10,000 ਦੀ ਰਿਸ਼ਵਤ ਲੈਂਦਾ ਸਹਾਇਕ ਪ੍ਰਾਜੈਕਟ ਅਫਸਰ ਵਿਜੀਲੈਂਸ ਨੇ ਰੰਗੇ ਹੱਥੀਂ ਦਬੋਚਿਆ

ਚੰਡੀਗੜ•, 11 ਅਕਤੂਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਨੇ ਬੀ.ਡੀ.ਪੀ.ਓ ਦਫਤਰ ਗਿੱਦੜਬਾਹਾ, ਜਿਲਾ ਸ੍ਰੀ ਮੁਕਤਸਰ ਸਾਹਿਬ ਵਿਖੇ ਤਾਇਨਾਤ ਸਹਾਇਕ ਪ੍ਰਾਜੈਕਟ ਅਫਸਰ (ਏ.ਪੀ.ਓ.) ਹਰਪ੍ਰੀਤ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਪੀ.ਓ. ਨੂੰ ਸ਼ਿਕਾਇਤਕਰਤਾ ਅਜਮੇਰ ਸਿੰਘ ਵਾਸੀ ਪਿੰਡ ਕੋਟਭਾਈ, ਜਿਲਾ ਸ੍ਰੀ ਮੁਕਤਸਰ ਸਾਹਿਬ ਦੀ ਸ਼ਿਕਾਇਤ 'ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਏ.ਪੀ.ਓ. ਵਲੋਂ ਇੰਟਰ ਲਾਕਿੰਗ ਟਾਇਲਾਂ ਲਾਉਣ ਉਪਰੰਤ ਉਸ ਦੀ ਫਰਮ ਦੇ ਬਿਲ ਪਾਸ ਕਰਨ ਬਦਲੇ 10,000 ਰੁਪਏ ਦੀ ਮੰਗ ਕੀਤੀ ਗਈ ਹੈ ।ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਏ.ਪੀ.ਓ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਦਬੋਚ ਲਿਆ। ਉਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।