ਡਿਪਟੀ ਕਮਿਸ਼ਨਰ ਵੱਲੋਂ ਖ੍ਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਝੋਨੇ ਦੀ ਖ੍ਰੀਦ ਸੁਚੱਜੇ ਢੰਗ ਨਾਲ ਯਕੀਨੀ ਬਣਾਉਣ ਦੀ ਹਦਾਇਤ

ਮੋਗਾ 4 ਅਕਤੂਬਰ:(ਜਸ਼ਨ): ਝੋਨੇ ਦੀ ਸੁਚਾਰੂ ਢੰਗ ਨਾਲ ਖ੍ਰੀਦ ਕਰਨ ਲਈ ਜ਼ਿਲੇ ਦੀਆਂ ਮੰਡੀਆਂ ਵਿੱਚ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਕਿਸਾਨਾਂ ਨੂੰ ਆਪਣੀ ਜਿਣਸ ਵੇਚਣ ਲਈ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਝੋਨੇ ਦੀ ਖ੍ਰੀਦ ਸਬੰਧੀ ਵੱਖ-ਵੱਖ ਖ੍ਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਆਯੋਜਿਤ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਨੀਤਾ ਦਰਸ਼ੀ ਵੀ ਮੌਜੂਦ ਸਨ।ਇਸ ਮੌਕੇ ਡਿਪਟੀ ਕਮਿਸ਼ਨਰ ਨੇ ਖ੍ਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਝੋਨੇ ਦੀ ਖ੍ਰੀਦ ਸੁਚੱਜੇ ਢੰਗ ਨਾਲ ਯਕੀਨੀ ਬਣਾਉਣ ਦੀ ਹਦਾਇਤ ਕੀਤੀ, ਤਾਂ ਜੋਂ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨਾਂ ਜ਼ਿਲੇ ਦੇ ਸਮੂਹ ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਲੈ ਕੇ ਆਉਣ ਦੀ ਅਪੀਲ ਕੀਤੀ। ਉਨਾਂ ਕਿਹਾ ਕਿ ਪੰਜਾਬ ਸਰਕਾਰ ਦੁਆਰਾ ਨਿਰਧਾਰਤ 17 ਫ਼ੀਸਦੀ ਤੋਂ ਵੱਧ ਨਮੀ ਵਾਲੇ ਝੋਨੇ ਦੀ ਮੰਡੀਆਂ ਵਿੱਚ ਖ੍ਰੀਦ ਨਹੀਂ ਕੀਤੀ ਜਾਵੇਗੀ। ਉਨਾਂ ਦੱਸਿਆ ਕਿ ਝੋਨੇ ਦੀ ਖ੍ਰੀਦ ਲਈ ਜ਼ਿਲੇ ਅੰਦਰ 109 ਖ੍ਰੀਦ ਕੇਂਦਰ ਸਥਾਪਿਤ ਕੀਤੇ ਗਏ ਹਨ। ਉਨਾਂ ਦੱਸਿਆ ਕਿ ਪਿਛਲੇ ਸੀਜ਼ਨ ਦੌਰਾਨ ਜ਼ਿਲੇ ਦੀਆਂ ਮੰਡੀਆਂ ਵਿੱਚ 13,05,805 ਮੀਟਿ੍ਰਕ ਟਨ ਝੋਨੇ ਦੀ ਆਮਦ ਹੋਈ ਸੀ ਅਤੇ ਇਸ ਸੀਜ਼ਨ ਦੌਰਾਨ ਵੀ ਲਗਭੱਗ 13 ਲੱਖ ਮੀਟਿ੍ਰਕ ਟਨ ਝੋਨਾ ਮੰਡੀਆਂ ‘ਚ ਪੁੱਜਣ ਦੀ ਆਸ ਹੈ। ਉਨਾਂ ਕੰਬਾਈਨ ਮਾਲਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਸ਼ਾਮ 7 ਵਜੇ ਤੋਂ ਬਾਅਦ ਅਤੇ ਸਵੇਰੇ 10 ਵਜੇ ਤੋਂ ਪਹਿਲਾਂ ਕੰਬਾਈਨ ਨਾਲ ਝੋਨੇ ਦੀ ਕਟਾਈ ਨਾ ਕਰਨ।ਇਸ ਮੌਕੇ ਐਸ.ਡੀ.ਐਮ. ਮੋਗਾ ਨਰਿੰਦਰ ਸਿੰਘ ਧਾਲੀਵਾਲ, ਐਸ.ਡੀ.ਐਮ. ਬਾਘਾਪੁਰਾਣਾ ਸਵਰਨਜੀਤ ਕੌਰ, ਜ਼ਿਲਾ ਖੁਰਾਕ ਤੇ ਸਪਲਾਈ ਕੰਟਰੋਲਰ ਮੇਜਰ ਗੁਰਪ੍ਰੀਤ ਸਿੰਘ ਕੰਗ, ਵੱਖ-ਵੱਖ ਖ੍ਰੀਦ ਏਜੰਸੀਆਂ ਦੇ ਅਧਿਕਾਰੀ, ਖੇਤੀਬਾੜੀ ਵਿਕਾਸ ਅਫ਼ਸਰ ਡਾ. ਜਸਵਿੰਦਰ ਸਿੰਘ, ਸਕੱਤਰ ਮਾਰਕਿਟ ਕਮੇਟੀ ਵਜੀਰ ਸਿੰਘ ਵੀ ਹਾਜ਼ਰ ਸਨ।
\


