ਸਿੱਖਿਆ ਵਿਭਾਗ ਪੰਜਾਬ ਵੱਲੋਂ ‘ਮਸ਼ਾਲ' ਪ੍ਰਾਜੈਕਟ ਅਧੀਨ ਅਧਿਆਪਕਾਂ ਦੀ ਗਾਈਡੈਂਸ ਅਤੇ ਕਾਊਂਸਲਿੰਗ ਸਿਖਲਾਈ ਵਰਕਸ਼ਾਪ
ਐਸ.ਏ.ਐਸ.ਨਗਰ 17 ਸਤੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਸਿੱਖਿਆ ਵਿਭਾਗ ਪੰਜਾਬ ਵੱਲੋਂ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਪ੍ਰਾਜੈਕਟ ਅਧੀਨ ਵੱਖ-ਵੱਖ ਜ਼ਿਲ੍ਹਿਆਂ ਦੇ ਅਧਿਆਪਕਾਂ ਨੂੰ ‘ਮਸ਼ਾਲ' ਪ੍ਰਾਜੈਕਟ ਗਾਈਡੈਂਸ ਅਤੇ ਕਾਊਂਸਲਿੰਗ ਸੰਬੰਧੀ ਖੇਤਰੀ ਸਹਿਕਾਰੀ ਪ੍ਰਬੰਧਨ ਸੰਸਥਾਨ ਸੈਕਟਰ -32 ਚੰਡੀਗੜ੍ਹ ਵਿਖੇ ਸਿਖਲਾਈ ਦਿੱਤੀ ਜਾ ਰਹੀ ਹੈ। ਇਸ ਸਿਖਲਾਈ ਦਾ ਉਦੇਸ਼ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਨੂੰ ਮਜ਼ਬੂਤ ਕਰਨ ਲਈ ਉਹਨਾਂ ਨੂੰ ਮਨੋਵਿਗਿਆਨਕ ਸਹਾਇਤਾ ਪ੍ਰਦਾਨ ਕਰਨਾ ਹੈ ਤਾਂ ਜੋ ਉਹ ਹਰ ਮੁਸ਼ਕਲ ਨੂੰ ਸਰ ਕਰਦੇ ਹੋਏ ਆਪਣੀਆਂ ਮੰਜ਼ਿਲਾਂ ਦੀ ਪ੍ਰਾਪਤੀ ਲਈ ਸਹੀ ਸੇਧ ਪ੍ਰਾਪਤ ਕਰ ਸਕਣ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਇਹ ਅਧਿਆਪਕ ਸਿਖਲਾਈ ਪ੍ਰਾਪਤ ਕਰਕੇ ਆਪਣੇ ਜ਼ਿਲ੍ਹੇ ਦੇ ਅਧਿਆਪਕਾਂ ਨੂੰ ਸਿੱਖਿਅਤ ਕਰਨਗੇ। ਬੁਲਾਰੇ ਅਨੁਸਾਰ ਹਰ ਸਕੂਲ ਦੇ ਇੱਕ ਅਧਿਆਪਕ ਨੂੰ ਗਾਈਡੈਂਸ ਅਤੇ ਕਾਊਂਸਲਿੰਗ ਲਈ ਟਰੇਂਡ ਕੀਤਾ ਜਾਵੇਗਾ।ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਉਚੇਚੇ ਤੌਰ ਤੇ ਇਹਨਾਂ ਅਧਿਆਪਕਾਂ ਦੀ ਹੌਂਸਲਾ ਅਫਜ਼ਾਈ ਲਈ ਪਹੁੰਚੇ ਅਤੇ ਉਨ੍ਹਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਅਧਿਆਪਕਾਂ ਨੂੰ ਪ੍ਰੇਰਿਆ।ਇਸ ਮੌਕੇ ਜਯੋਤੀ ਸੋਨੀ ਸਟੇਟ ਪ੍ਰਾਜੈਕਟ ਕੋਆਰਡੀਨੇਟਰ ਗਾਈਡੈਂਸ ਅਤੇ ਕਾਊਂਸਲਿੰਗ ਨੇ ਦੱਸਿਆ ਕਿ 'ਮਸ਼ਾਲ' ਪ੍ਰਾਜੈਕਟ ਅਧੀਨ ਵੱਖ-ਵੱਖ ਜ਼ਿਲ੍ਹਿਆਂ ਦੇ ਅਧਿਆਪਕਾਂ ਨੂੰ ਇਹ ਸਿਖਲਾਈ ਦਿੱਤੀ ਜਾ ਰਹੀ ਹੈ। ਉਹਨਾਂ ਦੱਸਿਆ ਕਿ 10 ਜ਼ਿਲ੍ਹਿਆਂ ਦੇ ਅਧਿਆਪਕਾਂ ਨੂੰ ਸਿਖਲਾਈ ਦਿੱਤੀ ਜਾ ਚੁੱਕੀ ਹੈ ਅਤੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਲੱਗਭੱਗ 40 ਅਧਿਆਪਕਾਂ ਨੂੰ ਦਿੱਤੀ ਜਾ ਰਹੀ ਸਿਖਲਾਈ ਦਾ ਅੱਜ ਦੂਜਾ ਦਿਨ ਹੈ। ਉਹਨਾਂ ਕਿਹਾ ਕਿ ਪਹਿਲਾਂ ਸਾਰੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਅਧਿਆਪਕਾਂ ਨੂੰ ਇਹ ਸਿਖਲਾਈ ਦਿੱਤੀ ਜਾਵੇਗੀ। ਇਸ ਤੋਂ ਬਾਅਦ ਹਾਈ ਅਤੇ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੂੰ ਸਿੱਖਿਅਤ ਕੀਤਾ ਜਾਵੇਗਾ।ਇਸ ਮੌਕੇ ਮੈਡਮ ਰਣਜੀਤ ਪਵਾਰ ਚੇਅਰਮੈਨ ਨਿਸ਼ਾਨ ਐਜੂਕੇਸ਼ਨ ਟਰੱਸਟ ਅਤੇ ਹਰਦੀਪ ਸਿੰਘ ਨੇ ਗਾਈਡੈਂਸ ਅਤੇ ਕਾਊਂਸਲਿੰਗ ਲਈ ਵਰਤੀਆਂ ਜਾਣ ਵਾਲੀਆਂ ਮੁੱਢਲੀਆਂ ਧਾਰਨਾਵਾਂ ਸੰਬੰਧੀ ਅਧਿਆਪਕਾਂ ਨੂੰ ਸਿੱਖਿਅਤ ਕੀਤਾ।****ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ