550ਵੇਂ ਪ੍ਰਕਾਸ਼ ਪੁਰਬ ‘ਤੇ ਸਤਲੁਜ ਦਰਿਆ ਧਰਮਕੋਟ ਵਿਖੇ ਦੋ ਰੋਜ਼ਾ ਫਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ ਦਾ ਆਗਾਜ਼ 3 ਅਤੇ 4 ਨਵੰਬਰ ਨੂੰ

ਮੋਗਾ 2 ਨਵੰਬਰ:(ਜਸ਼ਨ):ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੋ ਰੋਂਜ਼ਾ ਫ਼ਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ ਸਤਲੁਂਜ ਦਰਿਆ ਦੇ ਕੰਢੇ ਸਾਹਮਣੇ ਸਰਕਾਰੀ ਪ੍ਰਾਇਮਰੀ ਸਕੂਲ ਚੱਕ ਬਾਹਮਣੀਆਂ ਵਿਖੇ 3 ਅਤੇ 4 ਨਵੰਬਰ ਨੂੰ ਕਰਵਾਏ ਜਾ ਰਹੇ ਹਨ। ਫ਼ਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ ਰਾਹੀਂ ਲੋਕਾਂ ਨੂੰ ਰੂਹਾਨੀ ਰੰਗ ਵਿੱਚ ਰੰਗਣ ਲਈ ਲਗਾਤਾਰ 2 ਦਿਨ ਆਧੁਨਿਕ ਤਕਨੀਕਾਂ ਨਾਲ ਲਬਰੇਜ਼ ਇਹ ਸਮਾਗਮ ਅਧਿਆਤਮਕਤਾ ਦੀ ਛਹਿਬਰ ਲਾਏਗਾ, ਜਿਸ ਵਿੱਚ ਗੁਰੂ ਸਾਹਿਬ ਦੇ ਜੀਵਨ ਬਿਰਤਾਂਤ ਨੂੰ ਮਲਟੀ-ਮੀਡੀਆ ਤਕਨੀਕਾਂ ਰਾਹੀਂ ਰੂਪਮਾਨ ਕੀਤਾ ਜਾਵੇਗਾ। ਇਸ ਮੌਕੇ ਜ਼ਿਲੇ ਦੇ ਸਮੂਹ ਵਿਧਾਇਕ ਸਾਹਿਬਾਨ ਅਤੇ ਹੋਰ ਪ੍ਰਮੁੱਖ ਸਖਸ਼ੀਅਤਾਂ ਵਿਸੇਸ਼ ਤੌਰ ‘ਤੇ ਸ਼ਿਰਕਤ ਕਰਨਗੀਆਂ। ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ’ਤੇ ਝਾਤ ਪਾਉਂਦੇ ਫ਼ਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ ਦੋਵੇਂ ਦਿਨ ਸ਼ਾਮ 7:00 ਵਜੇ ਤੋਂ 7:45 ਵਜੇ ਤੱਕ ਅਤੇ 8:15 ਵਜੇ ਤੋਂ 9:00 ਵਜੇ ਤੱਕ ਹੋਇਆ ਕਰਨਗੇ। ਉਨਾਂ ਕਿਹਾ ਕਿ ਆਪਣੀ ਕਿਸਮ ਦੇ ਪਹਿਲੇ ‘‘ਫ਼ਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ”  ਲੋਕਾਂ ਲਈ ਵਿਸੇਸ਼ ਖਿੱਚ ਦਾ ਕੇਂਦਰ ਬਣਨਗੇ। ਉਨਾਂ ਜ਼ਿਲਾ ਵਾਸੀਆਂ ਅਤੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪ੍ਰੀਵਾਰਕ ਮੈਂਬਰਾਂ ਸਮੇਤ ਇਸ ਸਮਾਗਮ ਵਿੱਚ ਸ਼ਮੂਲੀਅਤ ਕਰਨ ਅਤੇ ਵੱਧ ਤੋਂ ਵੱਧ ਲਾਭ ਲੈਣ।