ਡਿਪਟੀ ਕਮਿਸ਼ਨਰ ਅਤੇ ਸੀਨੀਅਰ ਕਪਤਾਨ ਪੁਲਿਸ ਨੇ ‘ਡੈਪੋ’ ਪ੍ਰੋਗਰਾਮਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਮੋਗਾ 13 ਜੂਨ:(ਜਸ਼ਨ):ਜ਼ਿਲੇ ਅੰਦਰ 26 ਜੂਨ ਨੂੰ ਅੰਤਰ ਰਾਸ਼ਟਰੀ ਨਸ਼ਾ ਤੇ ਗੈਰ ਕਾਨੂੰਨੀ ਤਸਕਰੀ ਵਿਰੋਧੀ ਦਿਵਸ ‘ਤੇ ਜ਼ਿਲਾ ਪੱਧਰੀ ਨਸ਼ਾ ਮੁਕਤੀ ਪ੍ਰੋਗਰਾਮ ਕਰਵਾਇਆ ਜਾਵੇਗਾ ਅਤੇ ਸਾਰੇ ਵਿਭਾਗਾਂ ਦੀ ਸ਼ਮੂਲੀਅਤ ਨਾਲ ਜ਼ਿਲੇ ਨੂੰ ਨਸ਼ਾ ਮੁਕਤ ਬਣਾਉਣ ਲਈ ਵੱਖ-ਵੱਖ ਵਿਭਾਗਾਂ ਦਾ ਸਹਿਯੋਗ ਲਿਆ ਜਾਵੇਗਾ। ਇਸ ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਸੂਬੇ ਵਿੱਚੋਂ ਹਰ ਤਰਾਂ ਦੇ ਨਸ਼ੇ ਨੂੰ ਜੜ ਤੋਂ ਖ਼ਤਮ ਕਰਨ ਲਈ ‘ਡੈਪੋ’ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਵੱਲੋਂ ਸੀਨੀਅਰ ਕਪਤਾਨ ਪੁਲਿਸ ਸ੍ਰੀ ਅਮਰਜੀਤ ਸਿੰਘ ਬਾਜਵਾ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਾਜਿੰਦਰ ਬਤਰਾ ਸਮੇਤ ਜ਼ਿਲੇ ਅੰਦਰ ਡੈਪੋ ਪ੍ਰੋਗਰਾਮ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਣ ਲਈ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਹਦਾਇਤ ਕੀਤੀ ਗਈ ਇਸ ਪ੍ਰੋਗਰਾਮ ਨੂੰ ਅਸਰਦਾਰ ਢੰਗ ਨਾਲ ਜਾਰੀ ਰੱਖਣ ਲਈ ਹਰ ਯੋਗ ਉਪਰਾਲੇ ਕੀਤੇ ਜਾਣ, ਤਾਂ ਜੋ ਇਸ ਦੇ ਸਾਰਥਿਕ ਤੇ ਕਾਰਗਾਰ ਨਤੀਜੇ ਪ੍ਰਾਪਤ ਕੀਤੇ ਜਾ ਸਕਣ। ਉਨਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਾ ਛੁਡਾਉਣ ਉਪਰੰਤ ਉਨਾਂ ਦੇ ਮੁੜ ਵਸੇਬੇ ਲਈ ਯੋਗ ਪ੍ਰਬੰਧ ਕੀਤੇ ਜਾਣਗੇ। ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 12 ਜੂਨ ਤੋਂ 26 ਜੂਨ ਤੱਕ ਵਿਸ਼ੇਸ਼ ਪੰਦਰਵਾੜਾ ਮਨਾਇਆ ਜਾ ਰਿਹਾ ਹੈ, ਜਿਸ ਤਹਿਤ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਵਰਕਸ਼ਾਪਾਂ, ਸੈਮੀਨਾਰਾਂ, ਰੈਲੀਆਂ ਅਤੇ ਹੋਰ ਮਾਧਿਅਮਾਂ ਰਾਹੀਂ ਜਾਗਰੂਕ ਕੀਤਾ ਜਾਵੇਗਾ।ਉਨਾਂ ਮੀਟਿੰਗ ਵਿੱਚ ਹਾਜ਼ਰ ਸਮੂਹ ਉਪ ਮੰਡਲ ਮੈਜਿਸਟ੍ਰੇਟਾਂ ਨੂੰ ਹਦਾਇਤ ਕੀਤੀ ਕਿ ਇਸ ਪੰਦਰਵਾੜੇ ਦੌਰਾਨ ਸਬ ਡਵੀਜ਼ਨ ਪੱਧਰ ‘ਤੇ ਨਸ਼ਾ ਮੁਕਤੀ ਜਾਗਰੂਕਤਾ ਰੈਲੀਆਂ, ਨੁੱਕੜ ਨਾਟਕ ਆਦਿ ਕਰਵਾਏ ਜਾਣ ਅਤੇ ਜਨਤਕ ਥਾਵਾਂ ‘ਤੇ ਬੈਨਰ ਤੇ ਹੋਰਡਿੰਗ ਵੀ ਲਗਾਏ ਜਾਣ। ਉਨਾਂ ਕਿਹਾ ਕਿ ਜ਼ਿਲੇ ਦੇ ਪ੍ਰਭਾਵਿਤ ਖੇਤਰਾਂ ਵਿੱਚੋਂ ਨਸ਼ੇ ਨਾਲ ਸਬੰਧਤ ਹਰ ਤਰਾਂ ਦੀ ਗਤੀਵਿਧੀ ਨੂੰ ਖਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਉਪਰਾਲੇ ਕੀਤੇ ਜਾਣ। ਉਨਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੈਡੀਕਲ ਨਸ਼ਿਆਂ ਦੀ ਮੁਕੰਮਲ ਰੋਕਥਾਮ ਬਾਰੇ ਛਾਪੇਮਾਰੀ ’ਚ ਹੋਰ ਤੇਜ਼ੀ ਲਿਆਂਦੀ ਜਾਵੇ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸੀਨੀਅਰ ਕਪਤਾਨ ਪੁਲਿਸ ਸ੍ਰੀ ਅਮਰਜੀਤ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੁਰੂ ਕੀਤੇ ਗਏ ਡੈਪੋ ਪ੍ਰੋਗਰਾਮ ਦੇ ਜ਼ਿਲੇ ਅੰਦਰ ਸਾਰਥਿਕ ਨਤੀਜੇ ਸਾਹਮਣੇ ਆ ਰਹੇ ਹਨ। ਉਨਾਂ ਦੱਸਿਆ ਕਿ  ਡੈਪੋ (ਡਰੱਗ ਐਬਊਜ ਪ੍ਰੋਵੈਨਸ਼ਨ ਅਫ਼ਸਰਾਂ) ਵੱਲੋਂ ਲੋਕਾਂ ਨੂੰ ਨਸ਼ਿਆਂ ਦੇ ਦੁਸ਼ਪ੍ਰਭਾਵਾਂ ਬਾਰੇ ਬਾਖੂਬੀ ਜਾਗਰੂਕ ਕੀਤਾ ਜਾ ਰਿਹਾ ਹੈ, ਜਿਸ ਸਦਕਾ ਲੋਕ ਖੁਦ ਆਪਣੇ ਨੌਜਵਾਨ ਬੱਚਿਆਂ ਨੂੰ ਨਸ਼ਿਆਂ ਦੀ ਗਿ੍ਰਫ਼ਤ ਤੋਂ ਛੁਟਕਾਰਾ ਦਿਵਾਉਣ ਲਈ ਓਟ ਕੇਦਰਾਂ ਵਿੱਚ ਲਿਆ ਰਹੇ ਹਨ। ਇਸ ਮੀਟਿੰਗ ਵਿੱਚ ਸਹਾਇਕ ਕਮਿਸ਼ਨਰ (ਜ) ਲਾਲ ਵਿਸਵਾਸ ਬੈਂਸ, ਐਸ.ਡੀ.ਐਮ ਮੋਗਾ ਗੁਰਵਿੰਦਰ ਸਿੰਘ ਜੌਹਲ, ਐਸ.ਡੀ.ਐਮ ਨਿਹਾਲ ਸਿੰਘ ਵਾਲਾ ਡਾ: ਮਨਦੀਪ ਕੌਰ, ਐਸ.ਡੀ.ਐਮ ਬਾਘਾਪੁਰਾਣਾ ਸਵਰਨਜੀਤ ਕੌਰ, ਸਿਹਤ ਵਿਭਾਗ ਦੇ ਡਿਪਟੀ ਮੈਡੀਕਲ ਕਮਿਸ਼ਨਰ ਐਸ.ਕੇ.ਸੇਤੀਆ, ਜ਼ਿਲਾ ਖੇਡ ਅਫ਼ਸਰ ਬਲਵੰਤ ਸਿੰਘ, ਜ਼ਿਲਾ ਵਿਕਾਸ ਤੇ ਪੰਚਾਇਤ ਅਫ਼ਸਰ ਜਗਤਾਰ ਸਿੰਘ ਸਿੱਧੂ, ਬਲਕਾਰ ਸਿੰਘ ਜ਼ਿਲਾ ਮੁਖੀ ਜੀ.ਓ.ਜੀ, ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਅਤੇ ਹੋਰ ਅਧਿਕਾਰੀ/ਕ੍ਰਮਚਾਰੀ ਆਦਿ ਹਾਜ਼ਰ ਸਨ।