ਧਰਮਸੋਤ ਵਲੋਂ ਵਾਤਾਵਰਣ ਦੀ ਸੰਭਾਲ ਲਈ ਸਮਾਜ ਸੇਵੀ ਸੰਸਥਾਵਾਂ ਨੂੰ ਅੱਗੇ ਆਉਣ ਦਾ ਸੱਦਾ,'ਅੰਤਰਰਾਸ਼ਟਰੀ ਮੇਰਾ ਰੁੱਖ ਦਿਵਸ' ਸਬੰਧੀ ਬੈਨਰ ਜਾਰੀ
ਚੰਡੀਗੜ੍ਹ, 26 ਜੁਲਾਈ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਦੇ ਜੰਗਲਾਤ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਸੂਬੇ ਭਰ 'ਚ ਕੰਮ ਕਰਦੀਆਂ ਸਮਾਜ ਸੇਵੀ ਸੰਸਥਾਵਾਂ ਨੂੰ ਵਾਤਾਵਰਣ ਦੀ ਸੰਭਾਲ ਲਈ ਅੱਗੇ ਆਉਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਵਾਤਾਵਰਨ ਨੂੰ ਹਰਿਆ-ਭਰਿਆ ਬਣਾਉਣ ਲਈ ਬੂਟੇ ਲਾਉਣ ਅਤੇ ਬੂਟਿਆਂ ਦੀ ਸੰਭਾਲ ਕਰਨ ਕਰਨ ਲਈ ਸੂਬੇ ਦੀ ਹਰ ਚਾਹਵਾਨ ਸੰਸਥਾ ਦਾ ਸਹਿਯੋਗ ਲਿਆ ਜਾਵੇਗਾ। ਸ. ਧਰਮਸੋਤ ਨੇ ਕਿਹਾ ਕਿ ਸਰਕਾਰ ਵਲੋਂ ਹਰ ਉਸ ਸੰਸਥਾ ਦਾ ਸਵਾਗਤ ਹੈ ਜੋ ਪੰਜਾਬ ਸਰਕਾਰ ਦਾ ਸਹਿਯੋਗ ਕਰਨ ਦੀ ਇੱਛਾ ਰੱਖਦੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਹਰ ਇੱਕ ਵਿਅਕਤੀ ਨੂੰ ਸਵੈ-ਇੱਛਾ ਨਾਲ ਬੂਟੇ ਲਾਉਣ ਅਤੇ ਉਨਾਂ ਦੀ ਸੰਭਾਲ ਕਰਨ ਲਈ ਪ੍ਰੇਰਿਤ ਕਰਨਾ ਅਜੋਕੇ ਸਮੇਂ ਦੀ ਮੁੱਖ ਲੋੜ ਹੈ। ਸੂਬੇ ਭਰ 'ਚ ਵੱਧ ਤੋਂ ਵੱਧ ਬੂਟੇ ਲਾਉਣ 'ਤੇ ਜ਼ੋਰ ਦਿੰਦਿਆਂ ਸ. ਧਰਮਸੋਤ ਨੇ ਕਿਹਾ ਕਿ ਸੂਬੇ ਦੇ ਹਰ ਵਾਸੀ ਦੇ ਸਹਿਯੋਗ ਨਾਲ ਹੀ ਘਰ-ਘਰ ਹਰਿਆਲੀ ਲਿਆਂਦੀ ਜਾ ਸਕਦੀ ਹੈ।ਸ. ਧਰਮਸੋਤ ਨੇ ਜੰਗਲਾਤ ਦੇ ਸਮੂਹ ਜ਼ਿਲ੍ਹਾ ਅਧਿਕਾਰੀਆਂ ਨੂੰ ਜ਼ਿਲ੍ਹਾ ਪੱਧਰ 'ਤੇ 28 ਜੁਲਾਈ, 2018 ਨੂੰ 'ਮੇਰਾ ਰੁੱਖ ਦਿਵਸ' ਮਨਾਉਣ ਲਈ ਅਪੀਲ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੀਆਂ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਇਸ ਦਿਵਸ ਮੌਕੇ ਲੋਕਾਂ ਨੂੰ ਬੂਟੇ ਲਾਉਣ ਲਈ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਨੇ 'ਗੋ ਗਰੀਨ ਇੰਟਰਨੈਸ਼ਨਲ ਆਰਗੇਨਾਈਜੇਸ਼ਨ' ਵਲੋਂ ਹਰ ਸਾਲ ਜੁਲਾਈ ਦੇ ਆਖ਼ਰੀ ਐਤਵਾਰ ਨੂੰ ਮਨਾਏ ਜਾਂਦੇ 'ਅੰਤਰਰਾਸ਼ਟਰੀ ਮੇਰਾ ਰੁੱਖ ਦਿਵਸ' ਸਬੰਧੀ ਪੋਸਟਰ ਵੀ ਜਾਰੀ ਕੀਤਾ। ਜ਼ਿਕਰਯੋਗ ਹੈ ਕਿ ਸ਼ਹੀਦ ਭਗਤ ਸਿੰਘ ਨਗਰ ਨਾਲ ਸਬੰਧਤ ਸ੍ਰੀ ਅਸ਼ਵਨੀ ਜੋਸ਼ੀ ਨੇ 'ਗੋ ਗਰੀਨ ਇੰਟਰਨੈਸ਼ਨ ਆਰਗੇਨਾਈਜੇਸ਼ਨ' ਨਾਂ ਦੀ ਜਥੇਬੰਦੀ ਬਣਾ ਕੇ ਸਾਲ 2010 'ਚ ਪਹਿਲੀ ਵਾਰ 'ਅੰਤਰਰਾਸ਼ਟਰੀ ਮੇਰਾ ਰੁੱਖ ਦਿਵਸ' ਮਨਾਉਣਾ ਸ਼ੁਰੂ ਕੀਤਾ ਸੀ। ਇਹ ਸੰਸਥਾ ਪਿਛਲੇ 10 ਸਾਲਾਂ ਤੋਂ ਆਪਣੇ ਵਿਲੱਖਣ ਯਤਨਾਂ ਨਾਲ ਪੰਜਾਬ ਵਾਸੀਆਂ ਨੂੰ ਵਾਤਾਵਰਣ ਦੀ ਸੰਭਾਲ ਲਈ ਸਵੈ-ਇੱਛਾ ਨਾਲ ਰੁੱਖ ਲਾਉਣ ਤੇ ਉਨ੍ਹਾਂ ਦੀ ਸੰਭਾਲ ਲਈ ਪ੍ਰੇਰਿਤ ਕਰਦੀ ਆ ਰਹੀ ਹੈ। ਇਸ ਸੰਸਥਾ ਨੇ ਸਾਲ 2010 'ਚ ਹੋਰਨਾਂ ਅੰਤਰਰਾਸ਼ਟਰੀ ਦਿਵਸਾਂ ਦੀ ਤਰਜ਼ 'ਤੇ ਸੁਬੇ ਦੇ ਨਾਗਰਿਕਾਂ ਨੂੰ ਰੁੱਖਾਂ ਨਾਲ ਨਿੱਜੀ ਤੌਰ 'ਤੇ ਜੋੜਨ ਲਈ ਹਰ ਸਾਲ ਜੁਲਾਈ ਮਹੀਨੇ ਦੇ ਆਖ਼ਰੀ ਐਤਵਾਰ ਨੂੰ 'ਅੰਤਰਰਾਸ਼ਟਰੀ ਮੇਰਾ ਰੁੱਖ ਦਿਵਸ' ਮਨਾਉਣਾ ਆਰੰਭ ਕੀਤਾ ਸੀ।****ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ