ਕਰਤਾਰਪੁਰ ਲਾਂਘਾ ਦੋਵਾਂ ਮੁਲਕਾਂ ਦਰਮਿਆਨ ਅਮਨ ਦਾ ਮਾਹੌਲ ਸਿਰਜੇਗਾ :- ਕੈਪਟਨ ਅਮਰਿੰਦਰ ਸਿੰਘ

ਡੇਰਾ ਬਾਬਾ ਨਾਨਕ, ਨਵੰਬਰ 9: ਸ੍ਰੀ ਦਰਬਾਰ ਸਾਹਿਬ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਕਰਤਾਰਪੁਰ ਲਾਂਘਾ ਖੋਲੇ ਜਾਣ ਨੂੰ ਇਤਿਹਾਸਕ ਮੌਕਾ ਕਰਾਰ ਦਿੰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਸ ਪ੍ਰਗਟਾਈ ਕਿ ਸ਼੍ਰੀ ਕਰਤਾਰਪੁਰ ਸਾਹਿਬ ਲਾਂਘੇ ਸਦਕਾ ਦੋਵਾਂ ਦੇਸ਼ਾਂ ਵਿੱਚ ਸ਼ਾਂਤੀ ਅਤੇ ਸਦਭਾਵਨਾ ਪੈਦਾ ਹੋਵੇਗੀ ਜਿਸ ਸਦਕਾ ਪਾਕਿਸਤਾਨ ਸਥਿਤ ਗੁਰਦੁਅਰਾ ਸਾਹਿਬਾਨ ਦੇ ਖੁੱਲੇ ਦਰਸ਼ਨ ਦੀਦਾਰ ਕਰਨ ਦਾ ਰਾਹ ਸੁਖਾਲਾ ਹੋ ਗਿਆ ਹੈ। ਸ਼੍ਰੀ ਦਰਬਾਰ ਸਾਹਿਬ, ਕਰਤਾਰਪੁਰ ਵਿਖੇ ਨਤਮਸਤਕ ਹੋਣ ਲਈ ਜਾਣ ਤੋਂ ਪਹਿਲਾਂ ਡੇਰਾ ਬਾਬਾ ਨਾਨਕ ਵਿਖੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਲਾਂਘੇ ਸਦਕਾ ਦੋਵੇ ਦੇਸ਼ਾਂ ਦੇ ਰਿਸ਼ਤੇ ਮਜ਼ਬੂਤ ਹੋਣਗੇ, ਜਿਸ ਨਾਲ ਸਰਬਪੱਖੀ ਵਿਕਾਸ ਹੋਵੇਗਾ। ਲਾਂਘੇ ਦੀ ਚਿਰਕੋਣੀ ਮੰਗ ਪੂਰੀ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਿੱਖ ਭਾਈਚਾਰੇ ਸਮੇਤ ਸਮੂਹ ਪੰਜਾਬੀ ਇਸ ਲਈ ਪ੍ਰਧਾਨ ਮੰਤਰੀ ਦੇ ਧੰਨਵਾਦੀ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਸ ਲਾਂਘੇ ਦੇ ਖੁੱਲਣ ਨਾਲ ਸਾਰੀ ਦੁਨੀਆ ਵਿਚ ਵਸਦੇ ਸਿੱਖਾਂ ਦੀ ਅਰਦਾਸ ਪੂਰੀ ਹੋਈ ਹੈ।ਲਾਂਘੇ ਦਾ ਉਦਘਾਟਨ ਕਰਨ ਲਈ ਆਉਣ ਵਾਸਤੇ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਮੌਕੇ ਨੇ ਸਿੱਖ ਕੌਮ ਨੂੰ ਉਸ ਪਵਿੱਤਰ ਸਥਾਨ ਨਾਲ ਮੁੜ ਜੋੜ ਦਿੱਤਾ ਹੈ ਜਿਸ ਨੂੰ 1947 ਦੀ ਵੰਡ ਦੇ ਦੁਖਾਂਤ ਨੂੰ ਕੌਮ ਤੋਂ ਵਿਛੋੜ ਦਿੱਤਾ ਸੀ। ਉਨਾਂ ਦੱਸਿਆ ਕਿ ਗੁਰੂ ਸਾਹਿਬ ਦੀ ਮਿਹਰ ਸਦਕਾ ਉਨਾਂ ਨੂੰ ਦੋ ਵਾਰ ਗੁਰਦੁਆਰਾ ਸ਼੍ਰੀ ਨਨਕਾਣਾ ਸਾਹਿਬ ਅਤੇ ਇੱਕ ਵਾਰ ਗੁਰਦੁਆਰਾ ਸ਼੍ਰੀ ਪੰਜਾ ਸਾਹਿਬ ਦੇ ਦਰਸ਼ਨ ਕਰਨ ਦਾ ਮੌਕਾ ਮਿਲਿਆ ਹੈ। ਉਨਾਂ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਹੁਣ ਉਨਾਂ ਦੀ ਗੁਰਦੁਆਰਾ ਸ਼੍ਰੀ ਦਰਬਾਰ ਸਾਹਿਬ, ਕਰਤਾਰਪੁਰ ਦੇ ਦਰਸ਼ਨ ਕਰਨ ਦਾ ਮੌਕਾ ਮਿਲਿਆ ਹੈ।ਮੁੱਖ ਮੰਤਰੀ ਨੇ ਸੰਗਤ ਨੂੰ ਗੁਰੂ ਨਾਨਕ ਦੇਵ ਜੀ ਦੀਆਂ ਵਾਤਾਵਰਣ ਸੰਭਾਲ ਸਬੰਧੀ ਸਿੱਖਿਆਵਾਂ ਨੂੰ ਜ਼ਿੰਦਗੀ ਵਿੱਚ ਅਪਣਾ ਕੇ ਫਸਲਾਂ ਦੀ ਰਹਿੰਦ-ਖੂੰਹਦ ਨੂੰ ਨਾ ਸਾੜਣ ਦੀ ਅਪੀਲ ਕੀਤੀ। ਉਨਾਂ ਕਿਹਾ ਕਿ ਸਾਨੂੰ ਸਭ ਕੁਝ ਗੁਰੂ ਸਾਹਿਬ ਦੀ ਮਿਹਰ ਸਦਕਾ ਮਿਲਿਆ ਹੈ ਅਤੇ ਜੇਕਰ ਅਸੀਂ ਆਪਣੇ ਆਲੇ ਦੁਆਲੇ ਦੀ ਸੰਭਾਲ ਨਹੀਂ ਕਰਦੇ ਤਾਂ ਇਹ ਪ੍ਰਮਾਤਮਾਂ ਪ੍ਰਤੀ ਸਾਡੀ ਜ਼ਿੰਮੇਵਾਰੀ ਵਿਚਲੀ ਕੁਤਾਹੀ ਹੋਵੇਗੀ। ਇਸ ਮੌਕੇ ਉਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 550 ਰੁਪਏ ਦਾ ਸਿੱਕਾ ਜਾਰੀ ਕਰਨ ਅਤੇ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਤਿਹਾਸਕ ਗੁਰਦੁਆਰਿਆਂ ਦੀਆਂ ਤਸਵੀਰਾਂ ਦੀਆਂ ਤਸਵੀਰਾਂ ਵਾਲੀਆਂ ਪੋਸਟਲ ਸਟੈਂਪਾਂ ਜਾਰੀ ਕੀਤੇ ਜਾਣ ਦੀ ਰਸਮ ਵਿਚ ਵੀ ਸ਼ਮੂਲੀਅਤ ਕੀਤੀ।ਇਸ ਤੋਂ ਬਾਅਦ ਰੈਲੀ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਕਿਹਾ ਕਿ ਗੁਰੂ ਸਾਹਿਬ ਜੀ ਦੇ ਆਸ਼ੀਰਵਾਦ ਨਾਲ ਅੱਜ ਉਨਾਂ ਨੂੰ ਕਰਤਾਰਪੁਰ ਲਾਂਘਾ ਅਤੇ ਡੇਰਾ ਬਾਬਾ ਨਾਨਕ ਵਿਖੇ ਸਥਾਪਤ ਕੀਤੀ ਇੰਟੇਗ੍ਰੇਟਿਡ ਚੈੱਕ ਪੋਸਟ ਨੂੰ ਸਮਰਪਿਤ ਕਰਨ ਦਾ ਸੁਭਾਗ ਮਿਲ ਰਿਹਾ ਹੈ।ਪ੍ਰਧਾਨ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਤੇ ਉਨਾਂ ਦੀਆਂ ਸਿੱਖਿਆਵਾਂ ਸਾਡੇ ਆਚਰਣ ਲਈ ਚਾਨਣ ਮੁਨਾਰਾ ਹਨ। ਸ੍ਰੀ ਮੋਦੀ ਨੇ ਲੋਕਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਅਮਲੀ ਰੂਪ ਵਿੱਚ ਅਪਨਾਉਣ ਲਈ ਆਖਿਆ ਹੈ। ਉਨਾਂ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਇਕ ਪਵਿੱਤਰ ਅਸਥਾਨ ਹੈ ਜਿੱਥੇ ਗੁਰੂ ਸਾਹਿਬ ਜੀ ਨੇ ਆਪਣੀਆਂ ਸਿੱਖਿਆਵਾਂ ਨੂੰ ਅਮਲ ਵਿੱਚ ਲਿਆਉਂਦਿਆਂ ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ ਨੂੰ ਆਪਣੇ ਜੀਵਨ ਦਾ ਆਧਾਰ ਬਣਾਇਆ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਗੁਰੂ ਸਾਹਿਬ ਜੀ ਵੱਲੋਂ ਵਿਸ਼ਵਵਿਆਪੀ ਪਿਆਰ ਅਤੇ ਭਾਈਚਾਰਕ ਸਾਂਝ ਦਾ ਦਿੱਤਾ ਸੰਦੇਸ਼ ਭਵਿੱਖ ਵਿੱਚ ਵੀ ਸਾਡਾ ਮਾਰਗ ਦਰਸ਼ਨ ਕਰਦਾ ਰਹੇਗਾ।