ਸਵੀਪ ਪ੍ਰੋਗਰਾਮ ਤਹਿਤ ਸੈਕਰਡ ਹਾਰਟ ਸਕੂਲ ਮੋਗਾ ਵਿਖੇ ਲਗਾਇਆ ਗਿਆ ਵੋਟਰ ਜਾਗਰੂਕਤਾ ਕੈਂਪ

ਮੋਗਾ,29 ਅਪ੍ਰੈਲ:(ਜਸ਼ਨ):ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸੰਦੀਪ ਹੰਸ ਦੇ ਆਦੇਸ਼ਾਂ ਅਨੁਸਾਰ ਵੋਟ ਪ੍ਰਤੀਸ਼ਤਤਾ ਵਧਾਉਣ ਦੇ ਮੰਤਵ ਨਾਲ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵੋਟ ਦੇ ਅਧਿਕਾਰ ਬਾਰੇ ਜਾਗਰੂਕ ਕਰਨ ਲਈ ਸਵੀਪ (ਸਿਸਟੇਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟਰੋਲ ਪਾਰਟੀਸੀਪੇਸ਼ਨ) ਪ੍ਰੋਗਰਾਮ ਅਧੀਨ ਸੈਕਰਡ ਹਾਰਟ ਸਕੂਲ ਮੋਗਾ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਸਵੀਪ ਨੋਡਲ ਅਫ਼ਸਰ ਬਲਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਵੋਟ ਦੀ ਅਹਿਮੀਅਤ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਜ਼ਬੂਤ ਲੋਕਤੰਤਰ ਲਈ ਵੱਧ ਤੋਂ ਵੱਧ ਵੋਟਰਾਂ ਵੱਲੋਂ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ ਜਾਣੀ ਜ਼ਰੂਰੀ ਹੈ।
ਇਸ ਮੌਕੇ ਵਿਦਿਆਰਥੀਆਂ ਨੂੰ ਇਹ ਪ੍ਰਣ ਵੀ ਦਿਵਾਇਆ ਗਿਆ ਕਿ ਉਹ 19 ਮਈ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਆਪਣੇ ਮਾਤਾ-ਪਿਤਾ, ਰਿਸ਼ਤੇਦਾਰਾਂ, ਦੋਸਤਾਂ ਮਿੱਤਰਾਂ ਅਤੇ ਆਮ ਲੋਕਾਂ ਨੂੰ ਵੋਟ ਦੇ ਸੰਵਿਧਾਨਕ ਹੱਕ ਦੀ ਲਾਜ਼ਮੀ ਵਰਤੋਂ ਕਰਨ ਲਈ ਜਾਗਰੂਕ ਕਰਨਗੇ। ਇਸ ਮੌਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਈ.ਵੀ.ਐਮ. ਤੇ ਵੀ.ਵੀ.ਪੈਟ. ਸਬੰਧੀ ਜਾਣਕਾਰੀ ਦਿੰਦਿਆਂ ਬਲਵਿੰਦਰ ਸਿੰਘ ਨੇ ਦੱਸਿਆ ਕਿ ਆਗਾਮੀ ਲੋਕ ਸਭਾ ਚੋਣਾਂ ਦੌਰਾਨ ਈ.ਵੀ.ਐਮ. ਮਸ਼ੀਨ ਦੇ ਨਾਲ-ਨਾਲ ਵੀ.ਵੀ.ਪੈਟ. ਮਸ਼ੀਨ ਦੀ ਵੀ ਵਰਤੋਂ ਕੀਤੀ ਜਾਵੇਗੀ। ਉਨਾਂ ਕਿਹਾ ਕਿ ਵੀ.ਵੀ.ਪੈਟ ਰਾਹੀਂ ਵੋਟਰ ਇਸ ਗੱਲ ਦੀ ਤਸੱਲੀ ਕਰ ਸਕਦੇ ਹਨ ਕਿ ਉਨਾਂ ਨੇ ਜਿਹੜੇ ਉਮੀਦਵਾਰ ਨੂੰ ਵੋਟ ਪਾਈ ਹੈ, ਉਨਾਂ ਦੀ ਵੋਟ ਉਸੇ ਉਮੀਦਵਾਰ ਨੂੰ ਹੀ ਪਈ ਹੈ। ਉਨਾਂ ਦੱਸਿਆ ਕਿ ਵਿਦਿਆਰਥੀਆਂ ਵਿੱਚ ਵੋਟਿੰਗ ਪ੍ਰਕਿਰਿਆ ਬਾਰੇ ਜਾਣਕਾਰੀ ਹਾਸਲ ਕਰਨ ਸਬੰਧੀ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਸਕੂਲ ਦੇ ਪਿ੍ਰੰਸੀਪਲ ਵਿਜਯਾ ਜੈਬਾਕੁਮਾਰ, ਲੈਕਚਰਾਰ ਅਜੀਤਪਾਲ ਸਿੰਘ, ਪ੍ਰਦੀਪ ਕੁਮਾਰ, ਸਕੂਲ ਦੇ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ।

