ਪੰਜਾਬ ਰੋਡਵੇਜ਼ ਦਾ ਜੀ.ਐਮ ਤੇ ਸਬ ਇੰਸਪੈਕਟਰ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵਲੋਂ ਗ੍ਰਿਫਤਾਰ
ਚੰਡੀਗੜ੍ਹ 17 ਸਤੰਬਰ:(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਰੋਡਵੇਜ਼ ਫਿਰੋਜਪੁਰ ਦੇ ਡਿੱਪੂ ਦੇ ਜਨਰਲ ਮੈਨੇਜਰ ਅਤੇ ਸਬ ਇੰਸਪੈਕਟਰ ਨੂੰ ਵਿਜੀਲੈਂਸ ਬਿਓਰੋ ਪੰਜਾਬ ਵੱਲੋਂ ਰਿਸ਼ਵਤ ਲੈਣ ਦੇ ਕੇਸ ਵਿਚ ਗ੍ਰਿਫਤਾਰ ਕਰ ਲਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦਸਿਆ ਕਿ ਪੰਜਾਬ ਰੋਡਵੇਜ਼ ਦੇ ਫਿਰੋਜਪੁਰ ਡਿੱਪੂ ਵਿਖੇ ਤਾਇਨਾਤ ਸਬ ਇੰਸਪੈਕਟਰ ਗੁਰਮੇਜ ਸਿੰਘ ਨੂੰ ਸ਼ਿਕਾਇਤਕਰਤਾ ਉਸੇ ਡਿਪੂ ਵਿਚ ਤਾਇਨਾਤ ਗੁਰਚਰਨ ਸਿੰਘ ਕੰਡਕਟਰ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਓਰੋ ਵਲੋਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਓਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਕਤ ਸਬ ਇੰਸਪੈਕਟਰ ਵਲੋਂ ਪੰਜਾਬ ਰੋਡਵੇਜ ਫਿਰੋਜਪੁਰ ਡਿੱਪੂ ਦੇ ਡੀਜਲ ਪੰਪ ਦੀ ਚੈਕਿੰਗ ਉਪਰੰਤ ਉਸ ਉਪਰ ਕੋਈ ਕਾਰਵਾਈ ਨਾ ਕਰਨ ਅਤੇ ਉਸ ਦੀ ਕਿਸੇ ਹੋਰ ਸ਼ਾਖਾ ਵਿਚ ਕਰਾਉਣ ਬਦਲੇ 16000 ਰੁਪਏ ਰਿਸ਼ਵਤ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 10,000 ਰੁਪਏ ਵਿਚ ਤੈਅ ਹੋਇਆ ਹੈ।ਵਿਜੀਲੈਂਸ ਵਲੋਂ ਤੱਥਾਂ ਪੜਤਾਲ ਉਪਰੰਤ ਉਕਤ ਸਬ ਇੰਸਪੈਕਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਤਫਤੀਸ਼ ਦੌਰਾਨ ਦੋਸ਼ੀ ਸਬ ਇੰਸਪੈਕਟਰ ਨੇ ਖੁਲਾਸਾ ਕੀਤਾ ਕਿ ਰਿਸ਼ਵਤ ਦੀ ਇਹ ਰਾਸ਼ੀ ਉਸ ਨੇ ਆਪਣੇ ਜਨਰਲ ਮੈਨੇਜਰ ਚਰਨਜੀਤ ਸਿੰਘ ਬਰਾੜ ਦੇ ਕਹਿਣ 'ਤੇ ਲਈ ਸੀ। ਉਸਨੇ ਇਹ ਵੀ ਦੱਸਿਆ ਕਿ ਉਹ ਪਹਿਲਾਂ ਵੀ ਡਿਪੂ ਦੇ ਹੋਰਨਾ ਮੁਲਾਜਮਾਂ ਕੋਲੋਂ ਪੈਸੇ ਇਕੱਠੇ ਕਰਕੇ ਆਪਣੇ ਜੀ.ਐਮ ਨੂੰ ਦਿੰਦਾ ਰਹਿੰਦਾ ਹੈ। ਕੇਸ ਦੀ ਗਹਿਣ ਪੜਤਾਲ ਅਤੇ ਠੋਸ ਸਬੂਤਾਂ ਦੇ ਅਧਾਰ 'ਤੇ ਵਿਜੀਲੈਂਸ ਟੀਮ ਨੇ ਅੱਜ ਜੀ.ਐਮ ਚਰਨਜੀਤ ਸਿੰਘ ਬਰਾੜ ਨੂੰ ਵੀ ਗ੍ਰਿਫਤਾਰ ਕਰ ਲਿਆ।ਬੁਲਾਰੇ ਨੇ ਦੱਸਿਆ ਕਿ ਉਕਤ ਦੋਹਾਂ ਦੋਸ਼ੀਆਂ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜਪੁਰ ਵਿਖੇ ਮੁਕਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।****ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ