ਚੇਅਰਮੈਨ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਨੇ ਉਦਯੋਗਿਕ ਫੋਕਲ ਪੁਆਇੰਟ ਮੋਗਾ ਦਾ ਕੀਤਾ ਦੌਰਾ

ਮੋਗਾ 11 ਸਤੰਬਰ:(ਜਸ਼ਨ): ਸ੍ਰੀ ਗੁਰਪ੍ਰੀਤ ਸਿੰਘ ਗੋਗੀ ਚੇਅਰਮੈਨ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਨੇ ਅੱਜ ਸਥਾਨਕ ਉਦਯੋਗਿਕ ਫੋਕਲ ਪੁਆਇੰਟ ਦਾ ਦੌਰਾ ਕੀਤਾ। ਇਸ ਮੌਕੇ ਉਨਾਂ ਦੱਸਿਆ ਕਿ ਭਾਰਤ ਸਰਕਾਰ ਵੱਲੋ ਉਦਯੋਗਿਕ ਫੋਕਲ ਪੁਆਇੰਟ ਦੇ ਬੁਨਿਆਦੀ ਢਾਂਚੇ ਨੂੰ ਮਜਬੂਤ ਕਰਨ ਲਈ 9.71 ਕਰੋੜ ਰੁਪਏ ਦੀ ਪ੍ਰਵਾਨਗੀ ਦਿੱਤੀ ਗਈ ਹੈ ਅਤੇ ਜਲਦ ਹੀ ਇਸ ਸਬੰਧੀ ਕੰਮ ਸ਼ੁਰੂ ਹੋ ਜਾਵੇਗਾ। ਉਨਾਂ ਦੱਸਿਆ ਕਿ ਇਸ ਰਾਸ਼ੀ ਨਾਲ ਫੋਕਲ ਪੁਆਇੰਟ ਦੀਆਂ ਸਾਰੀਆਂ ਸੜਕਾਂ ਨੂੰ 22 ਫੁੱਟ ਚੌੜਾ ਤੇ ਮਜ਼ਬੂਤ ਕੀਤਾ ਜਾਵੇਗਾ। ਇਸ ਤੋ ਇਲਾਵਾ ਫੋਕਲ ਪੁਆਇੰਟ ਦੀਆਂ ਬਾਹਰੀ ਦੀਵਾਰਾਂ, ਸਟਰੀਟ ਲਾਈਟਾਂ, ਸੀਵਰੇਜ ਦਾ ਕੰਮ ਅਤੇ ਫੋਕਲ ਪੁਆਇੰਟ ਨੂੰ ਹਰਾ ਭਰਾ ਬਣਾਉਣ ਲਈ ਵੱਡੀ ਗਿਣਤੀ ਵਿੱਚ ਪੌਦੇ ਲਗਾਏ ਜਾਣਗੇ। ਇਸ ਮੌਕੇ ਐਸ.ਪੀ.ਵੀ. ਦੇ ਪ੍ਰਧਾਨ ਸੁਭਾਸ਼ ਗਰੋਵਰ ਨੇ ਸ੍ਰੀ ਗੁਰਪ੍ਰੀਤ ਸਿੰਘ ਗੋਗੀ ਨੂੰ ਫੋਕਲ ਪੁਆਇੰਟ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਜਾਣੂੰ ਕਰਵਾਇਆ, ਜਿਸ ਤੇ ਉਨਾਂ ਉਦਯੋਗਾਂ ਨੂੰ ਪੇਸ਼ ਆਉਦੀਆਂ ਸਮੱਸਿਆਵਾਂ ਦਾ ਜਲਦ ਨਿਪਟਾਰਾ ਕਰਨ ਦਾ ਭਰੋਸਾ ਵੀ ਦਿਵਾਇਆ।


