ਕੈਬਰਿਜ਼ ਇੰਟਰਨੈਸ਼ਨਲ ਸਕੂਲ ਵਿਖੇ ਵਿਸ਼ਵ ਸ਼ੂਗਰ ਜਾਗਰੂਕਤਾ ਦਿਵਸ ਮਨਾਇਆ ਗਿਆ
ਮੋਗਾ 14 ਨਵੰਬਰ:(ਜਸ਼ਨ):ਮਨੁੱਖਤਾ ਦੀ ਭਲਾਈ ਸਰਬਸ੍ਰੇਸ਼ਟ ਸੇਵਾ ਹੈ ਅਤੇ ਸਾਨੂੰ ਮਾਨਵਤਾ ਦੀ ਭਲਾਈ ਲਈ ਅੱਗੇ ਹੋ ਕੇ ਕੰਮ ਕਰਨਾ ਚਾਹੀਦਾ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਕੈਬਰਿਜ਼ ਇੰਟਰਨੈਸ਼ਨਲ ਸਕੂਲ ਵਿਖੇ ਵਿਸ਼ਵ ਸ਼ੂਗਰ ਜਾਗਰੂਕਤਾ ਦਿਵਸ ਸਮਾਗਮ ਮੌਕੇ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਨੂੰ ਰਲ ਮਿਲ ਕੇ ਸਾਰਿਆਂ ਨੂੰ ਸ਼ੂਗਰ ਦੀ ਬਿਮਾਰੀ ਬਾਰੇ ਜਾਗਰੂਕ ਕਰਨਾ ਚਾਹੀਦਾ ਹੈ। ਇਸ ਮੌਕੇ ਡਾ. ਅੰਮਿ੍ਰਤਪਾਲ ਸਿੰਘ ਸੋਢੀ ਨੇ ਸ਼ੂਗਰ ਰੋਗ ਦੇ ਕਾਰਣ, ਬਚਾਅ ਅਤੇ ਪ੍ਰਭਾਵਾਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਹਾਜ਼ਰ ਸਮੂਹ ਵਿਦਿਆਰਥੀਆਂ ਨੇ ਧਿਆਨਪੂਰਵਕ ਸ਼ੂਗਰ ਬਾਰੇ ਸਾਰੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਸਕੂਲ ਦੇ ਚੇਅਰਮੈਨ ਦਵਿੰਦਰਪਾਲ ਸਿੰਘ ਰਿੰਪੀ, ਚੇਅਰਮੈਨ ਨਗਰ ਸੁਧਾਰ ਟਰਸਟ ਵਿਨੋਦ ਬਾਂਸਲ, ਡਾ. ਗੁਰਚਰਨ ਸਿੰਘ ਅਤੇ ਕੁਲਦੀਪ ਸਿੰਘ ਸਹਿਗਲ ਵੀ ਮੌਜੂਦ ਸਨ। ਇਸ ਮੌਕੇ ਕੈਬਰਿਜ਼ ਸਕੂਲ ਦੇ ਵਿਦਿਆਰਥੀਆਂ ਦੇ ਕੁਇਜ਼ ਤੇ ਭਾਸ਼ਣ ਮੁਕਾਬਲੇ ਵੀ ਕਰਵਾਏ ਗਏ ਅਤੇ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ। ਇਸ ਮੌਕੇ ਲੋੜਵੰਦ ਮਰੀਜ਼ਾਂ ਨੂੰ ਸ਼ੂਗਰ ਚੈਕ ਕਰਨ ਵਾਲੀਆਂ ਮਸ਼ੀਨਾਂ ਵੀ ਵੰਡੀਆਂ ਗਈਆਂ। ਅੰਤ ਵਿੱਚ ਡਾ. ਅੰਮਿ੍ਰਤਪਾਲ ਸਿੰਘ ਸੋਢੀ ਵੱਲੋ ਸ਼ੂਗਰ ਰੋਗ ਤੇ ਲਿਖੀ ਗਈ ਕਿਤਾਬ ਵੀ ਰਿਲੀਜ਼ ਕੀਤੀ ਗਈ। ਸਕੂਲ ਦੇ ਪਿ੍ਰੰਸੀਪਲ ਮੈਡਮ ਸਤਵਿੰਦਰ ਕੌਰ ਅਤੇ ਮੈਡਮ ਪਰਮਜੀਤ ਕੌਰ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ।