ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਨੇ ਰੰਗੇ ਹੱਥੀਂ ਦਬੋਚਿਆ
ਚੰਡੀਗੜ੍ਹ, 21 ਸਤੰਬਰ: (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਬੱਲ ਕਲਾਂ ਪੁਲਿਸ ਚੌਂਕੀ ਜਿਲਾ ਅੰਮ੍ਰਿਤਸਰ ਵਿਖੇ ਤਾਇਨਾਤ ਏ.ਐਸ.ਆਈ. ਸਵਿੰਦਰ ਸਿੰਘઠਨੂੰ 5000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ ਨੂੰ ਸ਼ਿਕਾਇਤਕਰਤਾ ਅਮਰਜੀਤ ਸਿੰਘ ਵਾਸੀ ਪਿੰਡ ਬੱਲ ਕਲਾਂ, ਜਿਲਾ ਅੰਮ੍ਰਿਤਸਰ ਦੀ ਸ਼ਿਕਾਇਤ 'ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਕਤ ਏ.ਐਸ.ਆਈ ਵਲੋਂ ਅਦਾਲਤ ਵਿਚ ਇਕ ਫੌਜਦਾਰੀ ਮੁਕੱਦਮੇ ਦਾ ਚਲਾਨ ਪੇਸ਼ ਕਰਨ ਬਦਲੇ 5,000 ਰੁਪਏ ਦੀ ਮੰਗ ਕੀਤੀ ਗਈ ਹੈ। ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਦਬੋਚ ਲਿਆ। ਉਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।