ਕਿਸਾਨ ਸਿਖਲਾਈ ਕੈਂਪ ਦੌਰਾਨ ਸਾਉਣੀ ਦੀਆਂ ਫਸਲਾਂ ਦੀ ਸੁਚੱਜੀ ਕਾਸ਼ਤ ਬਾਰੇ ਦਿੱਤੀ ਜਾਣਕਾਰੀ,ਪੰਜਾਬ ਦਾ ਕਿਸਾਨ ਪੰਜਾਬ ਦੇ ਅਰਥਚਾਰੇ ਦੀ ਰੀੜ ਦੀ ਹੱਡੀ-ਡਿਪਟੀ ਕਮਿਸ਼ਨਰ

ਕੋਟਕਪੂਰਾ/ਫਰੀਦਕੋਟ 4 ਅਪ੍ਰੈਲ (ਟਿੰਕੂ ਪਰਜਾਪਤ) :- ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਫਰੀਦਕੋਟ ਵੱੱਲੋਂ ਸਾਉਣੀ ਦੀਆਂ ਫਸਲਾਂ ਅਤੇ ਫਸਲੀ ਵਿਭਿੰਨਤਾ ਸਬੰਧੀ ਜ਼ਿਲਾ ਪੱਧਰੀ ਕਿਸਾਨ ਸਿਖਲਾਈ ਕੈਂਪ ਫਰੀਦਕੋਟ ਦੇ ਖੇਤੀਬਾੜੀ ਵਿਭਾਗ ਵਿਖੇ ਲਗਾਇਆ ਗਿਆ। ਇਸ ਦਾ ਉਦਘਾਟਨ ਸ: ਗੁਰਲਵਲੀਨ ਸਿੰਘ ਸਿੱਧੂ ਆਈ.ਏ.ਐਸ. ਡਿਪਟੀ ਕਮਿਸ਼ਨਰ ਕਮ ਚੇਅਰਮੈਨ ਆਤਮਾ ਨੇ ਕੀਤਾ।ਕੈਂਪ ਦੀ ਪ੍ਰਧਾਨਗੀ ਮਨਮੋਹਨ ਕਾਲੀਆ, ਸੰਯੁਕਤ ਡਾਇਰੈਕਟਰ ਖੇਤੀਬਾੜੀ (ਇੰਜ:), ਪੰਜਾਬ ਨੇ ਕੀਤੀ।ਕੈਂਪ ਵਿੱਚ 1200 ਤੋਂ ਵੱਧ ਕਿਸਾਨਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਸ: ਗੁਰਲਵਲੀਨ ਸਿੰਘ ਸਿੱਧੂ  ਨੇ ਕਿਹਾ ਕਿ ਪੰਜਾਬ ਦਾ ਕਿਸਾਨ ਪੰਜਾਬ ਦੇ ਅਰਥਚਾਰੇ ਦੀ ਰੀੜ ਦੀ ਹੱਡੀ ਹੈ ਅਤੇ ਪੰਜਾਬ ਦੀ ਆਰਥਿਕਤਾ ਦੀ ਮਜ਼ਬੂਤੀ ਵਿੱਚ ਵੀ ਕਿਸਾਨਾਂ ਦਾ ਮਹੱਤਵਪੂਰਨ ਯੋਗਦਾਨ ਹੈ। ਉਨਾਂ ਕਿਹਾ ਕਿ ਕਿਸਾਨ ਫਸਲਾਂ ਦੇ ਨਾਲ ਨਾਲ ਫੁੱਲਾਂ ਦੀ ਖੇਤੀ, ਬੱਕਰੀ ਪਾਲਣ , ਪਸ਼ੂ ਪਾਲਨ  ਆਦਿ ਸਹਾਇਕ ਧੰਦੇ ਅਪਣਾਉਣ ਅਤੇ ਆਪਣੇ ਆਰਥਿਕ ਪੱਧਰ ਨੂੰ ਉੱਚਾ ਚੁੱਕਣ। ਉਨਾਂ ਸਮੂਹ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਉਹ ਹਾੜੀ ਦੇ ਇਸ ਸੀਜਨ ਦੌਰਾਨ ਜਿੱਥੇ ਆਪਣੀ ਫ਼ਸਲ ਨੂੰ ਪੂਰੀ ਤਰਾਂ ਪੱਕ ਜਾਣ ਤੇ ਹੀ ਮੰਡੀ ਵਿਚ ਲੈ ਕੇ ਆਉਣ ਉੱਥੇ ਹੀ ਫ਼ਸਲ ਦੀ ਕਟਾਈ ਤੋਂ ਬਾਅਦ ਬਾਕੀ ਬਚਦੇ ਨਾੜ ਨੂੰ ਵੀ ਅੱਗ ਲਾਉਣ ਤੋਂ ਗੁਰੇਜ ਕੀਤਾ ਜਾਵੇ ਤਾਂ ਜੋ ਆਉਣ ਵਾਲੀਆਂ ਪੀੜੀਆਂ ਲਈ ਅਸੀ ਸਾਫ਼ ਅਤੇ ਸਵੱਛ ਵਾਤਾਵਰਣ ਦੇ ਨਾਲ ਨਾਲ ਕੀੜੇ ਮਕੌੜਿਆਂ ਦੀਆਂ ਹੋਰਨਾਂ ਪ੍ਰਜਾਤੀਆਂ ਨੂੰ ਵੀ ਬਚਾ ਸਕੀਏ। ਇਸ ਮੌਕੇ ਆਪਣੇ ਪ੍ਰਧਾਨਗੀ ਭਾਸ਼ਣ ‘ਚ ਸੰਯੁਕਤ ਡਾਇਰੈਕਟਰ ਖੇਤੀਬਾੜੀ (ਇੰਜ:) ਮਨਮੋਹਣ ਕਾਲੀਆ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਨੈਸ਼ਨਲ ਗ੍ਰੀਨ ਟਿ੍ਰਬਿਊਨਲ ਦੇ ਹੁਕਮਾਂ ਦੀ ਪਾਲਣਾ ਕਰਨ ਅਤੇ ਕਣਕ ਦੀ ਨਾੜ ਨੂੰ ਅੱਗ ਲਾ ਕੇ ਸਾੜਨ ਨਾਲ ਹੋ ਰਹੇ ਵਾਤਾਵਰਣ ਦੇ ਪ੍ਰਦੂਸ਼ਣ ਨੂੰ ਘਟਾਉਣ, ਜਿਸ ਕਾਰਨ ਮਨੁੱਖੀ ਸਿਹਤ, ਪਸ਼ੂਆਂ ਅਤੇ ਵਣਸਪਤੀ ਤੇ ਪ੍ਰਭਾਵ ਪੈਂਦਾ ਹੈ। ਉਹਨਾਂ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਕਿ ਕਣਕ ਦੀ ਨਾੜ ਨੂੰ ਅੱਗ ਲਗਾ ਕੇ ਨਾ ਸਾੜਨ ਸਗੋਂ ਇਸ ਨੂੰ ਨਵੀਆਂ ਇਜਾਦ ਕੀਤੀਆਂ ਖੇਤੀਬਾੜੀ ਮਸੀਨਾਂ ਨਾਲ ਖੇਤ ਵਿੱਚ ਵਾਹ ਕੇ ਜ਼ਮੀਨ ਦੀ ਉਪਜਾਊ ਸ਼ਕਤੀ ਵਧਾਉਣ ਲਈ ਰਲ ਮਿਲ ਕੇ ਹੰਭਲਾ ਮਾਰਨ ਲਈ ਕਿਹਾ । ਉਨਾਂ ਕਿਹਾ ਇਹ ਮਸ਼ੀਨਾਂ ਖੇਤੀਬਾੜੀ ਮਹਿਕਮੇ ਵੱਲੋਂ ਸਬਸਿਡੀ ‘ਤੇ ਦਿੱਤੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਉਨਾਂ ਨੇ ਮਿੱਟੀ ਦੀ ਪਰਖ ਕਰਕੇ ਹੀ ਖਾਦਾਂ ਸ਼ਿਫਾਰਸ ਅਨੁਸਾਰ ਪਾਉਣ ਦੀ ਸਲਾਹ ਦਿੱਤੀ। ਇਸ ਤੋਂ ਪਹਿਲਾਂ ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਵਿੰਦਰ ਸਿੰਘ ਅਤੇ ਪ੍ਰੋਜੈਕਟ ਡਾਇਰੈਕਟਰ ਆਤਮਾ ਸ੍ਰੀ ਅਮਨਦੀਪ ਕੇਸ਼ਵ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਕਿਹਾ ਅਤੇ ਖੇਤੀਬਾੜੀ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਵੀ ਜਾਣਕਾਰੀ ਦਿੱਤੀ। ਕੈਂਪ ਦੌਰਾਨ ਵੱਖੋ ਵੱਖ ਵਿਭਾਗਾਂ ਵੱਲੋ ਆਪਣੇ ਵਿਭਾਗ ਦੀਆਂ ਗਤੀਵਿਧੀਆਂ ਅਤੇ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਨੂੰ ਦਰਸਾਉਂਦੀਆਂ ਪ੍ਰਦਰਸ਼ਨੀਆਂ ਲਗਾਈਆਂ ਗਈਆਂ। ਇਸ ਮੌਕੇ ਤੇ ਖੇਤੀਬਾੜੀ ਮਸ਼ੀਨਰੀ ਦੀਆਂ ਪ੍ਰਦਰਸ਼ਨੀਆਂ ਵੀ ਲਗਾਈਆਂ ਗਈਆਂ। ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਅਤੇ ਬਿਜਾਈ ਕਰਨ ਵਾਲੀਆਂ ਮਸ਼ੀਨਾਂ ਕਿਸਾਨਾਂ ਦੀ ਖਿੱਚ ਦਾ ਕੇਂਦਰ ਰਹੀਆਂ। ਵਿਭਾਗਾਂ ਵੱਲੋਂ ਸਟਾਲਾਂ ਲਾ ਕੇ ਕਿਸਾਨਾਂ ਨੂੰ ਸਹਾਇਕ ਧੰਦਿਆਂ ਨੂੰ ਅਪਣਾਉਣ ਦਾ ਸੱਦਾ ਦਿੱਤਾ ਗਿਆ। ਇਸ ਮੌਕੇ ਖੇਤੀ ਅਤੇ ਸਹਾਇਕ ਧੰਦਿਆਂ ਸਬੰਧੀ ਪ੍ਰਚਾਰ ਸਮੱਗਰੀ ਕਿਸਾਨਾਂ ਨੂੰ ਮੁਫ਼ਤ ਵੰਡੀ ਗਈ। ਇਸ ਮੌੌਕੇ ਕਿਸਾਨਾਂ ਨੂੰ ਵੋੋਟ ਪ੍ਰਤੀ ਜਾਗਰੂਕ ਕਰਨ ਲਈ ਜਿਲਾ ਪ੍ਰਸਾਸ਼ਨ ਵੱਲੋੋਂ 2 ਕਾਊਂਟਰ ਲਗਾਏ ਗਏ ਜਿਸ ਵਿੱਚ ਕਿਸਾਨਾਂ ਨੂੰ ਈ.ਵੀ.ਐਮ. ਤੇ ਵੋੋਟ ਪਾਉਣ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਡਾ. ਪੰਕਜ ਰਾਠੌਰ, ਡਾਇਰੈਕਟਰ ਪੀ.ਏ.ਯੂ. ਖੇਤਰੀ ਖੋਜ ਕੇਂਦਰ, ਫਰੀਦਕੋਟ, ਡਾ. ਜਗਦੀਸ਼ ਗਰੋਵਰ, ਐਸੋਸ਼ੀਏਟ ਡਾਇਰੈਕਟਰ ਕੇ.ਵੀ.ਕੇ. ਅਤੇ ਉਨਾਂ ਦੀ ਟੀਮ ਨੇ ਕਿਸਾਨਾਂ ਨੂੰ ਸਾਉਣ ਦੀਆਂ ਫਸਲਾਂ, ਫਲਦਾਰ ਬੂਟਿਆਂ ਦੀ ਕਾਸ਼ਤ, ਫਾਰਮ ਮਸ਼ੀਨਰੀ, ਫਸਲਾਂ ਅਤੇ ਬਿਮਾਰੀਆਂ ਅਤੇ ਕੀੜੇ ਮਕੌੜੇ ਬਾਰੇ ਤਕਨੀਕੀ ਜਾਣਕਾਰੀ ਦਿੱਤੀ।