ਮਨਪ੍ਰੀਤ ਬਾਦਲ ਵੱਲੋਂ ਪੰਜਾਬ ਵਾਸੀਆਂ ਨੂੰ ਵਾਤਾਵਰਨ ਬਚਾਉਣ ਲਈ ਦਿਲ-ਟੁੰਬਵੀਂ ਅਪੀਲ
ਚੰਡੀਗੜ, 20 ਅਗਸਤ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਪੰਜਾਬ ਵਾਸੀਆਂ ਨੂੰ ਵਾਤਾਵਰਨ ਸੰਭਾਲ ਲਈ ਦਿਲ ਟੁੰਬਵੀਂ ਅਪੀਲ ਕੀਤੀ ਹੈ। ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾ ਸਾੜਨ ਦਾ ਸੱਦਾ ਦਿੰਦਿਆਂ ਉਨਾਂ ਕਿਹਾ ਕਿ ਇਹੀ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।ਉਹ ਬਠਿੰਡਾ ਵਿਖੇ ਇਕ ਸਮਾਗਮ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਪੱਸ਼ਟ ਸੰਦੇਸ਼ ਦਿੱਤਾ ਹੈ ਕਿ ‘ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ’, ਉਨਾਂ ਨੇ ਹਵਾ ਨੂੰ ਗੁਰੂ, ਪਾਣੀ ਨੂੰ ਪਿਤਾ ਅਤੇ ਧਰਤੀ ਨੂੰ ਮਾਂ ਦਾ ਦਰਜਾ ਦਿੱਤਾ ਹੈ। ਪਰ ਖੇਤੀਬਾੜੀ ਰਹਿੰਦ-ਖੂੰਹਦ ਸਾੜਨ ਨਾਲ ਹਵਾ ਪਲੀਤ ਹੁੰਦੀ ਹੈ, ਜਿਸ ਨੂੰ ਸਾਡੇ ਰਹਿਬਰ ਨੇ ਗੁਰੂ ਦਾ ਦਰਜਾ ਦਿੱਤਾ ਹੈ।ਵਿੱਤ ਮੰਤਰੀ ਨੇ ਕਿਹਾ, ‘ਜਦੋਂ ਸਿੱਖ ਪੰਥ ਦੇ ਮੋਢੀ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਹਵਾ, ਜਲ ਅਤੇ ਧਰਤੀ ਨੂੰ ਐਨਾਂ ਉੱਚਾ ਦਰਜਾ ਦਿੱਤਾ ਹੈ ਤਾਂ ਸਾਨੂੰ ਵੀ ਉਨਾਂ ਦੀਆਂ ਸਿੱਖਿਆਵਾਂ ’ਤੇ ਪਹਿਰਾ ਦੇਣਾ ਚਾਹੀਦਾ ਹੈ ਅਤੇ ਵਾਤਾਵਰਨ ਨੂੰ ਪਲੀਤ ਨਹੀਂ ਕਰਨਾ ਚਾਹੀਦਾ। ਗੁਰੂ ਸਾਹਿਬ ਦੇ ਇਸ ਸੰਦੇਸ਼ ਨੂੰ ਨਾ ਮੰਨ ਕੇ ਅਸੀਂ ਉਨਾਂ ਦੇ ਦਿਖਾਏ ਰਸਤੇ ਤੋਂ ਭਟਕ ਰਹੇ ਹਾਂ।’ਸ੍ਰੀ ਬਾਦਲ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਮਾਗਮਾਂ ਵਿੱਚ ਦੇਸ਼ ਵਿਦੇਸ਼ ਤੋਂ ਕਰੋੜਾਂ ਦੀ ਗਿਣਤੀ ਵਿੱਚ ਸ਼ਰਧਾਲੂਆਂ ਦੇ ਪੁੱਜਣ ਦੀ ਉਮੀਦ ਹੈ। ਉਨਾਂ ਕਿਹਾ, ‘ਪੰਜਾਬ ਤੇ ਪੰਜਾਬੀਅਤ ਦੇ ਸੱਭਿਆਚਾਰ ਮੁਤਾਬਕ, ‘ਮੈਨੂੰ ਪੂਰੀ ਉਮੀਦ ਹੈ ਕਿ ਅਸੀਂ ਉਨਾਂ ਦਾ ਸਿਰ ਝੁਕਾ ਕੇ, ਹੱਥ ਜੋੜ ਕੇ ਅਤੇ ਆਪਣੇ ਦਿਲ ਤੇ ਘਰਾਂ ਦੇ ਬੂਹੇ ਖੋਲ ਕੇ ਸਵਾਗਤ ਕਰਾਂਗੇ। ਸਾਨੂੰ ਇਸ ਪਵਿੱਤਰ ਮੌਕੇ ਮਹਿਮਾਨਾਂ ਨੂੰ ਸਾਫ-ਸੁਥਰਾ ਵਾਤਾਵਰਨ ਮੁਹੱਈਆ ਕਰਾਉਣ ਦਾ ਵੀ ਅਹਿਦ ਲੈਣਾ ਚਾਹੀਦਾ ਹੈ।’ ਸ੍ਰੀ ਬਾਦਲ ਨੇ ਕਿਹਾ, ‘ਖੇਤੀਬਾੜੀ ਰਹਿੰਦ-ਖੂੰਹਦ ਤੇ ਪਰਾਲੀ ਨਾ ਸਾੜਨ ਦਾ ਅਹਿਦ ਲੈ ਕੇ ਹੀ ਅਸੀਂ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਸੱਚੀ ਸ਼ਰਧਾਂਜਲੀ ਦੇ ਸਕਦੇ ਹਾਂ ਅਤੇ ਇਸ ਵਿੱਚ ਹੀ ‘ਸਰਬੱਤ ਦੇ ਭਲੇ’ ਦਾ ਸੰਦੇਸ਼ ਸ਼ਾਮਲ ਹੈ। ਇਸ ਰਸਤੇ ’ਤੇ ਚੱਲ ਕੇ ਪੰਜਾਬ ਵਾਸੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸੰਦੇਸ਼ ਦਾ ਪਾਸਾਰ ਕਰਨ ਤੋਂ ਇਲਾਵਾ ਵਾਤਾਵਰਨ ਜਾਗਰੂਕਤਾ ਦੀ ਨਿਵੇਕਲੀ ਮਿਸਾਲ ਕਾਇਮ ਕਰ ਸਕਦੇ ਹਨ।’