ਆਮ ਲੋਕਾਂ ਨੂੰ ਨਿਆਂ ਪ੍ਰਾਪਤ ਕਰਨ ਲਈ ਲੋਕ ਅਦਾਲਤਾਂ ਰਾਹੀਂ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ -ਮੁਨੀਸ਼ ਸਿੰਗਲ, ਜ਼ਿਲਾ ਤੇ ਸ਼ੈਸ਼ਨਜ਼ ਜੱਜ, ਮੋਗਾ

ਮੋਗਾ,9 ਮਾਰਚ (ਜਸ਼ਨ): ਆਮ ਜਨਤਾ ਦੀ ਸਹੂਲਤ ਲਈ ਲਗਾਈਆਂ ਜਾ ਰਹੀਆਂ ਲੋਕ ਅਦਾਲਤਾਂ ਦੀ ਲੜੀ ਵਿਚ ਮਾਨਯੋਗ ਸ੍ਰੀ ਮਹੇਸ਼ ਗਰੋਵਰ ਜਸਟਿਸ ਪੰਜਾਬ ਤੇ ਹਰਿਆਣਾ ਹਾਈਕੋਰਟ-ਕਮ-ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਜੀਆਂ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਹਿਤ ਅਤੇ ਮਾਨਯੋਗ ਜ਼ਿਲਾ ਤੇ ਸ਼ੈਸ਼ਨਜ਼ ਜੱਜ, ਮੋਗਾ ਸ੍ਰੀ ਮੁਨੀਸ਼ ਸਿੰਗਲ ਦੀ ਅਗਵਾਈ ਹੇਠ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸ੍ਰੀ ਵਿਨੀਤ ਕੁਮਾਰ ਨਾਰੰਗ, ਸੀ.ਜੇ.ਐਮ.-ਕਮ-ਸਕੱਤਰ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਨੇ ਦੱਸਿਆ ਕਿ ਇਹ ਨੈਸ਼ਨਲ ਲੋਕ ਅਦਾਲਤ ਜ਼ਿਲਾ ਅਦਾਲਤਾਂ ਮੋਗਾ ਤੋਂ ਇਲਾਵਾ ਸਬ-ਡਵੀਜ਼ਨ ਪੱਧਰ ਵਿਖੇ ਵੀ ਲਗਾਈ ਗਈ। ਇਸ ਸਬੰਧ ਵਿਚ ਜ਼ਿਲਾ ਪੱਧਰ ਤੇ 12 ਬੈਂਚ ਅਤੇ ਇੱਕ-ਇੱਕ ਬੈਂਚ ਸਬ-ਡਵੀਜ਼ਨ ਨਿਹਾਲ ਸਿੰਘ ਵਾਲਾ ਬਾਘਾ ਪੁਰਾਣਾ ਕੋਰਟ ਕੰਪਲੈਕਸ ਵਿਖੇ ਸਥਾਪਿਤ ਕੀਤੇ ਗਏ ਸਨ। ਇਸ ਲੋਕ ਅਦਾਲਤ ਵਿਚ ਕੁਲ 2365 ਕੇਸ ਰੱਖੇ ਗਏ ਸਨ। ਇਨਾਂ ਵਿਚੋਂ 266 ਕੇਸਾਂ ਦਾ ਨਿਪਟਾਰਾ ਆਪਸੀ ਸਹਿਮਤੀ ਨਾਲ ਕੀਤਾ ਗਿਆ।ਇਨਾਂ ਨਿਪਟਾਏ ਗਏ ਕੇਸਾਂ ਵਿਚ ਆਪਸੀ ਸਹਿਮਤੀ ਨਾਲ 5,66,58,852/-ਰੁਪਏ ਦੀ ਸੈਟਲਮੈਂਟ ਕੀਤੀ ਗਈ। ਇਸ ਨੈਸ਼ਨਲ ਲੋਕ ਅਦਾਲਤ ਵਿਚ ਸੀ.ਆਰ.ਪੀ.ਸੀ. ਦੀ ਧਾਰਾ 320 ਤਹਿਤ ਆਉਂਦੇ ਰਾਜ਼ੀਨਾਮਾ ਹੋਣ ਯੋਗ ਫ਼ੌਜ਼ਦਾਰੀ ਮਾਮਲਿਆਂ ਤੋਂ ਇਲਾਵਾ ਚੈਕ ਬਾਊਂਸ ਕੇਸ, ਬੈਕਾਂ ਦੇ ਰਿਕਵਰੀ ਕੇਸ, ਪਤੀ-ਪਤਨੀ ਦੇ ਆਪਸੀ ਤੇ ਪਰਿਵਾਰਕ ਝਗੜੇ, ਜ਼ਮੀਨ ਜਾਇਦਾਦ ਸਬੰਧੀ ਝਗੜੇ, ਬਿਜਲੀ ਤੇ ਪਾਣੀ ਦੇ ਬਿਲਾਂ ਦੇ ਝਗੜੇ, ਤਨਖ਼ਾਹ ਤੇ ਭੱਤਿਆਂ ਸਬੰਧੀ, ਕਰਮਚਾਰੀਆਂ ਦੀ ਸੇਵਾ ਨਾਲ ਸਬੰਧਤ ਕੇਸ, ਮਾਲ ਵਿਭਾਗ ਨਾਲ ਸਬੰਧਤ, ਮੋਟਰ ਵਹੀਕਲ ਐਕਟ ਤਹਿਤ ਐਮ.ਏ.ਸੀ.ਟੀ. (ਮੋਟਰ ਐਕਸੀਡੈਂਟ ਕਲੇਮ ਟਿ੍ਰਬਿਊਨਲ), ਕਿਰਾਏ ਸਬੰਧੀ ਝਗੜੇ ਤੇ ਹੋਰ ਦੀਵਾਨੀ ਕੇਸਾਂ ਨਾਲ ਸਬੰਧਤ ਝਗੜਿਆਂ ਆਦਿ ਲਗਾਏ ਗਏ ਸਨ। ਇਨਾਂ ਲੋਕ ਅਦਾਲਤਾਂ ਵਿੱਚ ਆਪਸੀ ਰਾਜ਼ੀਨਾਮੇ ਨਾਲ ਕੇਸ ਦਾ ਨਿਪਟਾਰਾ ਕਰਵਾ ਕੇ ਲੋਕ ਛੇਤੀ ਅਤੇ ਸਸਤਾ ਨਿਆਂ ਪ੍ਰਾਪਤ ਕਰ ਸਕਦੇ ਹਨ ਜਿਸ ਨਾਲ ਦੋਵੇਂ ਧਿਰਾਂ ਦੀ ਆਪਸੀ ਰੰਜਿਸ਼ ਖ਼ਤਮ ਹੁੰਦੀ ਹੈ ਅਤੇ ਕੇਸ ਦਾ ਨਿਪਟਾਰਾ ਵੀ ਜਲਦੀ ਹੋ ਜਾਂਦਾ ਹੈ। ਇਸ ਨਾਲ ਪੈਸੇ ਦੀ ਵੀ ਬੱਚਤ ਹੁੰਦੀ ਹੈ। ਇਸ ਸਬੰਧੀ ਕੋਈ ਵੀ ਵਿਅਕਤੀ ਜ਼ਿਲਾ ਅਦਾਲਤਾਂ, ਮੋਗਾ ਵਿਖੇ ਸਥਿਤ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਦੇ ਦਫ਼ਤਰ ਨਾਲ ਸੰਪਰਕ ਕਰ ਸਕਦਾ ਹੈ। ਉਹਨਾਂ ਇਹ ਵੀ ਦੱਸਿਆ ਕਿ ਮਹੀਨੇ ਦੇ ਹਰ ਆਖ਼ਰੀ ਕੰਮਕਾਰ ਵਾਲੇ ਸ਼ਨੀਵਾਰ ਨੂੰ ਮਹੀਨਾਵਾਰ ਲੋਕ ਅਦਾਲਤ ਲਗਾਈ ਜਾਂਦੀ ਹੈ। ਉਹਨਾਂ ਨੇ ਦੱਸਿਆ ਕਿ ਅਗਲੀ ਨੈਸ਼ਨਲ ਲੋਕ ਅਦਾਲਤ 13 ਜੁਲਾਈ 2019 ਨੂੰ ਲਗਾਈ ਜਾਵੇਗੀ।
ਇਸ ਮੌਕੇ ਦਵਿੰਦਰ ਸਿੰਘ ਰਿੰਪੀ , ਮੈਡਮ ਇੰਦੂ ਪੁਰੀ ,ਐੱਸ ਕੇ ਬਾਂਸਲ ਅਤੇ ਹੋਰ ਐੱਨ ਜੀ ਓ ਵੱਖ ਵੱਖ ਬੈਂਚਾਂ ਵਿਚ ਸ਼ਾਮਲ ਸਨ।


