ਪ੍ਰਧਾਨ ਮੰਤਰੀ ਨੇ ਕੈਪਟਨ ਅਮਰਿੰਦਰ ਸਿੰਘ ਨਾਲ ਪੰਜਾਬ ਸਰਕਾਰ ਦੇ ਪੰਡਾਲ ’ਚ ਪੰਗਤ ਵਿੱਚ ਬੈਠ ਕੇ ਲੰਗਰ ਛਕਿਆ

ਡੇਰਾ ਬਾਬਾ ਨਾਨਕ (ਗੁਰਦਾਸਪੁਰ), 9 ਨਵੰਬਰ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸ਼ਨਿਚਰਵਾਰ ਨੂੰ ਇਤਿਹਾਸਕ ਕਰਤਾਰਪੁਰ ਲਾਂਘੇ ਦੇ ਉਦਘਾਟਨ ਲਈ ਡੇਰਾ ਬਾਬਾ ਨਾਨਕ ਪੁੱਜੇ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਪੰਜਾਬ ਸਰਕਾਰ ਦੇ ਲੰਗਰ ਪੰਡਾਲ ਵਿੱਚ ਪੰਗਤ ’ਚ ਬੈਠ ਕੇ ਲੰਗਰ ਛਕਿਆ। ਸਰਕਾਰੀ ਬੁਲਾਰੇ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਪੰਜਾਬ ਦੇ ਰਾਜਪਾਲ ਸ੍ਰੀ ਵੀ.ਪੀ.ਸਿੰਘ ਬਦਨੌਰ ਸਮੇਤ ਹੋਰਨਾਂ ਪ੍ਰਮੁੱਖ ਸਖਸ਼ੀਅਤਾਂ ਦੇ ਨਾਲ ਪ੍ਰਧਾਨ ਮੰਤਰੀ ਮੰਤਰੀ ਨੇ ਜਨਤਕ ਸਭਾ ਨੂੰ ਸੰਬੋਧਨ ਕਰਨ ਤੋਂ ਬਾਅਦ ਇੰਟਗਰੇਟਿਡ ਚੈਕ ਪੋਸਟ ਵਿਖੇ ਕਰਤਾਰਪੁਰ ਲਾਂਘੇ ਦੇ ਉਦਘਾਟਨ ਕਰਨ ਤੋਂ ਪਹਿਲਾਂ ਲੰਗਰ ਪੰਡਾਲ ਵਿੱਚ ਜਾ ਕੇ ਲੰਗਰ ਛਕਿਆ। ਲਾਂਘੇ ਵੱਲ ਜਾਂਦੇ ਰਾਸਤੇ ’ਤੇ ਇੰਟਗਰੇਟਿਡ ਚੈਕ ਪੋਸਟ ਤੋਂ ਥੋੜਾਂ ਪਹਿਲਾਂ ਸੂਬਾ ਸਰਕਾਰ ਵੱਲੋਂ ਪੰਡਾਲ ਵਿੱਚ ਲੰਗਰ ਲਗਾਇਆ ਹੋਇਆ ਸੀ।ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ, ਰਾਜਪਾਲ, ਕੇਂਦਰੀ ਹਵਾਬਾਜ਼ੀ ਮੰਤਰੀ ਹਰਦੀਪ ਪੁਰੀ ਤੇ ਕੇਂਦਰੀ ਫੂਡ ਪ੍ਰਾਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਸਨਮਾਨਿਤ ਵੀ ਕੀਤਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ, ਸਹਿਕਾਰਤਾ ਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਸਾਬਕਾ ਕੇਂਦਰੀ ਮੰਤਰੀ ਅਸ਼ਵਨੀ ਕੁਮਾਰ, ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ, ਮੁੱਖ ਮੰਤਰੀ ਦੇ ਰਾਜਸੀ ਸਕੱਤਰ ਕੈਪਟਨ ਸੰਦੀਪ ਸਿੰਘ ਸੰਧੂ, ਮਾਰਕਫੈਡ ਦੇ ਐਮ.ਡੀ. ਵਰੁਣ ਰੂਜ਼ਮ, ਮਿਲਕਫੈਡ ਦੇ ਐਮ.ਡੀ. ਕਮਲਦੀਪ ਸਿੰਘ ਸੰਘਾ ਤੇ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਵਿਪੁਲ ਉਜਵਲ ਹਾਜ਼ਰ ਸਨ।