ਵਿਜੀਲੈਂਸ ਵਲੋਂ ਸਹਾਇਕ ਫੂਡ ਸਪਲਾਈ ਅਫਸਰ 5 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

 ਚੰਡੀਗੜ 21 ਅਕਤੂਬਰ: ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਅੱਜ ਕਸਬਾ ਝੂਨੀਰ ਜਿਲਾ ਮਾਨਸਾ ਵਿਖੇ ਤਾਇਨਾਤ ਸਹਾਇਕ ਫੂਡ ਸਪਲਾਈ ਅਫਸਰ (ਏ.ਐਫ.ਐਸ.ਓ) ਨੂੰ 5 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ  ਏ.ਐਫ.ਐਸ.ਓ ਸੁਖਦੇਵ ਸਿੰਘ ਨੂੰ ਸ਼ਿਕਾਇਤਕਰਤਾ ਹਰਦੀਪ ਸਿੰਘ ਵਾਸੀ ਪਿੰਡ ਬੀਰੇਵਾਲਾ ਜਿਲਾ ਮਾਨਸਾ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਓਰੋ ਬਠਿੰਡਾ ਰੇਂਜ ਵਲੋਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਕਤ ਏ.ਐਫ.ਐਸ.ਓ ਵਲੋਂ ਉਸ ਦੇ ਸਸਤੇ ਰਾਸ਼ਨ ਦੇ ਸਰਕਾਰੀ ਡਿੱਪੂ ਦਾ ਲਾਈਸੈਂਸ ਰੱਦ ਨਾ ਕਰਨ ਅਤੇ ਜਾਂਚ ਵਿਚ ਉਸ ਦੀ ਮਦਦ ਕਰਨ ਬਦਲੇ 5000 ਰੁਪਏ ਦੀ ਮੰਗ ਕੀਤੀ ਗਈ ਹੈ। ਵਿਜੀਲੈਂਸ ਵਲੋਂ ਪੜਤਾਲ ਉਪਰੰਤ ਉਕਤ ਏ.ਐਫ.ਐਸ.ਓ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 5 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਅਤੇ ਭਿ੍ਰਸ਼ਟਾਚਾਰ  ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਬਠਿੰਡਾ ਵਿਖੇ ਮੁਕਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।