ਡਿਪਟੀ ਕਮਿਸ਼ਨਰ ਵੱਲੋਂ ਬਡੀ ਅਤੇ ਡੈਪੋ ਪ੍ਰੋਗਰਾਮਾਂ ਦੀ ਪ੍ਰਗਤੀ ਦਾ ਲਿਆ ਜਾਇਜਾ

ਮੋਗਾ 4 ਅਕਤੂਬਰ:(ਜਸ਼ਨ): ਮੋਗਾ ਦੇ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਅੱਜ ਡੈਪੋ ਅਤੇ ਬੱਡੀਜ਼ ਪ੍ਰੋਗਰਾਮ ਤਹਿਤ ਜ਼ਿਲੇ ਦੇ ਵੱਖ-ਵੱਖ ਅਧਿਕਾਰੀਆਂ ਅਤੇ ਗੈਰ ਸਰਕਾਰੀ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਆਖਿਆ ਕਿ ਜ਼ਿਲੇ ਦੇ ਨੌਜਵਾਨਾਂ ਨੂੰ ਨਸ਼ਿਆਂ ਤੋ ਦੂਰ ਰੱਖਣ ਦੇ ਮਕਸਦ ਨਾਲ ਉਨਾਂ ਵਿੱਚ ਨਸ਼ਿਆਂ ਦੇ ਲੱਛਣਾਂ ਦੀ ਸ਼ਨਾਖਤ ਕਰਨ ਲਈ ਜਾਗਰੂਕਤਾ ਸੈਮੀਨਾਰ ਆਯੋਜਤ ਕੀਤੇ ਜਾਣਗੇ। ਉਨਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਪ੍ਰੋਗਰਾਮ ਨੂੰ ਹੋਰ ਅਸਰਦਾਰ ਢੰਗ ਨਾਲ ਜਾਰੀ ਰੱਖਣ ਲਈ ਹਰ ਯੋਗ ਉਪਰਾਲੇ ਕੀਤੇ ਜਾਣ ਤਾਂ ਜੋ ਇਸ ਦੇ ਸਾਰਥਿਕ ਤੇ ਕਾਰਗਾਰ ਨਤੀਜੇ ਪ੍ਰਾਪਤ ਕੀਤੇ ਜਾ ਸਕਣ। ਉਨਾਂ ਜ਼ਿਲੇ ਵਿੱਚੋ ਹਰ ਤਰਾਂ ਦੇ ਨਸ਼ੇ ਨੂੰ ਜੜ ਤੋਂ ਖ਼ਤਮ ਕਰਨ ਲਈ ‘ਡੈਪੋ’ ਅਤੇ ਬੱਡੀਜ਼ ਪ੍ਰੋਗਰਾਮ ਸਾਰਥਕ ਢੰਗ ਨਾਲ ਲਾਗੂ ਕੀਤੇ ਜਾਣ ‘ਤੇ ਜ਼ੋਰ ਦਿੱਤਾ ਜਾਵੇ। ਉਨਾਂ ਕਿਹਾ ਕਿ ਨਸ਼ਿਆਂ ਦੀ ਰੋਕਥਾਮ ਲਈ ਗਾਰਡੀਅਨਜ਼ ਆਫ ਗਵਰਨਸ (ਜੀ.ਓ.ਜੀ.) ਅਤੇ ਖਿਡਾਰੀਆਂ ਦੀ ਜਾਗਰੂਕਤਾ ਦੌੜ ਕਰਵਾਈ ਜਾਵੇਗੀ। ਉਨਾਂ ਕਿਹਾ ਕਿ ਖੇਡਾਂ ਮਨੁੱਖੀ ਜੀਵਨ ਦਾ ਮਹੱਤਵਪੂਰਨ ਅੰਗ ਹਨ ਅਤੇ ਖਿਡਾਰੀ ਖੇਡਾਂ ਨਾਲ ਜੁੜ ਕੇ ਨਸ਼ਿਆਂ ਅਤੇ ਹੋਰ ਸਮਾਜਿਕ ਕੁਰੀਤੀਆਂ ਤੋ ਦੂਰ ਰਹਿ ਸਕਦੇ ਹਨ। ਉਨਾਂ ਕਿਹਾ ਕਿ ਪਿੰਡਾਂ ਵਿੱਚ ਖੇਡ ਮੈਦਾਨ ਸਥਾਪਿਤ ਕੀਤੇ ਜਾਣਗੇ ਤਾਂ ਜੋ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਨਸ਼ਿਆਂ ਤੋ ਦੂਰ ਰੱਖਿਆ ਜਾ ਸਕੇ। ਡਿਪਟੀ ਕਮਿਸ਼ਨਰ ਨੇ ਮੀਟਿੰਗ ਵਿੱਚ ਹਾਜ਼ਰ ਜ਼ਿਲਾਂ ਸਿੱਖਿਆ ਅਫ਼ਸਰ (ਸ) ਜਸਪਾਲ ਸਿੰਘ ਔਲਖ ਨੂੰ ਹਦਾਇਤ ਕੀਤੀ ਕਿ ਬਡੀ ਪ੍ਰੋਗਰਾਮ ਤਹਿਤ ਸਰਕਾਰੀ ਸਕੂਲਾਂ ਦੇ ਨਾਲ ਨਾਲ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਦੇ ਵੀ ਬਡੀ ਗਰੁੱਪ ਸਥਾਪਿਤ ਕੀਤੇ ਜਾਣ, ਤਾਂ ਜੋ ਵਿਦਿਆਰਥੀਆਂ ਨੂੰ ਸਹੀ ਸੇਧ ਦਿੱਤੀ ਜਾ ਸਕੇ। ਉਨਾਂ ਡੈਪੋ ਨੂੰ ਹਦਾਇਤ ਕੀਤੀ ਕਿ ਜ਼ਿਲੇ ਅੰਦਰ ਨਸ਼ਾ ਕਰਨ ਵਾਲੇ ਨੌਜਵਾਨਾਂ ਦੀ ਪਛਾਣ ਕਰਕੇ ਉਨਾਂ ਦੇ ਇਲਾਜ ਲਈ ਹਰ ਯੋਗ ਉਪਰਾਲੇ ਕੀਤੇ ਜਾਣ। ਉਨਾਂ ਲੀਡ ਬੈਕ ਮੈਨੇਜਰ ਬਜਰੰਗੀ ਸਿੰਘ ਅਤੇ ਜਿਲਾ ਰੋਜ਼ਗਾਰ ਅਫ਼ਸਰ ਪਰਮਿੰਦਰ ਕੌਰ ਨੂੰ ਨਸ਼ਾ ਮੁਕਤ ਹੋਏ ਨੌਜਵਾਨਾਂ ਲਈ ਰੋਜ਼ਗਾਰ ਦੇ ਅਵਸਰ ਪੈਦਾ ਕਰਨ ਦੀ ਵੀ ਹਦਾਇਤ ਕੀਤੀ। ਇਸ ਮੀਟਿੰਗ ਵਿੱਚ ਹੋਰਨਾਂ ਤੋ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਜ਼) ਅਨੀਤਾ ਦਰਸ਼ੀ, ਐਸ.ਡੀ.ਐਮ. ਮੋਗਾ ਨਰਿੰਦਰ ਸਿੰਘ ਧਾਲੀਵਾਲ, ਜ਼ਿਲਾ ਵਿਕਾਸ ਤੇ ਪੰਚਾਇਤ ਅਫ਼ਸਰ ਜਗਤਾਰ ਸਿੰਘ ਸਿੱਧੂ, ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ ਰਾਜਕਿਰਨ ਕੌਰ, ਡਰੱਗ ਇੰਸਪੈਕਟਰ ਸੋਨੀਆ ਗੁਪਤਾ, ਡੀ.ਐਸ.ਪੀ. ਕੇਸਰ ਸਿੰਘ, ਡੀ.ਐਸ.ਪੀ. ਰਵਿੰਦਰ ਸਿੰਘ, ਜੀ.ਓ.ਜੀ. ਜ਼ਿਲਾ ਮੁੱਖੀ ਕਰਨਲ ਬਲਕਾਰ ਸਿੰਘ, ਮਨੋਵਿਗਿਆਨੀ ਡਾ. ਚਰਨਦੀਪ ਸਿੰਘ, ਦਵਿੰਦਰਪਾਲ ਸਿੰਘ ਰਿੰਪੀ, ਐਸ.ਕੇ. ਬਾਂਸਲ, ਆਦਿ ਹਾਜ਼ਰ ਸਨ।


