ਬਰਗਾੜੀ ਦੇ ਮੁੱਖ ਦੋਸ਼ੀ ਦੇ ਜੇਲ੍ਹ ਵਿੱਚ ਹਮਲੇ ਦੌਰਾਨ ਮਾਰੇ ਜਾਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਵੱਲੋਂ ਤੱਥਾਂ ਦੀ ਪੜਤਾਲ ਦੀ ਜਾਂਚ ਦੇ ਹੁਕਮ, ਸੂਬੇ ਭਰ ਵਿੱਚ ਸੁਰੱਖਿਆ ਪ੍ਰਬੰਧ ਮਜ਼ਬੂਤ, ਮੁੱਖ ਮੰਤਰੀ ਵੱਲੋਂ ਦੋਸ਼ੀਆਂ ਨੂੰ ਸਖ਼ਤ ਸਜ਼ਾ ਦੀ ਚਿਤਾਵਨੀ

Tags: 

ਚੰਡੀਗੜ੍ਹ, 22 ਜੂਨ:  (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵੀਂ ਨਾਭਾ ਜੇਲ੍ਹ ਵਿੱਚ ਬਰਗਾੜੀ ਬੇਅਦਬੀ ਮਾਮਲੇ ਦੇ ਮੁੱਖ ਦੋਸ਼ੀ ’ਤੇ ਹੋਏ ਘਾਤਕ ਹਮਲੇ ਦੀ ਜਾਂਚ ਦੇ ਹੁਕਮ ਜਾਰੀ ਕੀਤੇ ਹਨ ਅਤੇ ਉਨ੍ਹਾਂ ਨੇ ਹਮਲਾਵਰਾਂ ਲਈ ਸਖ਼ਤ ਸਜ਼ਾ ਦੀ ਚਿਤਾਵਨੀ ਦਿੱਤੀ ਹੈ।ਇਕ ਸਰਕਾਰੀ ਬੁਲਾਰੇ ਅਨੁਸਾਰ ਏ.ਡੀ.ਜੀ.ਪੀ. ਜੇਲ੍ਹਾਂ ਰੋਹਿਤ ਚੌਧਰੀ ਤੱਥਾਂ ਦੀ ਪੜਤਾਲ ਕਰਨ ਵਾਲੀ ਕਮੇਟੀ ਦੇ ਮੁਖੀ ਹੋਣਗੇ ਅਤੇ ਕਮੇਟੀ ਨੂੰ ਤਿੰਨ ਦਿਨਾਂ ਦੇ ਵਿੱਚ ਆਪਣੀ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਹੈ। ਦੋਸ਼ੀ ਮਹਿੰਦਰਪਾਲ ਬਿੱਟੂ ਦੀ ਹੱਤਿਆ ਵਿੱਚ ਲਾਜ਼ਮੀ ਜੂਡੀਸ਼ੀਅਲ ਪੜਤਾਲ ਤੋਂ ਇਲਾਵਾ ਇਹ ਜਾਂਚ ਹੋਵੇਗੀ। ਬਿੱਟੂ ਨੂੰ ਪਿਛਲੇ ਸਾਲ ਗਿ੍ਰਫਤਾਰ ਕੀਤਾ ਗਿਆ ਸੀ।ਇਸ ਹਮਲੇ ਦੇ ਸੰਦਰਭ ਵਿੱਚ ਮੁੱਖ ਮੰਤਰੀ ਨੇ ਸੂਬੇ ਭਰ ਵਿੱਚ ਸਖ਼ਤ ਸੁਰੱਖਿਆ ਪ੍ਰਬੰਧ ਕਰਨ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਸਾਰੇ ਭਾਈਚਾਰਿਆਂ ਨੂੰ ਸ਼ਾਂਤੀ ਬਣਾਈ ਰੱਖਣ ਅਤੇ ਅਫ਼ਵਾਹਾਂ ਤੋਂ ਬਚਣ ਦੀ ਅਪੀਲ ਕੀਤੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਹਮਲਾਵਰਾਂ ਨੂੰ ਇਸ ਜ਼ੁਰਮ ਵਾਸਤੇ ਸਖ਼ਤ ਸਜ਼ਾ ਦਾ ਸਾਹਮਣਾ ਕਰਨਾ ਪਵੇਗਾ।ਬੁਲਾਰੇ ਅਨੁਸਾਰ ਇਹ ਘਟਨਾ ਸ਼ਾਮ 5:15 ਵਜੇ ਉਸੇ ਵੇਲੇ ਵਾਪਰੀ ਜਦੋਂ ਬਿੱਟੂ ’ਤੇ ਹੋਰਨਾਂ ਕੈਦੀਆਂ ਨੇ ਹਮਲਾ ਕਰ ਦਿੱਤਾ। ਉਸ ਨੂੰ ਨਾਭਾ ਦੇ ਸਿਵਲ ਹਸਪਤਾਲ ਵਿੱਚ ਲਿਜਾਇਆ ਗਿਆ ਜਿੱਥੇ ਉਸ ਨੂੰ ਮਿ੍ਰਤਕ ਘੋਸ਼ਿਤ ਕਰ ਦਿੱਤਾ ਗਿਆ।  ਬੁਲਾਰੇ ਅਨੁਸਾਰ ਮੁਢਲੀ ਜਾਂਚ-ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਫ਼ਰੀਦਕੋਟ ਦੇ ਬਿੱਟੂ (49) ’ਤੇ ਗੁਰਸੇਵਕ ਸਿੰਘ ਅਤੇ ਮਨਿੰਦਰ ਸਿੰਘ ਵੱਲੋਂ ਹਮਲਾ ਕੀਤਾ ਗਿਆ ਹੈ ਜੋ ਇਕ ਕਤਲ ਕੇਸ ਵਿੱਚ ਜੇਲ੍ਹ ’ਚ ਸਨ।  ****ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ