ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਨੇ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ ਦੀ ਕੀਤੀ ਪ੍ਰਧਾਨਗੀ
ਮੋਗਾ 30 ਅਗਸਤ:(ਜਸ਼ਨ):ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਪੰਜਾਬ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਡਿਪਟੀ ਕਮਿਸ਼ਨਰ ਮੀਟਿੰਗ ਹਾਲ ਵਿੱਚ ਅੱਜ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ ਕਰਦਿਆਂ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਪਹਿਲ ਦੇ ਆਧਾਰ ‘ਤੇ ਜਨਤਕ ਸ਼ਿਕਾਇਤਾਂ ਨੂੰ ਸੁਲਝਾਉਣ ਦਾ ਆਦੇਸ਼ ਦਿੱਤਾ।ਇਸ ਮੀਟਿੰਗ ਵਿੱਚ ਮੋਗਾ ਦੇ ਵਿਧਾਇਕ ਡਾ. ਹਰਜੋਤ ਕਮਲ, ਬਾਘਾਪੁਰਾਣਾ ਵਿਧਾਇਕ ਦਰਸ਼ਨ ਸਿੰਘ ਬਰਾੜ, ਧਰਮਕੋਟ ਦੇ ਵਿਧਾਇਕ ਸ੍ਰੀ ਸੁਖਜੀਤ ਸਿੰਘ ਕਾਕਾ ਲੋਹਗੜ ਅਤੇ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸੰਦੀਪ ਹੰਸ ਅਤੇ ਐਸ.ਐਸ.ਪੀ. ਅਮਰਜੀਤ ਸਿੰਘ ਬਾਜਵਾ ਵੀ ਮੌਜੂਦ ਸਨ। ਮੀਟਿੰਗ ਸੁਰੂ ਹੋਣ ਤੋ ਪਹਿਲਾਂ ਕੈਬਨਿਟ ਮੰਤਰੀ ਅਤੇ ਮੌਜੂਦ ਐਮ.ਐਲ.ਏ. ਅਤੇ ਹੋਰ ਅਧਿਕਾਰੀਆਂ ਨੇ ਸਾਬਕਾ ਕੇਦਰੀ ਮੰਤਰੀ ਅਰੁਣ ਜੇਤਲੀ ਅਤੇ ਮੁਕੇਰੀਆਂ ਐਮ.ਐਲ.ਏ. ਰਜਨੀਸ਼ ਕੁਮਾਰ ਬੱਬੀ ਨੂੰ ਸ਼ਰਧਾਂਜਲੀ ਦੇਣ ਲਈ ਦੋ ਮਿੰਟ ਦਾ ਮੋਨ ਧਾਰਿਆ ਗਿਆ। ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਮ ਜਨਤਾ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਪਹਿਲ ਦੇ ਆਧਾਰ ਤੇ ਕਰਨ ਤਾਂ ਕਿ ਉਨ੍ਹਾਂ ਨੂੰ ਸਰਕਾਰੀ ਦਫਤਰਾਂ ਵਿਚ ਕਿਸੇ ਵੀ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਉਹ ਹਰ ਮਹੀਨੇ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਆਯੋਜਿਤ ਕਰਨਾ ਯਕੀਨੀ ਬਣਾਉਣਗੇ।ਸ਼ਿਕਾਇਤ ਨਿਵਾਰਣ ਕਮੇਟੀ ਵੱਲੋ ਅਵਾਰਾ ਪਸ਼ੂਆਂ ਅਤੇ ਕੁੱਤਿਆਂ ਦਾ ਮੱਦਾ ਜਦੋ ਉਠਾਇਆ ਗਿਆ ਤਾਂ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਕਿਹਾ ਕਿ ਇਸ ਸਮੱਸਿਆ ਦਾ ਜਲਦ ਹੀ ਹੱਲ ਕਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸਾਸ਼ਨ ਵੱਲੋ ਇੱਕ ਐਨ.ਜੀ.ਓ. ਨੂੰ ਇਸਦੀ ਜਿੰਮੇਵਾਰੀ ਸੌਪ ਦਿੱਤੀ ਗਈ ਹੈ। ਐਨ.ਜੀ.ਓ. ਨੂੰ ਅਵਾਰਾ ਕੁੱਤਿਆਂ ਦੀ ਨਸਬੰਦੀ ਦੀ ਜਿੰਮੇਵਾਰੀ ਦੇ ਦਿੱਤੀ ਗਈ ਹੈ ਅਤੇ ਉਹ ਇਸ ਸਬੰਧੀ ਜਲਦੀ ਹੀ ਕੰਮ ਸ਼ੁਰੂ ਕਰ ਦੇਣਗੇ ਜਦਕਿ ਅਵਾਰਾ ਪਸੂਆਂ ਦੀ ਵੀ ਸਮੱਸਿਆ ਨੂੰ ਨਗਰ ਨਿਗਮ ਵੱਲੋ ਹੱਲ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਮੌਜੂਦਾ ਫਾਇਰ ਸਟੇਸ਼ਨ ਨੂੰ ਸ਼ਹਿਰ ਦੇ ਬਾਹਰ ਕਿਸੇ ਢੁਕਵੀ ਸਥਾਨ ਤੇ ਲਿਜਾਣ ਦੇ ਮੁੱਦੇ ਤੇ ਬੋਲਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸਾaਸਨ ਵੱਲੋ ਫੋਕਲ ਪੁਆਇੰਟ ਵਿਖੇ ਜਗ੍ਹਾ ਨਿਸ਼ਚਿਤ ਕੀਤੀ ਗਈ ਹੈ ਜਿਸ ਨੂੰ ਐਮ.ਡੀ.ਪੀ.ਆਈ. ਡੀ.ਸੀ. ਦੀ ਮਨਜੂਰੀ ਤੋ ਬਾਅਦ ਲਿਜਾਇਆ ਜਾਵੇਗਾ। ਸ਼ਿਕਾਇਤ ਨਿਵਾਰਣ ਕਮੇਟੀ ਦੇ ਮੈਂਬਰ ਵੱਲੋਂ ਉਠਾਇਆ ਗਿਆ ਲੁਧਿਆਣਾ-ਮੋਗਾ ਰਾਸ਼ਟਰੀ ਮਾਰਗ ਦੀ ਖਸਤਾ ਹਾਲਤ ਸੜਕ ਦੇ ਮੁੱਦੇ ਬਾਰੇ ਕੈਬਨਿਟ ਮੰਤਰੀ ਨੇ ਕਿਹਾ ਕਿ ਉਹ ਇਸ ਮੁੱਦੇ ਨੂੰ ਕੇਂਦਰ ਸਰਕਾਰ ਦੇ ਧਿਆਨ ਵਿੱਚ ਲਿਆਵੇਗੀ। ਉਨ੍ਹਾਂ ਨੇ ਪੁਲਿਸ ਅਫਸਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਖਸਤਾ ਹਾਲਤ ਸੜਕਾਂ ਕਾਰਣ ਕੋਈ ਜਾਨੀ ਨੁਕਸਾਨ ਹੁੰਦਾ ਹੈ ਤਾਂ ਸੜਕ ਨਿਰਮਾਣ ਕਰਨ ਵਾਲੀ ਕੰਪਨੀ ਦੇ ਖਿਲਾਫ ਵੀ ਕੇਸ ਦਰਜ ਕੀਤਾ ਜਾਵੇ। ਉਨ੍ਹਾਂ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਸ਼ਹਿਰ ਦੇ ਸੀਵਰੇਜ ਦੀਆਂ ਲਾਈਨਾਂ ਨੂੰ ਸਾਫ ਕਰਨ ਦੇ ਆਦੇਸ਼ ਦਿੱਤੇ।ਇਸ ਮੌਕੇ ‘ਤੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਅਨੀਤਾ ਦਰਸ਼ੀ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਰਾਜਿੰਦਰ ਬੱਤਰਾ, ਸਹਾਇਕ ਕਮਿਸ਼ਨਰ ਜਨਰਲ ਲਾਲ ਵਿਸ਼ਵਾਸ ਬੈਸ, ਉਪ ਮੰਡਲ ਮੈਜਿਸਟ੍ਰੇਟ ਮੋਗਾ ਗੁਰਵਿੰਦਰ ਸਿੰਘ ਜੌਹਲ, ਉਪ-ਮੰਡਲ ਮੈਜਿਸਟ੍ਰੇਟ ਨਿਹਾਲ ਸਿੰਘ ਵਾਲਾ ਮਨਦੀਪ ਕੌਰ, ਅਤੇ ਉਪ ਮੰਡਲ ਮੈਜਿਸਟ੍ਰੇਟ ਬਾਘਾਪੁਰਾਣਾ ਸਵਰਨਜੀਤ ਕੌਰ, ਅਤੇ ਕਾਰਜਕਾਰੀ ਸਿਵਲ ਸਰਜਨ ਮੋਗਾ ਡਾ ਅਰਵਿੰਦਰਪਾਲ ਸਿੰਘ ਗਿੱਲ ਤੋਂ ਇਲਾਵਾ ਕਮੇਟੀ ਦੇ ਮੈਂਬਰ ਅਤੇ ਹੋਰ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਵੀ ਮੌਜੂਦ ਸਨ.।