ਸਵੀਪ ਪ੍ਰੋਗਰਾਮ ਤਹਿਤ ਕੁਸ਼ਟ ਆਸ਼ਰਮ ਮੋਗਾ ਅਤੇ ਚੰਦ ਪੁਰਾਣਾ ਵਿਖੇ ਲਗਾਏ ਗਏ ਜਾਗਰੂਕਤਾ ਕੈਂਪ

ਮੋਗਾ/ਚੰਦ ਪੁਰਾਣਾ 17 ਮਾਰਚ:(ਜਸ਼ਨ):ਵੋਟ ਦੇ ਅਧਿਕਾਰ ਸਬੰਧੀ ਜਾਗਰੂਕ ਕਰਨ ਲਈ ਸਵੀਪ (ਸਿਸਟੇਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟਰੋਲ ਪਾਰਟੀਸੀਪੇਸ਼ਨ) ਪ੍ਰੋਗਰਾਮ ਅਧੀਨ ਨਿਰਮੋਹੀ ਕੁਸ਼ਟ  ਆਸ਼ਰਮ ਮੋਗਾ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਸਹਾਇਕ ਕਮਿਸ਼ਨਰ (ਜ) ਸ੍ਰੀ ਲਾਲ ਵਿਸਵਾਸ਼ ਬੈਂਸ ਅਤੇ ਸਵੀਪ ਨੋਡਲ ਅਫ਼ਸਰ ਬਲਵਿੰਦਰ ਸਿੰਘ ਨੇ ਕੁਸ਼ਟ ਰੋਗੀਆਂ ਨੂੰ ਵੋਟ ਦੀ ਅਹਿਮੀਅਤ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਜ਼ਬੂਤ ਲੋਕਤੰਤਰ ਲਈ ਵੱਧ ਤੋਂ ਵੱਧ ਵੋਟਰਾਂ ਵੱਲੋਂ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ ਜਾਣੀ ਜ਼ਰੂਰੀ ਹੈ। ਉਨਾਂ ਦੱਸਿਆ ਕਿ ਇਸ ਮੰਤਵ ਦੀ ਪੂਰਤੀ ਲਈ ਹੀ ਲੋਕਾਂ ਨੂੰ ਵੋਟ ਦੀ ਵਰਤੋਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਮੌਕੇ ਉਨਾਂ ਵੋਟਰਾਂ ਨੂੰ 19 ਮਈ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਆਪਣੇ ਸੰਵਿਧਾਨਕ ਹੱਕ ਵੋਟ ਦੀ ਵਰਤੋਂ ਕਰਨ ਦੀ ਜੋ ਅਪੀਲ ਵੀ ਕੀਤੀ।  ਓਧਰ ਸ਼ਹੀਦ ਬਾਬਾ ਤੇਗਾ ਸਿੰਘ ਚੰਦ ਪੁਰਾਣਾ ਵਿਖੇ ਸ਼ਹੀਦੀ ਜਂੋੜ ਮੇਲੇ ‘ਤੇ ਉਪ ਮੰਡਲ ਮੈਜਿਸਟ੍ਰੇਟ ਬਾਘਾਪੁਰਾਣਾ ਸ੍ਰੀਮਤੀ ਸਵਰਨਜੀਤ ਕੌਰ ਅਤੇ ਸਵੀਪ ਨੋਡਲ ਅਫ਼ਸਰ ਬਲਵਿੰਦਰ ਸਿੰਘ ਵੱਲੋਂ ਆਮ ਲੋਕਾਂ ਨੂੰ ਈ.ਵੀ.ਐਮ. ਤੇ ਵੀ.ਵੀ.ਪੈਟ. ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਗਾਮੀ ਲੋਕ ਸਭਾ ਚੋਣਾਂ ਦੌਰਾਨ ਈ.ਵੀ.ਐਮ. ਮਸ਼ੀਨ ਦੇ ਨਾਲ-ਨਾਲ ਵੀ.ਵੀ.ਪੈਟ. ਦੀ ਵੀ ਵਰਤੋਂ ਕੀਤੀ ਜਾਵੇਗੀ। ਉਨਾਂ ਕਿਹਾ ਕਿ ਵੀ.ਵੀ.ਪੈਟ ਰਾਹੀਂ ਵੋਟਰ ਇਸ ਗੱਲ ਦੀ ਤਸੱਲੀ ਕਰ ਸਕਦੇ ਹਨ ਕਿ ਉਨਾਂ ਨੇ ਜਿਹੜੇ ਉਮੀਦਵਾਰ ਨੂੰ ਵੋਟ ਪਾਈ ਹੈ, ਉਨਾਂ ਦੀ ਵੋਟ ਉਸੇ ਉਮੀਦਵਾਰ ਨੂੰ ਹੀ ਪਈ ਹੈ। ਉਨਾਂ ਦੱਸਿਆ ਕਿ ਲੋਕਾਂ ਵਿੱਚ ਵੋਟਿੰਗ ਪ੍ਰਕਿਰਿਆ ਬਾਰੇ ਜਾਣਕਾਰੀ ਹਾਸਲ ਕਰਨ ਸਬੰਧੀ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਤੇ ਜਾਣਕਾਰੀ ਪ੍ਰਾਪਤ ਕਰਨ ਵਾਲੇ ਲੋਕਾਂ ਨੇ ਅਹਿਦ ਕੀਤਾ ਕਿ ਉਹ ਇਸ ਸਬੰਧੀ ਹੋਰਨਾਂ ਲੋਕਾਂ ਨੂੰ ਵੀ ਜਾਗਰੂਕ ਕਰਨਗੇ, ਤਾਂ ਜੋ ਕੋਈ ਵੀ ਵੋਟਰ ਵੋਟ ਦੇ ਅਧਿਕਾਰ ਦੀ ਵਰਤੋਂ ਤੋਂ ਵਾਂਝਾ ਨਾ ਰਹੇ। ਇਸ ਮੌਕੇ ਤਹਿਸੀਲਦਾਰ ਬਾਘਾਪੁਰਾਣਾ ਲਕਸ਼ੇ ਕੁਮਾਰ ਅਤੇ ਵੱਡੀ ਗਿਣਤੀ ‘ਚ ਲੋਕ ਹਾਜ਼ਰ ਸਨ।