ਨਾਜਾਇਜ਼ ਕਾਲੋਨੀਆ ਉਸਾਰਨ ਵਾਲਿਆਂ ਨੂੰ ਸਖਤ ਤਾੜਨਾ ,ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਵਜੋਂ ਚਾਰਜ ਸੰਭਾਲਣ ਤੋਂ ਬਾਅਦ ਸੁਖਬਿੰਦਰ ਸਿੰਘ ਸਰਕਾਰੀਆ ਨੇ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਨਾਜਾਇਜ਼ ਕਾਲੋਨੀਆ ਉਸਾਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕਰਨ ਲਈ ਕਿਹਾ
ਚੰਡੀਗੜ, 18 ਜੂਨ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਜਲ ਸ੍ਰੋਤ ਅਤੇ ਖਣਨ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਅੱਜ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦਾ ਚਾਰਜ ਵੀ ਸੰਭਾਲ ਲਿਆ ਹੈ। ਪੁੱਡਾ ਭਵਨ, ਮੋਹਾਲੀ ਵਿਖੇ ਚਾਰਜ ਸੰਭਾਲਣ ਤੋਂ ਬਾਅਦ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਸਰਕਾਰੀਆ ਨੇ ਨਾਜਾਇਜ਼ ਕਾਲੋਨੀਆ ਉਸਾਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕਰਨ ਲਈ ਕਿਹਾ। ਉਨਾਂ ਕਿਹਾ ਕਿ ਆਗਾਮੀ ਸਮੇਂ ਵਿਚ ਕਾਲੋਨਾਈਨਜ਼ਾਂ ਨੂੰ ਕਿਸੇ ਵੀ ਕੀਮਤ ‘ਤੇ ਨਾਜਾਇਜ਼ ਕਾਲੋਨੀਆਂ ਨਹੀਂ ਉਸਾਰਨ ਦਿੱਤੀਆਂ ਜਾਣਗੀਆਂ। ਉਨਾਂ ਕਿਹਾ ਕਿ ਨਿਯਮਾਂ ਅਨੁਸਾਰ ਕੰਮ ਕਰਨ ਵਾਲਿਆਂ ਨੂੰ ਵਿਭਾਗ ਵੱਲੋਂ ਹਰ ਤਰਾਂ ਦਾ ਸਹਿਯੋਗ ਦਿੱਤਾ ਜਾਵੇਗਾ। ਸਰਕਾਰੀਆ ਨੇ ਕਿਹਾ ਕਿ ਸ਼ਹਿਰਾਂ ਦੇ ਵਿਕਾਸ ਅਤੇ ਯੋਜਨਾਬੰਦੀ ਵਿਚ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੀ ਅਹਿਮ ਭੂਮਿਕਾ ਹੈ ਇਸ ਲਈ ਉਨਾਂ ਵਿਭਾਗ ਦੇ ਕੰਮਕਾਰ ਨੂੰ ਹੋਰ ਲੋਕ ਪੱਖੀ ਤੇ ਪਾਰਦਰਸ਼ੀ ਬਣਾਉਣ ਲਈ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਤਨਦੇਹੀ ਤੇ ਇਮਾਨਦਾਰੀ ਨਾਲ ਕੰੰਮ ਕਰਨ ਦੀਆਂ ਹਦਾਇਤਾਂ ਦਿੱਤੀਆਂ। ਇਸ ਤੋਂ ਪਹਿਲਾਂ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੀ ਵਧੀਕ ਮੁੱਖ ਸਕੱਤਰ ਵਿਨੀ ਮਹਾਜਨ ਨੇ ਸੁਖਬਿੰਦਰ ਸਿੰਘ ਸਰਕਾਰੀਆ ਨੂੰ ਵਿਭਾਗ ਦੇ ਕੰਮਕਾਜ ਤੋਂ ਜਾਣੂੰ ਕਰਵਾਇਆ ਅਤੇ ਵੱਖ-ਵੱਖ ਬਰਾਂਚਾਂ ਦੇ ਅਧਿਕਾਰੀਆਂ ਨਾਲ ਜਾਣ-ਪਹਿਚਾਣ ਕਰਵਾਈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਨੀਤੀਆਂ ਅਤੇ ਯੋਜਨਾਵਾਂ ਨੂੰ ਪ੍ਰਭਾਵੀ ਤੇ ਅਸਰਦਾਰ ਢੰਗ ਨਾਲ ਲਾਗੂ ਕਰਨ ਵਿਚ ਵਿਭਾਗ ਵੱਲੋਂ ਕਿਸੇ ਪ੍ਰਕਾਰ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ।