ਜੰਮੂ-ਕਸ਼ਮੀਰ ‘ਚੋਂ ਧਾਰਾ 370 ਹਟਾਉਣ ਨਾਲ ਸੂਬੇ ‘ਚ ਨਿਵੇਸ਼ ਵਧੇਗਾ ਅਤੇ ਕਸ਼ਮੀਰ ਤਰੱਕੀ ਕਰੇਗਾ: ਤਿਰਲੋਚਨ ਸਿੰਘ ਗਿੱਲ
ਮੋਗਾ,5 ਅਗਸਤ (ਜਸ਼ਨ) :ਭਾਜਪਾ ਦੇ ਸਾਬਕਾ ਜ਼ਿਲਾ ਪ੍ਰਧਾਨ ਤਿਰਲੋਚਨ ਸਿੰਘ ਗਿੱਲ ਨੇ ਅੱਜ ਕੇਂਦਰ ਸਰਕਾਰ ਵਲੋਂ ਜੰਮੂ-ਕਸ਼ਮੀਰ ‘ਚੋਂ ਧਾਰਾ 370 ਨੂੰ ਹਟਾਉਣ ਦੇ ਫ਼ੈਸਲੇ ਦਾ ਸਮਰਥਨ ਕੀਤਾ ਹੈ। ਉਨਾਂ ਨੇ ‘ਸਾਡਾ ਮੋਗਾ ਡੌਟ ਕੌਮ’ ਨਿੳੂਜ਼ ਪੋਰਟਲ ਨਾਲ ਵਿਚਾਰ ਸਾਂਝੇ ਕਰਦਿਆਂ ਆਖਿਆ ਕਿ ਉਹ ਜੰਮੂ-ਕਸ਼ਮੀਰ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਫ਼ੈਸਲੇ ਨਾਲ ਸਹਿਮਤ ਹਨ ਕਿਉਂਕਿ ਇਸ ਨਾਲ ਸੂਬੇ ‘ਚ ਸ਼ਾਂਤੀ ਅਤੇ ਤਰੱਕੀ ਹੋਵੇਗੀ। ਤਿਰਲੋਚਨ ਗਿੱਲ ਨੇ ਆਖਿਆ ਕਿ ਇਸ ਫੈਸਲੇ ਨਾਲ ਹੁਣ ਨੌਜਵਾਨਾਂ ਨੂੰ ਨੌਕਰੀਆਂ ਦੇ ਮੌਕੇ ਮਿਲਣਗੇ ਅਤੇ ਜੰਮੂ ਕਸ਼ਮੀਰ ਦੀ ਆਰਥਿਕਤਾ ਨੂੰ ਹੁਲਾਰਾ ਮਿਲੇਗਾ ਕਿਉਂਕਿ ਕਸ਼ਮੀਰ ਵਿਚ ਭਾਰਤੀ ਸੰਵਿਧਾਨ ਮੁਤਾਬਕ ਸਾਰੇ ਕਾਨੂੰਨ ਲਾਗੂ ਹੋਣਗੇ ਅਤੇ ਕੋਈ ਵੀ ਵਿਅਕਤੀ ਆਪਣੀ ਜ਼ਮੀਨ ਖਰੀਦ ਕੇ ਵਪਾਰ ਜਾਂ ਉਦਯੋਗ ਕਰ ਸਕੇਗਾ ਤੇ ਇੰਜ ਸੂਬੇ ਵਿਚ ਨਿਵੇਸ਼ ਨੂੰ ਹੁਲਾਰਾ ਮਿਲੇਗਾ ਅਤੇ ਕਸ਼ਮੀਰ ਤਰੱਕੀ ਕਰ ਸਕੇਗਾ। ਉਹਨਾਂ ਜੰਮੂ ਕਸ਼ਮੀਰ ਸਮੇਤ ਸਮੂਹ ਦੇਸ਼ਵਾਸੀਆਂ ਨੂੰ ਆਪਸੀ ਭਾਈਚਾਰਕ ਸਾਂਝ ਬਣਾਈ ਰੱਖਣ ਦੀ ਅਪੀਲ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹੱਥ ਮਜਬੂਤ ਕਰਨ ਦੀ ਅਪੀਲ ਵੀ ਕੀਤੀ ਤਾਂ ਕਿ ਦੇਸ਼ ਤਰੱਕੀ ਦੀਆਂ ਉੱਚੀਆਂ ਮੰਜ਼ਿਲਾਂ ਸਰ ਕਰ ਸਕੇ।