ਕੈਪਟਨ ਅਮਰਿੰਦਰ ਸਿੰਘ ਨੇ ਬਹਿਬਲ ਕਲਾਂ ਗੋਲੀਬਾਰੀ ਦੇ ਮਾਮਲੇ ਵਿੱਚ ਅਕਾਲੀ ਲੀਡਰਸ਼ਿਪ ਨੂੰ ਐਸ.ਆਈ.ਟੀ. ਵੱਲੋਂ ਕਲੀਨ ਚਿੱਟ ਦਿੱਤੇ ਜਾਣ ਦੀਆਂ ਰਿਪੋਰਟਾਂ ਨੂੰ ਕੀਤਾ ਰੱਦ

ਫਿਰੋਜ਼ਪੁਰ 29 ਅਪ੍ਰੈਲ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਹਿਬਲ ਕਲਾਂ ਗੋਲੀਬਾਰੀ ਦੇ ਮਾਮਲੇ ਵਿੱਚ ਅਕਾਲੀ ਲੀਡਰਸ਼ਿਪ ਨੂੰ ਐਸ.ਆਈ.ਟੀ. ਵੱਲੋਂ ਕਲੀਨ ਚਿੱਟ ਦਿੱਤੇ ਜਾਣ ਦੀਆਂ ਰਿਪੋਰਟਾਂ ਨੂੰ ਰੱਦ ਕਰਦਿਆਂ ਕਿਹਾ ਕਿ ਅਜੇ ਤੱਕ ਅਦਾਲਤ ਵਿੱਚ ਇਕਹਿਰਾ ਚਲਾਨ ਪੇਸ਼ ਕੀਤਾ ਗਿਆ ਹੈ ਜਿਸ ਦਾ ਵਿਸ਼ਲੇਸ਼ਣ ਗਲਤ ਢੰਗ ਨਾਲ ਕਰਕੇ ਇਸ ਦਾ ਅਰਥ ਇਹ ਕੱਢਿਆ ਜਾ ਰਿਹਾ ਹੈ ਕਿ ਇਸ ਮਾਮਲੇ ਵਿੱਚ ਅਕਾਲੀ ਬੇਗੁਨਾਹ ਹਨ।ਫਿਰੋਜ਼ਪੁਰ ਤੋਂ ਕਾਂਗਰਸ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਦੇ ਨਾਮਜ਼ਗਦੀ ਪੱਤਰ ਦਾਖਲ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮੀਡੀਆ ਚੋਣਵੀਂ ਸੂਚਨਾ ਨੂੰ ਤੋੜ-ਮਰੋੜ ਕੇ ਇਸ ਦੇ ਗਲਤ ਅਰਥ ਕੱਢ ਰਿਹਾ ਹੈ ਜਿਸ ਦਾ ਐਸ.ਆਈ.ਟੀ. ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਸਲ ਵਿੱਚ ਐਸ.ਆਈ.ਟੀ. ਨੇ ਪਹਿਲਾਂ ਹੀ ਸਪੱਸ਼ਟ ਕੀਤਾ ਹੋਇਆ ਹੈ ਕਿ ਇਸ ਮਾਮਲੇ ਵਿੱਚ ਜਾਂਚ-ਪੜਤਾਲ ਅਜੇ ਚੱਲ ਰਹੀ ਹੈ ਅਤੇ ਇਹ ਪਹਿਲਾਂ ਪੇਸ਼ ਕੀਤੇ ਚਲਾਨ ਜੋ ਕਿ ਇਕ ਪੁਲੀਸ ਅਧਿਕਾਰੀ ਖਿਲਾਫ਼ ਦਰਜ ਕੀਤਾ ਗਿਆ ਹੈ, ਤੋਂ ਇਲਾਵਾ ਸਪਲੀਮੈਂਟਰੀ ਚਲਾਨ ਪੇਸ਼ ਕਰੇਗੀ। ਮੁੱਖ ਮੰਤਰੀ ਨੇ ਸਵਾਲ ਕਰਦੇ ਹੋਏ ਪੁੱਛਿਆ ਹੋਇਆ ਕਿ ਇਕ ਅੰਸ਼ਕ ਜਾਂਚ ਅਤੇ ਇਕਹਿਰੇ ਚਲਾਨ ਤੋਂ ਅਕਾਲੀਆਂ ਨੂੰ ਕਲੀਨ ਚਿੱਟ ਦਿੱਤੇ ਹੋਣ ਦਾ ਮਤਲਬ ਕਿਸ ਤਰਾਂ ਕੱਢਿਆ ਜਾ ਸਕਦਾ ਹੈ?ਮੁੱਖ ਮੰਤਰੀ ਨੇ ਦੁਹਰਾਇਆ ਕਿ ਜਦੋਂ ਇਸ ਮਾਮਲੇ ਵਿੱਚ ਇਕ ਵਾਰੀ ਜਾਂਚ ਮੁਕੰਮਲ ਹੋ ਜਾਵੇਗੀ ਤਾਂ ਇਸ ਵਿੱਚ ਸ਼ਾਮਲ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ, ਭਾਵੇਂ ਉਹ ਕਿੱਡਾ ਵੀ ਵੱਡਾ ਕਿਉਂ ਨਾ ਹੋਵੇ ਅਤੇ ਉਸ ਨੂੰ ਕਾਨੂੰਨ ਅਨੁਸਾਰ ਸਜ਼ਾ ਯਕੀਨੀ ਬਣਾਈ ਜਾਵੇਗੀ।


