ਨਸ਼ਾ ਪ੍ਰਭਾਵਿਤ ਪਿੰਡਾਂ ਦੀ ਸ਼ਨਾਖਤ ਕਰਕੇ ਪੁਲਿਸ ਵੱਲੋਂ ਨਸ਼ਾ ਤਸਕਰਾਂ ‘ਤੇ ਪਾਈ ਜਾ ਰਹੀ ਹੈ ਨਕੇਲ-ਐਸ.ਐਸ.ਪੀ. ਬਾਜਵਾ

ਮੋਗਾ 21 ਜੂਨ:(ਜਸ਼ਨ): ਜ਼ਿਲ੍ਹੇ ਅੰਦਰ 26 ਜੂਨ ਨੂੰ ਮਨਾਏ ਜਾ ਰਹੇ ਅੰਤਰ-ਰਾਸ਼ਟਰੀ ਨਸ਼ਾ ਤੇ ਗੈਰ ਕਾਨੂੰਨੀ ਤਸਕਰੀ ਵਿਰੋਧੀ ਦਿਵਸ ਦੇ ਮੱਦੇਨਜ਼ਰ ਜ਼ਿਲਾ ਪੁਲਿਸ ਪ੍ਰਸ਼ਾਸ਼ਨ ਵੱਲੋਂ ਨਸ਼ਿਆਂ ਦਾ ਮੁਕੰਮਲ ਸਫ਼ਾਇਆ ਕਰਨ ਲਈ ਵਿਸੇਸ਼ ਨਸ਼ਾ ਵਿਰੋਧੀ ਮੁਹਿੰਮ ਆਰੰਭੀ ਗਈ ਹੈ, ਜਿਸ ਵਿੱਚ ਨਸ਼ਾ ਪੀੜਤ ਵਿਅਕਤੀਆਂ ਨੂੰ ਨਸ਼ਾ ਛੱਡ ਕੇ ਨਵੀਂ ਜ਼ਿੰਦਗੀ ਜਿਊਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਸੀਨੀਅਰ ਪੁਲਿਸ ਕਪਤਾਨ ਸ੍ਰੀ ਅਮਰਜੀਤ ਸਿੰਘ ਬਾਜਵਾ ਨੇ ਦੱਸਿਆ ਕਿ ਪੁਲਿਸ ਪ੍ਰਸ਼ਾਸ਼ਨ ਵੱਲੋ ਹਰ ਤਰਾਂ ਦੇ ਨਸ਼ੇ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ‘ਡੈਪੋ’ ਦੇ ਸਹਿਯੋਗ ਨਾਲ ਨਿਵੇਕਲੇ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ ਹੈ। ਉਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਜ਼ਿਲਾ ਪੁਲੀਸ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਸੈਮੀਨਾਰ ਅਤੇ ਜਨਤਕ ਮੀਟਿੰਗਾਂ ਆਯੋਜਿਤ ਕਰਕੇ ਲੋਕਾਂ ਨੂੰ ਨਸ਼ਿਆਂ ਦੇ ਦੁਸ਼ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਨਸ਼ਾ ਪੀੜਤਾਂ ਨੂੰ ਆਊਟਪੇਸੈਂਟ ਓਪੀਓਡ ਅਸਿਸਟਡ ਟਰੀਟਮੈਂਟ (ਓਓਏਟ) ਜਾਂ ਨਸ਼ਾ ਛੁਡਾਊ ਤੇ ਮੁੜ ਵਸਾਊ ਕੇਂਦਰਾਂ ਤੋਂ ਇਲਾਜ ਕਰਵਾਉਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ, ਤਾਂ ਜੋੋ ਉਹ ਨਸ਼ਿਆਂ ਦੀ ਲਾਹਨਤ ਤੋਂ ਨਿਜਾਤ ਹਾਸਲ ਕਰਕੇ ਸਮਾਜ ਦੇ ਚੰਗੇ ਨਾਗਰਿਕ ਬਣ ਸਕਣ।ਸ੍ਰੀ ਬਾਜਵਾ ਨੇ ਕਿਹਾ ਕਿ ਪੁਲਿਸ ਵੱਲੋਂ ਨਸ਼ਾ ਪ੍ਰਭਾਵਿਤ ਪਿੰਡਾਂ ਦੀ ਸ਼ਨਾਖਤ ਕਰਕੇ ਉਨਾਂ ਪਿੰਡਾਂ ਵਿੱਚ ਉਪ ਕਪਤਾਨ ਪੁਲਿਸ ਦੀ ਨਿਗਰਾਨੀ ਹੇਠ ਪੁਲਿਸ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ, ਤਾਂ ਜੋ ਨਸ਼ਾ ਤਸਕਰਾਂ ਨੂੰ ਨਕੇਲ ਪਾਈ ਜਾ ਸਕੇ। ਉਨਾਂ ਕਿਹਾ ਕਿ ਪਿਛਲੇ ਪੰਜ ਮਹੀਨਿਆਂ ਦੌਰਾਨ 65 ਸੈਮੀਨਾਰ ਅਤੇ 56 ਜਨਤਕ ਮੀਟਿੰਗਾਂ ਆਯੋਜਿਤ ਕਰਕੇ ਪੁਲਿਸ ਟੀਮਾਂ ਅਤੇ ਡੈਪੋ ਵੱਲੋਂ ਸਿਹਤ ਵਿਭਾਗ ਦੀਆਂ ਟੀਮਾਂ ਦੀ ਸਹਾਇਤਾ ਨਾਲ 302 ਨਸ਼ਾ ਪੀੜਤ ਲੋਕਾਂ ਨੂੰ ਮੁੜ ਵਸੇਬੇ ਲਈ ਉਤਸ਼ਾਹਿਤ ਕੀਤਾ ਗਿਆ ਹੈ। ਉਨਾਂ ਅੱਗੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਵਿੱਢੀ ਗਈ ਮੁਹਿੰਮ ਸਦਕਾ ਪੁਲਿਸ ਅਤੇ ਡੈਪੋ ਵੱਲੋਂ ਆਰੰਭੇ ਗਏ ਵੱਡੇ ਪੱਧਰ‘ ‘ਤੇ ਜਾਗਰੂਕਤਾ ਪ੍ਰੋਗਰਾਮਾਂ ਨੇ ਆਮ ਜਨਤਾ ਵਿੱਚ ਭਾਰੀ ਜਾਗਰੂਕਤਾ ਪੈਦਾ ਕੀਤੀ ਹੈ, ਜਿਸ ਤੋਂ ਪ੍ਰਭਾਵਤ ਹੋ ਕੇ ਮਾਪੇ ਆਪਣੇ ਬੱਚਿਆਂ ਨੂੰ ਨਸ਼ਿਆਂ ਤੋਂ ਛੁਟਕਾਰਾ ਦਿਵਾਉਣ ਲਈ ਖੁਦ ਪੁਲਿਸ ਟੀਮਾਂ ਨਾਲ ਸੰਪਰਕ ਪੈਦਾ ਕਰ ਰਹੇ ਹਨ।ਉਨਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੇ ਇਸ ਕਾਰਜਕਾਲ ਦੌਰਾਨ ਜ਼ਿਲਾ ਪੁਲਿਸ ਵੱਲੋਂ ਐਨ.ਡੀ.ਪੀ.ਐਸ. ਐਕਟ ਅਧੀਨ 1,150 ਐਫ.ਆਈ ਆਰ ਦਰਜ ਕੀਤੀਆਂ ਗਈਆਂ ਹਨ ਅਤੇ 1,366 ਨਸ਼ਾ ਤਸਕਰਾਂ ਨੂੰ ਗਿ੍ਰਫਤਾਰ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਇਸ ਸਮੇਂ ਦੌਰਾਨ ਪੁਲਿਸ ਨੇ 4,788 ਕਿਲੋਗ੍ਰਾਮ ਹੈਰੋਇਨ, 20.68 ਕਿਲੋਗ੍ਰਾਮ ਅਫੀਮ, 16687 ਕਿਲੋ ਚੂਰਾ ਪੋਸਤ, 5053 ਕਿਲੋਗ੍ਰਾਮ ਗਾਂਜਾ, 43 ਕਿਲੋਗ੍ਰਾਮ ਨਸ਼ੀਲਾ ਪਾਊਡਰ, 2707 ਨਸ਼ੀਲੇ ਟੀਕੇ ਅਤੇ 9.44 ਲੱਖ ਨਸ਼ੀਲੀਆਂ ਗੋਲੀਆਂ ਜ਼ਬਤ ਕੀਤੀਆਂ ਹਨ। ਉਨਾਂ ਦੱਸਿਆ ਕਿ ਭਗੌੜੇ ਅਪਰਾਧੀਆਂ ਨੂੰ ਗਿ੍ਰਫਤਾਰ ਕਰਨ ਦੀ ਗਤੀ ਤੇਜ਼ ਕਰ ਦਿੱਤੀ ਗਈ ਹੈ ਅਤੇ ਐਨ.ਡੀ.ਪੀ.ਐਸ. ਦੇ ਕੇਸਾਂ ਵਿੱਚ 27 ਭਗੌੜਿਆਂ ਨੂੰ ਅਪ੍ਰੈਲ 2017 ਤੋਂ ਜੂਨ 2019 ਤੱਕ ਗਿ੍ਰਫਤਾਰ ਕੀਤਾ ਜਾ ਚੁੱਕਾ ਹੈ।


