਲਬ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਚਾਰ ਪਰਿਵਾਰਾਂ ਲਈ 12-12 ਲੱਖ ਰੁਪਏ ਵਿੱਤੀ ਸਹਾਇਤਾ ਅਤੇ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਕੱਲ ਸ਼ਹੀਦ ਕੁਲਵਿੰਦਰ ਸਿੰਘ ਦੇ ਮਾਪਿਆ ਨਾਲ ਦੁੱਖ ਸਾਂਝਾ ਕਰਨ ਲਈ ਉਨਾਂ ਦੇ ਆਨੰਦਪੁਰ ਸਾਹਿਬ ਨੇੜੇ ਪਿੰਡ ਰੌਲੀ ਗਏ ਜਿਥੇ ਉਨਾਂ ਨੇ 10000 ਰੁਪਏ ਪ੍ਰਤੀ ਮਹੀਨਾ ਵਿਸ਼ੇਸ਼ ਪਰਿਵਾਰਕ ਪੈਨਸ਼ਨ ਦੇਣ ਦਾ ਐਲਾਨ ਕੀਤਾ। ਇਹ ਪੈਨਸ਼ਨ ਨੌਕਰੀ ਦੇ ਇਵਜ਼ ਵਿੱਚ ਦਿੱਤੀ ਜਾ ਰਹੀ ਹੈ ਕਿਉਂਕਿ ਉਨਾਂ ਦਾ ਕੋਈ ਵੀ ਹੋਰ ਬੱਚਾ ਨਹੀਂ ਹੈ ਅਤੇ ਸ਼ਹੀਦ ਜਵਾਨ ਅਣਵਿਆਹਿਆ ਸੀ।


