ਡਿਪਟੀ ਕਮਿਸ਼ਨਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਤਿਕਾਰ ਵਿੱਚ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ

ਮੋਗਾ 3 ਅਕਤੂਬਰ:(ਜਸ਼ਨ):ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸੰਦੀਪ ਹੰਸ ਨੇ ਕਿਹਾ ਕਿ ਇਸ ਸਾਲ ਨਵੰਬਰ ਮਹੀਨੇ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਵਾਤਾਵਰਣ ਨੂੰ ਸਾਫ-ਸੁਥਰਾ ਅਤੇ ਹਰਿਆ-ਭਰਿਆ ਰੱਖਣਾ ਬਹੁਤ ਅਹਿਮੀਅਤ ਰੱਖਦਾ ਹੈ। ਉਨਾਂ ਵਾਤਾਵਰਣ ਦੀ ਸੰਭਾਲ ਲਈ ਪੰਜਾਬ ਸਰਕਾਰ ਅਤੇ ਵਾਤਾਵਰਣ ਪ੍ਰੇਮੀਆਂ ਦੇ ਯਤਨਾਂ ਨੂੰ ਹੁਲਾਰਾ ਦਿੰਦਿਆਂ ਜ਼ਿਲੇੇ ਦੇ ਕਿਸਾਨਾਂ ਨੂੰ ਖੁੱਲੇ ਖੇਤਾਂ ਵਿੱਚ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਦੀ ਅਪੀਲ ਕੀਤੀ, ਤਾਂ ਜੋ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਾਤਾਵਰਣ ਪ੍ਰਤੀ ਸਕਾਰਤਮਕ ਪਹੁੰਚ ਨੂੰ ਅਮਲੀ ਜਾਮਾ ਪਹਿਨਾਇਆ ਜਾ ਸਕੇ। ਸ੍ਰੀ ਸੰਦੀਪ ਹੰਸ ਨੇ ਜ਼ਿਲੇ ਦੇ ਕਿਸਾਨਾਂ ਨੂੰ ਝੋਨੇ ਦੇ ਨਾੜ ਨੂੰ ਅੱਗ ਨਾ ਲਗਾ ਕੇ ਵਾਤਾਵਰਨ ਨੂੰ ਪ੍ਰਦੂਸ਼ਿਤ ਤੇ ਗੰਧਲਾ ਹੋਣ ਤੋਂ ਬਚਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਿਥੇ ਮਨੁੱਖੀ ਸਿਹਤ ਨੂੰ ਕਈ ਗੰਭੀਰ ਬਿਮਾਰੀਆਂ ਲੱਗਣ ਦਾ ਖ਼ਤਰਾ ਬਣਿਆ ਰਹਿੰਦਾ ਹੈ, ਉਥੇ ਹੀ ਇਸ ਨਾਲ ਵਾਤਾਵਰਣ ਪ੍ਰਦੂਸ਼ਣ ਵੀ ਲਗਾਤਾਰ ਵੱਧਦਾ ਜਾ ਰਿਹਾ ਹੈ ਜੋ ਕਿ ਸਾਰਿਆਂ ਲਈ ਬਹੁਤ ਹੀ ਘਾਤਕ ਸਿੱਧ ਹੋ ਸਕਦਾ ਹੈ। ਉਨਾਂ ਨਾੜ ਨੂੰ ਸਾੜਨ ਕਾਰਣ ਧੂੰਏ ਤੋਂ ਪੈਦਾ ਹੋਣ ਵਾਲੇ ਗੰਭੀਰ ਨੁਕਸਾਨਾਂ ਬਾਰੇ ਸੁਚੇਤ ਕਰਦਿਆਂ ਕਿਹਾ ਕਿ ਹਰ ਮਨੁੱਖ ਨੂੰ ਧਰਤੀ, ਵਾਤਾਵਰਣ ਤੇ ਜੀਵਨ ਬਚਾਉਣ ਲਈ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਾਤਾਵਰਣ ਪ੍ਰਤੀ ਪਹੁੰਚ ਲਈ ਆਪਣਾ ਵੱਡਮੁੱਲਾ ਯੋਗਦਾਨ ਪਾਉਣਾ ਚਾਹੀਦਾ ਹੈ ਅਤੇ ਪਰਾਲੀ ਤੇ ਰਹਿੰਦ-ਖੂਹੰਦ ਨੂੰ ਅੱਗ ਨਾ ਲਗਾਉਣ ਦੀ ਬਜਾਏ ਇਸ ਨੂੰ ਵਰਤੋਂ ’ਚ ਲਿਆਉਣਾ ਚਾਹੀਦਾ ਹੈ।


