ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਨੂੰ ਜਾਣ ਦੀ ਪ੍ਰਕਿਰਿਆ ਸੁਖਾਲੀ ਬਣਾਈ ਬਣਾਈ ਜਾਣ ਲਈ ਸਹਿਕਾਰਤਾ ਮੰਤਰੀ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਇਸ ਮਾਮਲੇ ਵਿੱਚ ਦਖਲ ਦੇਣ ਦੀ ਕੀਤੀ ਮੰਗ ਕਿਹਾ ''ਖੁੱਲ੍ਹੇ ਦਰਸ਼ਨ ਦੀਦਾਰ ਦੀ ਤਾਂਘ ਦੇ ਰਾਹ ਵਿੱਚ ਗੁੰਝਲਦਾਰ ਪ੍ਰਕਿਰਿਆ ਬਣ ਰਹੀ ਹੈ ਵੱਡੀ ਰੁਕਾਵਟ''

ਚੰਡੀਗੜ੍ਹ, 19 ਨਵੰਬਰ(ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) :ਪੰਜਾਬ ਦੇ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਕਰਤਾਰਪੁਰ ਦੇ ਦਰਸ਼ਨ ਕਰਨ ਜਾਣ ਵਾਲੇ ਸ਼ਰਧਾਲੂਆਂ ਲਈ ਗੁੰਝਲਦਾਰ ਪ੍ਰਕਿਰਿਆ ਨੂੰ ਖੁੱਲ੍ਹੇ ਦਰਸ਼ਨ ਦੀਦਾਰ ਦੇ ਰਾਹ ਵਿੱਚ ਵੱਡੀ ਰੁਕਾਵਟ ਦੱਸਦਿਆਂ ਭਾਰਤ ਸਰਕਾਰ ਨੂੰ ਇਸ ਦੀ ਸਰਲ ਪ੍ਰਕਿਰਿਆ ਬਣਾਉਣ ਲਈ ਕਿਹਾ ਹੈ।ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਸ.ਰੰਧਾਵਾ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਮਾਮਲੇ ਵਿੱਚ ਨਿੱਜੀ ਦਖਲ ਦੇ ਕੇ ਲਾਂਘੇ ਰਾਹੀਂ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਨ ਜਾਣ ਵਾਲੇ ਸ਼ਰਧਾਲੂਆਂ ਲਈ ਅਪਲਾਈ ਕਰਨ ਦੀ ਪ੍ਰਕਿਰਿਆ ਸਰਲ ਤੇ ਸਪੱਸ਼ਟ ਬਣਾਉਣ ਲਈ ਹਦਾਇਤਾਂ ਕਰਨ। ਪੁਲਿਸ ਪੜਤਾਲ ਅਤੇ ਅਗਾਊਂ ਅਪਲਾਈ ਕਰਨ ਦੀਆਂ ਸ਼ਰਤਾਂ ਵੀ ਖਤਮ ਕੀਤੀਆਂ ਜਾਣ। ਉਨ੍ਹਾਂ ਨਾਲ ਹੀ ਇਹ ਵੀ ਕਿਹਾ ਕਿ ਪਾਸਪੋਰਟ ਦੀ ਸ਼ਰਤ ਖਤਮ ਹੋਣੀ ਚਾਹੀਦੀ ਹੈ, ਇਸ ਲਈ ਭਾਰਤ ਸਰਕਾਰ ਇਹ ਮਾਮਲਾ ਪਾਕਿਸਤਾਨ ਸਰਕਾਰ ਕੋਲ ਉਠਾਵੇ।ਸ. ਰੰਧਾਵਾ ਨੇ ਕਿਹਾ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਪਾਸਪੋਰਟ ਦੀ ਸ਼ਰਤ ਖਤਮ ਕਰਨ ਸਬੰਧੀ ਕੀਤੇ ਟਵੀਟ ਦੀ ਖਬਰ ਨਸ਼ਰ ਹੋਣ ਤੋਂ ਬਾਅਦ ਸ਼ਰਧਾਲੂਆਂ ਲਈ ਇਸ ਸਬੰਧੀ ਹੋਰ ਵੀ ਦੁਵਿਧਾ ਹੋ ਗਈ ਹੈ ਕਿਉਂਕਿ ਜਦੋਂ ਉਹ ਆਨਲਾਈਨ ਫਾਰਮ ਭਰਨ ਲੱਗਦੇ ਹਨ ਤਾਂ ਸਭ ਤੋਂ ਪਹਿਲਾ ਵੇਰਵਾ ਪਾਸਪੋਰਟ ਦਾ ਭਰਨਾ ਪੈਂਦਾ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਇਹ ਅਪੀਲ ਕੀਤੀ ਹੈ ਕਿ ਉਹ ਗ੍ਰਹਿ ਮੰਤਰਾਲੇ ਨੂੰ ਵੈਬਸਾਈਟ ਉਪਰ ਪਾਸਪੋਰਟ ਦੇ ਵੇਰਵੇ ਵਾਲਾ ਕਾਲਮ ਖਤਮ ਕਰਨ ਅਤੇ ਜੇਕਰ ਪਾਸਪੋਰਟ ਦੀ ਸ਼ਰਤ ਅਮਲੀ ਰੂਪ ਵਿੱਚ ਹਾਲੇ ਵੀ ਲਾਗੂ ਹੈ ਤਾਂ ਇਹ ਮਾਮਲਾ ਆਪਣੇ ਪਾਕਿਸਤਾਨੀ ਹਮਰੁਤਬਾ ਕੋਲ ਉਠਾਉਣ ਤਾਂ ਜੋ ਪਾਸਪੋਰਟ ਦੀ ਸ਼ਰਤ ਖਤਮ ਹੋ ਸਕੇ। ਉਨ੍ਹਾਂ ਕਿਹਾ ਕਿ ਬਹੁਤੇ ਸ਼ਰਧਾਲੂ ਵੱਡੀ ਉਮਰ ਦੇ ਹਨ ਜਿਨ੍ਹਾਂ ਨੇ ਆਪਣੇ ਪਾਸਪੋਰਟ ਨਹੀਂ ਬਣਾਏ ਹੋਏ ਅਤੇ ਹੁਣ ਉਨ੍ਹਾਂ ਦੇ ਖੁੱਲ੍ਹੇ ਦਰਸ਼ਨ ਦੀਦਾਰ ਦੇ ਰਾਹ ਵਿੱਚ ਪਾਸਪੋਰਟ ਵੱਡੀ ਦਿੱਕਤ ਬਣ ਰਿਹਾ ਹੈ।ਸਹਿਕਾਰਤਾ ਮੰਤਰੀ ਨੇ ਕਿਹਾ ਕਿ ਗ੍ਰਹਿ ਮੰਤਰਾਲੇ ਵੱਲੋਂ ਕਰਤਾਰਪੁਰ ਜਾ ਕੇ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਨ ਲਈ ਅਪਲਾਈ ਕਰਨ ਵਾਲੇ ਸ਼ਰਧਾਲੂਆਂ ਲਈ ਪੜਤਾਲ ਆਦਿ ਦੀਆਂ ਬੇਲੋੜੀਆਂ ਰੋਕਾਂ ਲਗਾਈਆਂ ਗਈਆਂ ਹਨ ਜਦੋਂ ਕਿ ਵਾਹਗਾ ਰਾਸਤਾ ਪਾਕਿਸਤਾਨ ਜਾਣ ਵਾਲੇ ਭਾਰਤੀਆਂ ਅਤੇ ਹੋਰਨਾਂ ਮੁਲਕਾਂ ਵਿੱਚ ਜਾਣ ਵਾਲੇ ਭਾਰਤੀਆਂ ਲਈ ਇਹੋ ਜਿਹੀ ਕੋਈ ਸ਼ਰਤ ਜਾਂ ਨਿਯਮ ਨਹੀਂ ਹੈ। ਉਨ੍ਹਾਂ ਕਿਹਾ ਕਿ ਲਾਂਘੇ ਰਾਹੀਂ ਦਰਸ਼ਨ ਕਰਨ ਜਾਣ ਵਾਲੇ ਸ਼ਰਧਾਲੂਆਂ ਵਿੱਚ ਬਹੁਤ ਉਤਸੁਕਤਾ ਹੈ ਪ੍ਰੰਤੂ ਗੁੰਝਲਦਾਰ ਪ੍ਰਕਿਰਿਆ ਉਨ੍ਹਾਂ ਦੀ ਤਾਂਘ ਦੇ ਰਾਹ ਵਿੱਚ ਵੱਡੀ ਰੁਕਾਵਟ ਬਣ ਰਹੀ ਹੈ ਜਿਸ ਨੂੰ ਭਾਰਤ ਸਰਕਾਰ ਨੂੰ ਖਤਮ ਕਰਨਾ ਚਾਹੀਦਾ ਹੈ।