ਡਿਪਟੀ ਕਮਿਸ਼ਨਰ ਨੇ ਡੈਪੋ ਅਤੇ ਬੱਡੀਜ਼ ਪ੍ਰੋਗਰਾਮ ਤਹਿਤ ਅਧਿਕਾਰੀਆਂ ਨਾਲ ਕੀਤੀ ਰਿਵਿਊ ਮੀਟਿੰਗ

ਮੋਗਾ 30 ਅਗਸਤ:(ਜਸ਼ਨ): ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਡੈਪੋ ਅਤੇ ਬੱਡੀਜ਼ ਪ੍ਰੋਗਰਾਮ ਤਹਿਤ ਜ਼ਿਲੇ ਦੇ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਹਦਾਇਤ ਕੀਤੀ ਕਿ ਇਸ ਪ੍ਰੋਗਰਾਮ ਨੂੰ ਹੋਰ ਅਸਰਦਾਰ ਢੰਗ ਨਾਲ ਜਾਰੀ ਰੱਖਣ ਲਈ ਹਰ ਯੋਗ ਉਪਰਾਲੇ ਕੀਤੇ ਜਾਣ ਤਾਂ ਜੋ ਇਸ ਦੇ ਸਾਰਥਿਕ ਤੇ ਕਾਰਗਾਰ ਨਤੀਜੇ ਪ੍ਰਾਪਤ ਕੀਤੇ ਜਾ ਸਕਣ।ਉਨਾਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਪੰਜਾਬ ਸਰਕਾਰ ਵੱਲੋ ਸੂਬੇ ਵਿੱਚੋਂ ਹਰ ਤਰਾਂ ਦੇ ਨਸ਼ੇ ਨੂੰ ਜੜ ਤੋਂ ਖ਼ਤਮ ਕਰਨ ਲਈ ‘ਡੈਪੋ’ ਅਤੇ ਬੱਡੀਜ਼ ਪ੍ਰੋਗਰਾਮ ਸਾਰਥਕ ਢੰਗ ਨਾਲ ਲਾਗੂ ਕੀਤੇ ਜਾਣ ਤੇ ਜ਼ੋਰ ਦਿੱਤਾ ਜਾਵੇ। ਡਿਪਟੀ ਕਮਿਸ਼ਨਰ ਵੱਲੋਂ ਹਾਜ਼ਰ ਅਧਿਕਾਰੀਆਂ ਨਾਲ ਜ਼ਿਲੇ ਅੰਦਰ ਡੈਪੋ ਪ੍ਰੋਗਰਾਮ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਦਿਆਂ ਸਬੰਧਤ ਅਧਿਕਾਰੀਆਂ ਤੋ ਇਸ ਪ੍ਰੋਗਰਾਮ ਨੂੰ ਹੋਰ ਅਸਰਕਾਰ ਢੰਗ ਨਾਲ ਲਾਗੂ ਕਰਨ ਲਈ ਕਿਹਾ। ਉਨਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਾ ਛੁਡਾਉਣ ਉਪਰੰਤ ਉਨਾਂ ਦੇ ਮੁੜ ਵਸੇਬੇ ਲਈ ਯੋਗ ਪ੍ਰਬੰਧ ਕੀਤੇ ਜਾਣਗੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬਡੀ ਪ੍ਰੋਗਰਾਮ ਵਿੱਚ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਦੇ ਨਾਲ-ਨਾਲ ਅਧਿਆਪਕਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ, ਤਾਂ ਜੋ ਵਿਦਿਆਰਥੀਆਂ ਨੂੰ ਸਹੀ ਸੇਧ ਦਿੱਤੀ ਜਾ ਸਕੇ।ਉਨਾਂ ਅਧਿਆਪਕਾਂ ਨੂੰ ਹਦਾਇਤ ਕੀਤੀ ਕਿ ਉਹ ਮਗਨਰੇਗਾ ਵਰਕਰਾਂ ਦੀ ਸਹਾਇਤਾ ਨਾਲਸਕੂਲ ਦੀਆਂ ਖੇਡ ਗਰਾਊਡਾਂ ਦੀ ਦਸ਼ਾ ਨੂੰ ਸੁਧਾਰਨ ਲਈ ਤੇ ਂਜੋਰ ਦੇਣ ਤਾਂ ਜੋ ਵਿਦਿਆਰਥੀਆਂ ਵਿੱਚ ਖੇਡਾਂ ਪ੍ਰਤੀ ਸ਼ੌਕ ਨੂੰ ਜਗਾਇਆ ਜਾ ਸਕੇ। ਉਨਾਂ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ ਸੀਨੀਅਰ ਬਡੀ ਨਿਯੁਕਤ ਕੀਤੇ ਗਏ ਹਨ, ਜਿਸ ਵਿੱਚ ਸਕੂਲਾਂ ਵਿੱਚ ਹਰ ਇੱਕ ਜਮਾਤ ਦੇ 5 ਵਿਦਿਆਰਥੀਆਂ ਦਾ ਇੱਕ ਗਰੁੱਪ ਭਾਵ ਬਡੀ ਗਰੁੱਪ ਬਣਾਇਆ ਗਿਆ ਹੈ, ਜਿਸ ਦੀ ਅਗਵਾਈ ਲਈ ਕਲਾਸ ਟੀਚਰ ਨੂੰ ਸੀਨੀਅਰ ਬਡੀ ਵਜੋਂ ਤਾਇਨਾਤ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਇਸ ਪ੍ਰੋਗਰਾਮ ਰਾਹੀਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਲਗਾਤਾਰ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ, ਤਾਂ ਜੋ ਨੌਜਵਾਨਾਂ ਨੂੰ ਨਸ਼ਿਆਂ ਰੂਪੀ ਅਲਾਮਤ ਤੋਂ ਬਚਾਇਆ ਜਾ ਸਕੇ। ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਲੀਡ ਬੈਕ ਮੈਨੇਜਰ ਨੂੰ ਹਦਾਇਤ ਕੀਤੀ ਕਿ ਨਸ਼ਿਆਂ ਦੀ ਗਿ੍ਰਫਤ ਵਿੱਚੋ ਨਿਕਲ ਚੁੱਕੇ ਵਿਅਕਤੀਆਂ ਨੂੰ ਹੁਣ ਸਵੈ ਰੋਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਜਾਣ ਤਾਂ ਂਜੋ ਉਨਾਂ ਵਿੱਚ ਦੁਬਾਰਾ ਨਸ਼ਾ ਕਰਨ ਦੀ ਭਾਵਨਾ ਨਾ ਪੈਦਾ ਹੋ ਸਕੇ ਅਤੇ ਉਹ ਆਤਮ ਨਿਰਭਰ ਹੋ ਕੇ ਜਿੰਦਗੀ ਬਤੀਤ ਕਰ ਸਕਣ।ਉਨਾਂ ਪੁਲਿਸ ਵਿਭਾਗ ਦੇ ਅਧਿਕਾਰੀਆਂ ਅਤੇ ਡਰੱਗ ਇੰਸਪੈਕਟਰ ਨੂੰ ਸਾਂਝੇ ਤੌਰ ਤੇ ਮੈਡੀਕਲ ਸਟੋਰਾਂ ਦੀ ਲਗਾਤਾਰ ਛਾਪੇਮਾਰੀ ਕਰਨ ਦੀ ਹਦਾਇਤ ਕੀਤੀ ਤਾਂ ਕਿ ਨਸ਼ੀਲੀਆਂ ਦਵਾਈਆਂ ਦੀ ਵੇਚ ਅਤੇ ਖ੍ਰੀਦ ਨੂੰ ਖਤਮ ਕੀਤਾ ਜਾ ਸਕੇ।ਇਸ ਦੌਰਾਨ ਪੁਲਿਸ ਕਪਤਾਨ ਰਤਨ ਸਿੰਘ ਬਰਾੜ ਨੇ ਦੱਸਿਆ ਕਿ ਡੈਪੋ ਵੱਲੋ ਲੋਕਾਂ ਨੂੰ ਨਸ਼ਿਆਂ ਦੇ ਦੁਸ਼ਪ੍ਰਭਾਵਾਂ ਬਾਰੇ ਬਾਖੂਬੀ ਜਾਗਰੂਕ ਕੀਤਾ ਜਾ ਰਿਹਾ ਹੈ ਜਿਸ ਸਦਕਾ ਲੋਕ ਖੁਦ ਆਪਣੇ ਨੌਜਵਾਨ ਬੱਚਿਆਂ ਨੂੰ ਨਸ਼ਿਆਂ ਦੀ ਗਿ੍ਰਫ਼ਤ ਤੋ ਛੁਟਕਾਰਾ ਦਿਵਾਉਣ ਲਈ ਓਟ ਕੇਦਰਾਂ ਵਿੱਚ ਲਿਆ ਰਹੇ ਹਨ। ਡਿਪਟੀ ਕਮਿਸ਼ਨਰ ਨੇ ਆਏ ਹੋਏ ਜੀ.ਓ.ਜੀ. ਨੂੰ ਪਿੰਡਾਂ ਵਿੱਚ ਬਾਜ ਅੱਖ ਰੱਖਣ ਲਈ ਵੀ ਕਿਹਾ ਅਤੇ ਜੇਕਰ ਕੋਈ ਪਿੰਡਾਂ ਵਿੱਚ ਨਸ਼ਾ ਵੇਚਣ ਦੀ ਕੋਸ਼ਿਸ ਕਰਦਾ ਹੈ ਤਾਂ ਉਹ ਜ਼ਿਲਾ ਪ੍ਰਸਾਸ਼ਨ ਦੇ ਧਿਆਨ ਵਿੱਚ ਲਿਆਉਣ। ਡਿਪਟੀ ਕਮਿਸ਼ਨਰ ਨੇ ਆਏ ਹੋਏ ਐਨ.ਜੀ.ਓ.ਜ਼ ਨੂੰ ਇਸ ਨਸ਼ਾ ਵਿਰੋਧੀ ਮੁਹਿੰਮ ਤਹਿਤ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਵਰਕਸ਼ਾਪਾਂ, ਸੈਮੀਨਾਰਾਂ, ਅਤੇ ਹੋਰ ਮਾਧਿਅਮਾਂ ਰਾਹੀਂ ਜਾਗਰੂਕ ਕਰਨ ਲਈ ਕਿਹਾ। ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਸ਼ਿਨਰ ਜਨਰਲ-ਕਮ-ਕਮਿਸ਼ਨਰ ਨਗਰ ਨਿਗਮ ਮੋਗਾ ਸ੍ਰੀਮਤੀ ਅਨੀਤਾ ਦਰਸ਼ੀ, ਸਹਾਇਕ ਕਮਿਸ਼ਨਰ (ਜ) ਲਾਲ ਵਿਸਵਾਸ ਬੈਂਸ, ਐਸ.ਡੀ.ਐਮ ਮੋਗਾ ਗੁਰਵਿੰਦਰ ਸਿੰਘ ਜੌਹਲ, ਐਸ.ਡੀ.ਐਮ ਬਾਘਾਪੁਰਾਣਾ ਸਵਰਨਜੀਤ ਕੌਰ, ਜੀ.ਓ.ਜੀ. ਦੇ ਅਧਿਕਾਰੀ, ਜ਼ਿਲਾ ਖੇਡ ਅਫ਼ਸਰ ਬਲਵੰਤ ਸਿੰਘ, ਲੀਡ ਜ਼ਿਲਾ ਮੈਨੇਜਰ ਅਤੇ ਹੋਰ ਅਧਿਕਾਰੀ/ਕ੍ਰਮਚਾਰੀ ਆਦਿ ਹਾਜ਼ਰ ਸਨ।


